ਪੰਜਾਬ

ਕੈਪਟਨ ਸਰਕਾਰ ਨੇ ਲੋਕ ਭਲਾਈ ਸਕੀਮਾਂ ਰਾਹੀਂ ਪੰਜਾਬ ਦੇ ਲੋੜਵੰਦਾਂ ਦੀ ਫੜੀ ਬਾਂਹ-ਰਜ਼ੀਆ ਸੁਲਤਾਨਾ

ਪਟਿਆਲਾ, 2 ਅਕਤੂਬਰ (ਕੰਵਰ ਬੇਦੀ/ਮਧੂਸਾਰ ਬਿਊਰੋ) ਪੰਜਾਬ ਦੀ ਉਚੇਰੀ ਸਿੱਖਿਆ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਅਨੇਕਾਂ ਲੋਕ ਭਲਾਈ ਸਕੀਮਾਂ ਸ਼ੁਰੂ ਕਰਕੇ ਸੂਬੇ ਦੇ ਲੋੜਵੰਦ ਲੋਕਾਂ ਦੀ ਬਾਂਹ ਫੜੀ ਹੈ।

ਸ੍ਰੀਮਤੀ ਸੁਲਤਾਨਾ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ 149ਵੀਂ ਜਨਮ ਵਰ੍ਹੇਗੰਢ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬ ਡਵੀਜਨ ਪਟਿਆਲਾ ਤੇ ਦੂਧਨ ਸਾਧਾਂ ਲਈ ਲਗਾਏ ਗਏ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਮੈਗਾ ਕੈਂਪਾਂ ਦਾ ਉਦਘਾਟਨ ਕਰਨ ਪੁੱਜੇ ਹੋਏ ਸਨ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਵੀ ਉਨ੍ਹਾਂ ਦੇ ਨਾਲ ਸਨ।
ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਯਾਦ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਮਹਾਤਮਾ ਗਾਂਧੀ ਵੱਲੋਂ ਦਰਸਾਏ ਅਹਿੰਸਾ ਦੇ ਰਾਹ ‘ਤੇ ਚਲਦਿਆਂ ਸੂਬੇ ਦੀ ਤਰੱਕੀ ‘ਚ ਆਪਣਾ ਯੋਗਦਾਨ ਪਾਉਣ।
ਸ੍ਰੀਮਤੀ ਸੁਲਤਾਨਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਕੇਵਲ ਡੇਢ ਸਾਲਾਂ ਦੇ ਅਰਸੇ ‘ਚ ਹੀ ਅਹਿਮ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਸਰਕਾਰ ਦੀ ਕਿਸਾਨਾਂ ਤੇ ਮਜ਼ਦੂਰਾਂ ਦੀ ਕਰਜਾ ਮੁਕਤੀ, ਘਰ-ਘਰ ਰੋਜ਼ਗਾਰ ਅਤੇ ਮਿਸ਼ਨ ਤੰਦਰੁਸਤ ਪੰਜਾਬ ਜਿਹੀਆਂ ਫਲੈਗਸ਼ਿਪ ਸਕੀਮਾਂ ਬਾਬਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਸਕੀਮਾਂ ਦਾ ਲਾਭ ਹੇਠਲੇ ਪੱਧਰ ‘ਤੇ ਪਹੁੰਚਿਆ ਹੈ।
ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੈਂਪਾਂ ਦੀ ਸਫ਼ਲਤਾ ਲਈ ਵਧਾਈ ਅਤੇ ਲੋਕਾਂ ਨੂੰ ਮਹਾਤਮਾਂ ਗਾਂਧੀ ਸਮੇਤ ਆਉਂਦੇ ਦਿਨਾਂ ‘ਚ ਆਉਣ ਵਾਲੇ ਤਿਉਹਾਰਾਂ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਲੋੜਵੰਦਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਇੱਕ ਛੱਤ ਹੇਠਾਂ ਦੇਣ ਲਈ ਮੈਗਾ ਕੈਂਪ ਲਗਾਤਾਰ ਲਗਾਉਣ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇੱਕ ਸ਼ਲਾਘਾਯੋਗ ਫੈਸਲਾ ਹੈ। ਉਨ੍ਹਾਂ ਕਿਹਾ ਕਿ ਹਰ ਤਿੰਨ ਮਹੀਨੇ ਬਾਅਦ ਅਜਿਹੇ ਕੈਂਪ ਲਗਾÂ ਜਾਣਗੇ।
