ਸ਼ਹਿਰ ਦੀਆਂ ਲਿੰਕ ਸੜਕਾਂ ਦੀ ਹਾਲਤ ਤਰਸਯੋਗ ਬਣੀ
ਪਟਿਆਲਾ 25 ਸਤੰਬਰ (ਕੰਵਰ ਬੇਦੀ/ਮਧੂਸਾਰ ਬਿਊਰੋ) ਕੈਪਟਨ ਦੀ ਅਗਵਾਈ ਵਾਲੀ ਸਰਕਾਰ ਦੇ ਸੱਤਾ ‘ਚ ਆਉਣ ਤੋਂ ਬਾਦ ਸ਼ਹਿਰ ਦੀਆਂ ਮੁੱਖ ਮਾਰਗੀ ਸੜਕਾਂ ਨੂੰ ਬਣਾ ਕੇ ਸ਼ਹਿਰ ਦੇ ਲੋਕਾਂ ਅੱਗੇ ਵਿਕਾਸ ਦੀ ਮੂੰਹ ਬੋਲਦੀ ਤਸਵੀਰ ਪੇਸ਼ ਕੀਤੀ ਜਾ ਰਹੀ ਹੈ, ਪਰ ਸ਼ਹਿਰ ਦੀਆਂ ਲਿੰਕ ਸੜਕਾਂ ਦੀ ਹਾਲਤ ਬੇਹੱਦ ਤਰਸਯੋਗ ਬਣੀ ਹੋਈ ਹੈ, ਜਿਸ ਦੀ ਮਿਸਾਲ ਮਹਿੰਦਰਾ ਕਾਲਜ ਨੇੜੇ ਪੀਡਬਲਯੂਡੀ ਕੁਆਟਰਾਂ ਕੋਲੋਂ ਲੰਘਦੀ ਸੜਕ ਤੋਂ ਲਈ ਜਾ ਸਕਦੀ ਹੈ। ਸੜਕਾਂ ਦੀ ਸਹੀ ਸਮੇਂ ‘ਤੇ ਮੁਰੰਮਤ ਨਾ ਹੋਣ ਕਾਰਨ ਸੜਕ ‘ਤੇ ਡੂੰਘੇ ਟੋਏ ਪੈ ਚੁੱਕੇ ਹਨ, ਜਿਸ ਕਾਰਨ ਅਕਸਰ ਹਾਦਸੇ ਵਾਪਰ ਰਹੇ ਹਨ।
ਸੜਕ ਦੀ ਖਸਤਾ ਹਾਲਤ ਨੂੰ ਸੁਧਾਰਨ ਦੀ ਮੰਗ ਕਰਦਿਆਂ ਗੌਰਮਿੰਟ ਕੁਆਟਰਜ਼ ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਬਿਕਰਮਜੀਤ ਸਿੰਘ ਨੇ ਕਿਹਾ ਕਿ ਨਿਗਮ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਨੂੰ ਸੜਕ ਦੀ ਹਾਲਤ ਸੁਧਾਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੜਕ ‘ਚ ਡੂੰਘੇ ਟੋਏ ਪੈ ਚੁੱਕੇ ਹਨ, ਜਿਸ ਕਾਰਨ ਨਿੱਤ ਹਾਦਸੇ ਵੀ ਵਾਪਰ ਰਹੇ ਹਨ। ਬਿਕਰਮਜੀਤ ਨੇ ਕਿਹਾ ਕਿ ਲਗਾਤਾਰ ਮੀਂਹ ਪੈਣ ਕਾਰਨ ਡੂੰਘੇ ਟੋਇਆਂ ਵਿਚ ਪਾਣੀ ਜਮਾਂ ਹੋ ਗਿਆ ਹੈ, ਜਿਸ ਕਾਰਨ ਸੜਕ ਟੁੱਟਣ ਲੱਗ ਪਈ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਇਸ ਸੜਕ ਤੋਂ ਲੰਘਣ ਵਾਲੇ ਬੇਹੱਦ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ। ਬਿਕਰਮਜੀਤ ਨੇ ਮੰਗ ਕੀਤੀ ਪ੍ਰਸ਼ਾਸਨ ਨੂੰ ਚਾਹੀਦਾ ਸੜਕ ਦੀ ਮੁਰੰਮਤ ਕਰਕੇ ਤਰਸਯੋਗ ਹਾਲਤ ਨੂੰ ਠੀਕ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਮੁਸ਼ਕਲ ਤੋਂ ਨਿਜ਼ਾਤ ਮਿਲ ਸਕੇ।

