ਗਾਂਧੀ ਜੀ ਦੇ ਦਰਸਾਏ ਸ਼ਾਂਤੀ ਅਤੇ ਅਹਿੰਸਾ ਦੇ ਮਾਰਗ ‘ਤੇ ਚੱਲਕੇ ਵੱਡੀ ਤੋਂ ਵੱਡੀ ਸਫਲਤਾ ਪ੍ਰਾਪਤ ਕੀਤਾ ਜਾ ਸਕਦੀ ਹੈ – ਕੇ.ਕੇ. ਸ਼ਰਮਾ
ਵੱਡੀ ਗਿਣਤੀ ਪਟਿਆਲਾ ਵਾਸੀਆਂ ਨੇ ਮਿੰਨੀ ਮੈਰਾਥਨ ਵਿੱਚ ਲਿਆ ਹਿੱਸਾ
ਪਟਿਆਲਾ, 2 ਅਕਤੂਬਰ (ਮਧੂਸਾਰ ਬਿਊਰੋ) ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ 149ਵੇਂ ਜਨਮ ਦਿਨ ਮੌਕੇ ਜ਼ਿਲ੍ਹਾ ਪ੍ਰਸ਼ਾਸਨ, ਖੇਡ ਵਿਭਾਗ ਅਤੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਿੰਨੀ ਮੈਰਾਥਨ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਪਟਿਆਲਾ ਵਾਸੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ਼੍ਰੀ ਕੇ.ਕੇ ਸ਼ਰਮਾ ਨੇ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਂਡ) ਤੋਂ ਹਰੀ ਝੰਡੀ ਦੇਕੇ ਮਿੰਨੀ ਮੈਰਾਥਨ ਦੌੜ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ਼੍ਰੀ ਕੇ.ਕੇ. ਸ਼ਰਮਾ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ 149ਵੇਂ ਜਨਮ ਦਿਨ ਦੀਆਂ ਮੁਬਾਰਕ ਦਿੰਦੇ ਹੋਏ ਉਨ੍ਹਾਂ ਵੱਲੋਂ ਦਰਸਾਏ ਸ਼ਾਂਤੀ, ਅਹਿੰਸਾ ਦੇ ਮਾਰਗ ‘ਤੇ ਚੱਲਣ ਦਾ ਸੁਨੇਹਾ ਦਿੰਦਿਆ ਕਿਹਾ ਕਿ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਕੇ ਵੱਡੀ ਤੋਂ ਵੱਡੀ ਸਫਲਤਾ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮਿਸ਼ਨ ਤੰਦਰੁਸਤ ਪੰਜਾਬ ਦੀ ਸ਼ੁਰੂਆਤ ਕੀਤੀ ਹੈ ਇਸ ਤਹਿਤ ਅੱਜ ਪਟਿਆਲਾ ਵਿਖੇ ਮਿੰਨੀ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ ਹੈ ਉਨ੍ਹਾਂ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਨੂੰ ਵਧਾਈ ਦਿੰਦਿਆ ਤੰਦਰੁਸਤ ਸਿਹਤ ਲਈ ਅਜਿਹੇ ਹੋਰ ਉਪਰਾਲੇ ਕਰਨ ਲਈ ਕਿਹਾ।
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਹਰਪ੍ਰੀਤ ਸਿੰਘ ਹੁੰਦਲ ਨੇ ਦੱਸਿਆ ਕਿ ਇਸ ਮਿੰਨੀ ਮੈਰਾਥਨ ਦੌੜ ਵਿੱਚ ਕਰੀਬ ਦੋ ਹਜ਼ਾਰ ਪਟਿਆਲਾ ਵਾਸੀਆਂ ਅਤੇ ਖਿਡਾਰੀਆਂ ਨੇ ਹਿੱਸਾ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਿੰਨੀ ਮੈਰਾਥਨ ਵਿੱਚ ਲੜਕਿਆਂ ਦੇ ਵਰਗ ਵਿੱਚ ਪਹਿਲਾ ਸਥਾਨ ਵਿਵੇਕ ਕੁਮਾਰ, ਦੂਸਰਾ ਰਾਜ ਕੁਮਾਰ ਅਤੇ ਤੀਸਰਾ ਸਥਾਨ ਨਵਦੀਪ ਸਿੰਘ ਨੇ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲੜਕੀਆਂ ਦੇ ਵਰਗ ਵਿੱਚ ਪਹਿਲਾ ਸਥਾਨ ਬਲਜੀਤ ਕੌਰ, ਦੂਸਰਾ ਸਥਾਨ ਅਕ੍ਰੀਤੀ ਅਤੇ ਤੀਸਰਾ ਸਥਾਨ ਮਨਮੀਤ ਕੌਰ ਨੇ ਪ੍ਰਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜੇਤੂ ਖਿਡਾਰੀਆਂ ਨੂੰ ਖੇਡ ਵਿਭਾਗ ਪਟਿਆਲਾ ਵੱਲੋਂ ਮੈਡਲ ਅਤੇ ਟਰੈਕ ਸੂਟ ਪ੍ਰਦਾਨ ਕੀਤੇ ਗਏ ਹਨ।
ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਡ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਅੰਡਰ 14, ਅੰਡਰ 18 ਅਤੇ ਅੰਡਰ 25 ਦੇ ਮੁਕਾਬਲੇ ਇਸ ਮਹੀਨੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਖਿਡਾਰੀ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣਾ ਚਾਹੁੰਦੇ ਹਨ ਉਹ ਆਪਣੀ ਆਨ-ਲਾਈਨ ਰਜਿਸਟਰੇਸ਼ਨ ਜ਼ਿਲ੍ਹਾ ਖੇਡ ਅਫ਼ਸਰ ਦੀ ਈ-ਮੇਲ tournamentptl0gmail.com ‘ਤੇ ਪਹਿਲਾਂ ਕਰਵਾਉਣ। ਉਨ੍ਹਾਂ ਦੱਸਿਆ ਕਿ ਰਜਿਸਟਰੇਸ਼ਨ ਸਮੇਂ ਆਪਣਾ ਨਾਮ, ਜਨਮ ਮਿਤੀ, ਕੈਟਾਗਰੀ, ਪੱਕਾ ਪਤਾ ਅਤੇ ਫ਼ੋਨ ਨੰਬਰ ਦਰਜ਼ ਕੀਤਾ ਜਾਵੇ। ਇਸ ਮੌਕੇ ਖੇਡ ਵਿਭਾਗ ਦੇ ਕੋਚ ਅਤੇ ਵੱਡੀ ਗਿਣਤੀ ਪਤਵੰਤੇ ਹਾਜ਼ਰ ਸਨ।

