ਜ਼ਿਲ੍ਹੇ ਦੀਆਂ ਮੰਡੀਆਂ ‘ਚ 91160 ਮੀਟ੍ਰਿਕ ਟਨ ਝੋਨੇ ਦੀ ਆਮਦ-ਕੁਮਾਰ ਅਮਿਤ
ਪਟਿਆਲਾ, 10 ਅਕਤੂਬਰ (ਮਧੂਸਾਰ ਬਿਊਰੋ) ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 101 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 73 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ ਤੇ 68 ਖਰੀਦ ਕੇਂਦਰਾਂ ਵਿਖੇ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਅੱਜ ਤੱਕ ਮੰਡੀਆਂ ‘ਚ 91160 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 86307 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 19560 ਮੀਟਰਿਕ ਟਨ ਝੋਨਾ ਆਇਆ ਜਿਸ ਵਿੱਚ 20075 ਦੀ ਖਰੀਦ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 19718 ਮੀਟਰਿਕ ਟਨ, ਮਾਰਕਫੈਡ ਵੱਲੋਂ 15656 ਮੀਟਰਿਕ ਟਨ, ਪਨਸਪ ਵੱਲੋਂ 28866 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 8550, ਪੰਜਾਬ ਐਗਰੋ ਵੱਲੋਂ 13240 ਅਤੇ ਐਫ.ਸੀ.ਆਈ. ਵੱਲੋਂ 277 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ ਹਾਲੇ ਤੱਕ ਖਰੀਦ ਸ਼ੁਰੂ ਨਹੀਂ ਕੀਤੀ ਗਈ।
ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਅਜਿਹਾ ਕਰਨਾ ਜਿਥੇ ਗੈਰ ਕਾਨੂੰਨੀ ਹੈ ਉਥੇ ਹੀ ਇਸ ਦਾ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਹੀ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਧਰਤੀ ਵਿਚਲੇ ਕਿਸਾਨ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਸਬਸਿਡੀ ‘ਤੇ ਦਿੱਤੀ ਜਾਂਦੀ ਆਧੁਨਿਕ ਖੇਤੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ।
