ਦੇਸ਼-ਵਿਦੇਸ਼ਪੰਜਾਬ

ਗਿਆਨੀ ਗੁਰਬਚਨ ਸਿੰਘ ਨੇ ਪ੍ਰਗਟਾਈ ਅਸਮਰੱਥਾ, ਦਿੱਤਾ ਅਸਤੀਫ਼ਾ

ਅੰਮ੍ਰਿਤਸਰ 18 ਅਕਤੂਬਰ (ਸੁਖਬੀਰ ਸਿੰਘ/ਮਧੂਸਾਰ ਬਿਊਰੋ) ਲੰਮੇ ਸਮੇਂ ਤੋਂ ਵਿਵਾਦਾਂ ‘ਚ ਚਲੇ ਆ ਰਹੇ ਗਿਆਨੀ ਗੁਰਬਚਨ ਸਿੰਘ ਨੇ ਆਖਿਰ ਅਸਮਰਥਾ ਪ੍ਰਗਟ ਕਰਦਿਆਂ ਅਸਤੀਫੇ ਦੀ ਪੇਸ਼ਕਸ਼ ਦਿੱਤੀ ਹੈ। ਗਿਆਨੀ ਗੁਰਬਚਨ ਸਿੰਘ ਨੇ ਅਹੁਦਾ ਛੱਡਣ ਲਈ ਸਿਹਤਯਾਬ ਨਾ ਹੋਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਦੀਆਂ ਕੁਝ ਦਿੱਕਤਾਂ ਮੈਨੂੰ ਇਸ ਗੱਲ ਦਾ ਅਹਿਸਾਸ ਕਰਵਾ ਰਹੀਆਂ ਹਨ ਕਿ ਬਹੁਤ ਹੀ ਜਿੰਮੇਵਾਰੀ ਵਾਲੀ ਸੇਵਾ ਨਿਭਾਉਣ ਤੋਂ ਦਾਸ ਅਸਮਰੱਥ ਹੈ। ਖਾਲਸਾ ਪੰਥ, ਸ਼੍ਰੋਮਣੀ ਗੁ: ਪ੍ਰ: ਕਮੇਟੀ ਦੇ ਪ੍ਰਧਾਨ ਸਾਹਿਬ ਅਤੇ ਸਮੂਚੇ ਅਗਜ਼ੈਕਟੀਵ ਨੂੰ ਇਸ ਅਹਿਮ ਪੱਦਵੀ ਤੇ ਯੋਗ ਵਿਅਕਤੀ ਨੂੰ ਨਿਯਤ ਕਰਦਿਆਂ ਦਾਸ ਨੂੰ ਸੇਵਾ ਮੁਕਤ ਕਰ ਦਿੱਤਾ ਜਾਵੇ।

ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਬੋਲਦਿਆਂ ਕਿਹਾ ਕਿ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਸਮੂਚੇ ਖਾਲਸਾ ਪੰਥ ਨੂੰ ਬਖਸ਼ੇ ਸਿਰਮੋਰ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸੇਵਾ ਸ਼੍ਰੋਮਣੀ ਗੁ: ਪ੍ਰ: ਕਮੇਟੀ, ਸਮੁੱਚੀਆਂ ਧਾਰਮਿਕ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸਮੁੱਚੀ ਸਾਧਸੰਗਤ ਦੇ ਸਹਿਯੋਗ ਨਾਲ ਦਾਸ ਨੂੰ ਲਗਾਤਾਰ 10 ਸਾਲ ਤੋਂ ਇਸ ਮਹਾਨ ਤਖ਼ਤ ਦਾ ਕੂਕਰ ਬਣ ਕੇ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਦਾਸ ਰੋਮ-ਰੋਮ ਕਰਕੇ ਸਮੁੱਚੇ ਖਾਲਸਾ ਪੰਥ ਦਾ ਰਿਣੀ ਹੈ ਜਿਸ ਨੇ ਸਮੇਂ-ਸਮੇਂ ਸਿਰ ਪੰਥ ਵਿਚ ਆਈਆਂ ਦਰਪੇਸ਼ ਮੁਸ਼ਕਲਾਂ ਨੂੰ ਹੱਲ ਕਰਨ ਲਈ ਦਾਸ ਨੂੰ ਸਹਿਯੋਗ ਬਖਸ਼ਿਆ।
ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸਮੁੱਚੇ ਖਾਲਸਾ ਪੰਥ ਨੇ ਏਕਤਾ ਦਾ ਸਬੂਤ ਦਿੰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਰਹਿਨੁਮਾਈ ਹੇਠ ਪੰਥ ਦੇ ਮਹਾਨ ਕੌਮੀ ਜੂਝਾਰੂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੇ ਤਖਤੇ ਤੋਂ ਬਚਾਉਣ ਲਈ ਸੰਘਰਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਸੇ ਵਾਲੇ ਅਖੌਤੀ ਅਸਾਧ ਦੇ ਸਬੰਧੀ ਲਏ ਗਏ ਫੈਸਲੇ ਪ੍ਰਤੀ ਕਿੰਤੂ-ਪ੍ਰੰਤੂ ਵੀ ਹੋਇਆ। ਖਾਲਸਾ ਪੰਥ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਸਿੰਘ ਸਾਹਿਬਾਨਾਂ ਦੀ ਰਾਏ ਨਾਲ ਦਿੱਤਾ ਫੈਸਲਾ ਵਾਪਸ ਲੈ ਲਿਆ ਗਿਆ।ਦਾਸ ਹਮੇਸ਼ਾ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਸਮਰਪਿੱਤ ਹੈ ਅਤੇ ਅੰਤਮ ਸੁਵਾਸਾਂ ਤੱਕ ਰਹੇਗਾ।ਗੁਰਬਾਣੀ ਦਾ ਫੁਰਮਾਨ ਹੈ ਉਭੁਲਣ ਵਿਚਿ ਕੀਆ ਸਭੁ ਕੋਈ ਕਰਤਾ ਆਪਿ ਨ ਭੁਲੈ £” ਦੇ ਅਨੁਸਾਰ ਜੀਵ ਭੁਲਣਹਾਰ ਹੈ, ਆਪਣੇ ਸੇਵਾ ਕਾਲ ਦੋਰਾਨ ਜਾਣੇ-ਅਣਜਾਨੇ ਵਿਚ ਹੋਈਆਂ ਭੁੱਲਾਂ ਆਪਣੀ ਝੋਲੀ ਪਾਉਂਦਾ ਹੋਇਆ ਦਾਸ ਸਮੂਚੇ ਖਾਲਸਾ ਪੰਥ ਕੋਲੋਂ ਖਿਮ੍ਹਾਂ ਯਾਚਨਾ ਕਰਦਾ ਹਾਂ।

Leave a Reply

Your email address will not be published. Required fields are marked *