ਪਟਿਆਲਾ ਵਿਖੇ ਲੱਗੇ ਇਸ ਕੈਂਪ ਦੌਰਾਨ 17 ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਕਾਊਂਟਰ ਲਗਾ ਕੇ ਲੋੜਵੰਦਾਂ ਦੇ ਫਾਰਮ ਭਰੇ ਗਏ ਅਤੇ ਹਜ਼ਾਰਾਂ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਦੇ ਲਾਭ ਮੌਕੇ ‘ਤੇ ਹੀ ਪ੍ਰਦਾਨ ਕੀਤੇ ਗਏ। ਇਸ ਦੌਰਾਨ ਸ੍ਰੀਮਤੀ ਰਜ਼ੀਆ ਸੁਲਤਾਨਾ ਅਤੇ ਸ੍ਰੀਮਤੀ ਪਰਨੀਤ ਕੌਰ ਨੇ ਘਰ-ਘਰ ਰੋਜ਼ਗਾਰ ਤਹਿਤ ਆਈ.ਟੀ.ਆਈ. ਕਰ ਚੁੱਕੇ 200 ਦੇ ਕਰੀਬ ਹੁਨਰਮੰਦ ਨੌਜਵਾਨਾਂ ਨੂੰ ਵੈਲਡਿੰਗ ਸੈਟ, ਸਿਲਾਈ ਕਟਾਈ ਲਈ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਤੇ ਹੋਰ ਸਮਾਨ ਸਮੇਤ ਲੋੜਵੰਦਾਂ ਨੂੰ ਪੈਨਸ਼ਨਾਂ ਅਤੇ ਹੋਰ ਸਰਕਾਰੀ ਸਕੀਮਾਂ ਦੇ ਸਰਟੀਫਿਕੇਟ ਵੀ ਮੌਕੇ ‘ਤੇ ਵੰਡੇ।
ਇਸ ਤੋਂ ਪਹਿਲਾਂ ਡਵੀਜਨਲ ਕਮਿਸ਼ਨਰ ਪਟਿਆਲਾ ਸ. ਦੀਪਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਸਬ ਡਵੀਜਨਾਂ ਰਾਜਪੁਰਾ, ਨਾਭਾ, ਸਮਾਣਾ, ਪਾਤੜਾਂ ਵਿਖੇ ਅੱਜ ਲੱਗੇ ਇਨ੍ਹਾਂ ਕੈਂਪਾਂ ‘ਚ ਜ਼ਿਲ੍ਹੇ ਦੇ 10 ਹਜ਼ਾਰ ਦੇ ਕਰੀਬ ਲੋਕਾਂ ਨੇ ਸ਼ਿਰਕਤ ਕੀਤੀ ਹੈ ਅਤੇ ਸਰਕਾਰੀ ਸਕੀਮਾਂ ਦਾ ਲਾਭ ਉਠਾਇਆ ਹੈ। ਉਨ੍ਹਾਂ ਦੱਸਿਆ ਕਿ ਇਹ ਇਨ੍ਹਾਂ ਕੈਂਪਾਂ ਦਾ ਤੀਜਾ ਗੇੜ ਸੀ, ਜਿਸ ਦੌਰਾਨ ਸਰਕਾਰੀ ਸਕੀਮਾਂ ਦਾ ਅਜੇ ਵੀ ਲਾਭ ਲੈਣ ਤੋਂ ਵਾਂਝੇ ਰਹਿ ਗਏ ਲੋਕਾਂ ਤੱਕ ਸਰਕਾਰ ਨੇ ਸਿੱਧੀ ਪਹੁੰਚ ਕੀਤੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਅੱਜ ਸਵੇਰੇ ਜ਼ਿਲ੍ਹੇ ਭਰ ‘ਚ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਸਮੇਤ ਨਹਿਰੂ ਯੁਵਾ ਕੇਂਦਰ ਤੇ ਯੁਵਕ ਸੇਵਾਵਾਂ ਵਿਭਾਗ ਦੇ ਵਲੰਟੀਅਰਾਂ ਨੇ ਸ਼ਾਂਤੀ ਮਾਰਚ ਕੱਢ ਕੇ ਮਹਾਤਮਾ ਗਾਂਧੀ ਜੀ ਵੱਲੋਂ ਦਿੱਤੇ ਅਹਿੰਸਾ ਅਤੇ ਸ਼ਾਂਤੀ ਦੇ ਸੰਦੇਸ਼ ਨੂੰ ਆਮ ਲੋਕਾਂ ਤੱਕ ਪਹੁੰਚਾਇਆ ਹੈ। ਉਨ੍ਹਾਂ ਹੋਰ ਦਸਿਆ ਕਿ ਅੱਜ ਲਗਾਏ ਗਏ ਇਨ੍ਹਾਂ ਕੈਂਪਾਂ ‘ਚ ਕਰਜੇ ਦੀ ਮਾਰ ਹੇਠ ਆਉਂਦੇ ਕਿਸਾਨ, ਏਡਜ, ਕੈਂਸਰ ਆਦਿ ਭਿਆਨਕ ਬਿਮਾਰੀਆਂ ਤੋਂ ਪੀੜਤ ਪਰਿਵਾਰ, ਆਪਣਾ ਕਮਾਊ ਮੈਂਬਰ ਗਵਾਉਣ ਵਾਲੇ ਔਰਤ ਮੁਖੀ ਵਾਲੇ ਪਰਿਵਾਰ ਤੇ ਜੰਗ ‘ਚ ਜਾਨਾਂ ਗਵਾ ਚੁੱਕੇ ਸੈਨਿਕਾਂ ਦੇ ਪਰਿਵਾਰਾਂ ਨੂੰ ਖਾਸ ਤਵੱਜੋ ਦਿੱਤੀ ਗਈ ਅਤੇ ਘਰਹੀਣ ਪਰਿਵਾਰ ਤੇ ਸਕੂਲਾਂ ਤੋਂ ਵਿਰਵੇ ਤੇ ਕੁਪੋਸ਼ਣ ਦੇ ਸ਼ਿਕਾਰ ਬੱਚਿਆਂ ਨੂੰ ਵੀ ਲਾਭ ਦਿੱਤਾ ਗਿਆ।
ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਮੁੱਖ ਮੰਤਰੀ ਦੇ ਓ.ਐਸ.ਡੀ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਸ੍ਰੀ ਬਲਵਿੰਦਰ ਅੱਤਰੀ, ਸ੍ਰੀ ਅਸ਼ਵਨੀ ਬੱਤਾ, ਕੌਂਸਲਰ ਸੰਦੀਪ ਮਲਹੋਤਰਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸ਼ੌਕਤ ਅਮਿਹਦ ਪਰੈ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਪੂਨਮਦੀਪ ਕੌਰ, ਐਸ.ਡੀ.ਐਮ. ਅਨਮੋਲ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਸ੍ਰੀ ਨਮਨ ਮੜਕਨ, ਐਸ.ਬੀ.ਆਈ. ਦੇ ਏ.ਜੀ.ਐਮ. ਵਿਨੋਦ ਅਰੋੜਾ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ, ਕਰਮਚਾਰੀ ਅਤੇ ਸਬ ਡਵੀਜਨ ਦੂੱਧਨ ਸਾਧਾਂ ਤੇ ਪਟਿਆਲਾ ਦੇ ਲਾਭਪਾਤਰੀ ਮੌਜੂਦ ਸਨ।
ਇਸ ਮੈਗਾ ਕੈਂਪ ‘ਚ ਸਿਹਤ ਤੇ ਪਰਿਵਾਰ ਭਲਾਈ, ਜ਼ਿਲ੍ਹਾ ਕਾਨੂੰਨੀ ਸੇਵਾਵਾਂ, ਰੋਜ਼ਗਾਰ ਜੈਨਰੇਸ਼ਨ ਵਿਭਾਗ, ਉਦਯੋਗ, ਖੁਰਾਕ ਤੇ ਸਿਵਲ ਸਪਲਾਈ, ਭਲਾਈ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ, ਪੇਂਡੂ ਵਿਕਾਸ ਤੇ ਪੰਚਾਇਤ, ਸਮਾਜਿਕ ਸੁਰੱਖਿਆ ਤੇ ਔਰਤਾਂ ਤੇ ਬੱਚਿਆਂ ਦੀ ਭਲਾਈ, ਕਿਰਤ ਵਿਭਾਗ, ਪੰਜਾਬ ਰਾਜ ਬਿਜਲੀ ਨਿਗਮ, ਸਟੇਟ ਬੈਂਕ ਆਫ਼ ਇੰਡੀਆ ਲੀਡ ਬੈਂਕ, ਸਹਿਕਾਰਤਾ, ਖੇਤੀਬਾੜੀ, ਜੰਗਲਾਤ ਅਤੇ ਸਿੱਖਿਆ ਵਿਭਾਗ ਨੇ ਆਪਣੇ ਕਾਂਊਂਟਰ ਲਗਾਏ ਅਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਦੇ ਲਾਭ ਪ੍ਰਦਾਨ ਕੀਤੇ।

Leave a Reply

Your email address will not be published. Required fields are marked *