ਪਟਿਆਲਾ

ਕਿਸਾਨਾਂ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ : ਮੋਹੀ

ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕੈਂਪ ਵਿੱਚ ਦਿੱਤੀ ਜਾਣਕਾਰੀ
ਪਟਿਆਲਾ, 14 ਨਵੰਬਰ (ਮਧੂਸਾਰ ਬਿਊਰੋ) 65ਵੇਂ ਸਰਬਭਾਰਤੀ ਸਹਿਕਾਰੀ ਸਪਤਾਹ ਦੇ ਪਹਿਲੇ ਦਿਨ ਅੱਜ ਸਹਿਕਾਰੀ ਸਭਾਵਾਂ ਨਾਭਾ ਅਧੀਨ ਪੈਂਦੇ ਮੰਡੋੜ ਬਹੁਮੰਤਵੀ ਸਹਿਕਾਰੀ ਸਭਾ ਲਿਮ: ਵਿਖੇ ਭਾਰਤੀ ਸਹਿਕਾਰਤਾ ਦਿਵਸ ਮਨਾਇਆ ਗਿਆ।

ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸਮਾਣਾ ਸ਼੍ਰੀ ਸਰਬੇਸ਼ਵਰ ਸਿੰਘ ਮੋਹੀ ਨੇ ਕਿਸਾਨਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ ਅਤੇ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਵਰਤੀ ਜਾਂਦੀ ਮਸ਼ੀਨਰੀ ‘ਤੇ ਦਿੱਤੀ ਜਾਂਦੀ ਸਬਸਿਡੀ ਬਾਰੇ ਜਾਣਕਾਰੀ ਦਿੰਦਿਆ ਇਸ ਮਸ਼ੀਨਰੀ ਦੀ ਵਰਤੋਂ ਕਰਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਰਲਕੇ ਹੰਭਲਾ ਮਾਰਨ ਲਈ ਕਿਹਾ।
ਸਹਾਇਕ ਰਜਿਸਟਰਾਰ ਨੇ ਕੈਂਪ ਵਿੱਚ ਹਾਜ਼ਰ ਸਭਾਵਾਂ ਦੇ ਸਕੱਤਰ, ਪ੍ਰਬੰਧਕ ਕਮੇਟੀ ਮੈਂਬਰ ਅਤੇ ਸਭਾਵਾਂ ਦੇ ਮੈਂਬਰਾਂ ਨੂੰ ਕਿਹਾ ਕਿ ਉਹ ਆਮ ਲੋਕਾਂ ਵਿੱਚ ਸਹਿਕਾਰੀ ਸਭਾਵਾਂ ਦੁਆਰਾ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਅਤੇ ਸਭਾਵਾਂ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜਨ। ਇਸ ਮੌਕੇ ਖੇਤੀ ਮਾਹਰਾਂ ਵੱਲੋਂ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਕੀਤੀਆਂ ਸਿਫ਼ਾਰਸ਼ਾਂ ਅਨੁਸਾਰ ਬੀਜ, ਖਾਦ, ਦਵਾਈਆਂ ਆਦਿ ਦੀ ਵਰਤੋਂ ਕਰਨ ਸਬੰਧੀ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਸਿਹਤ ਵਿਭਾਗ ਵੱਲੋਂ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ ਅਤੇ ਵੱਡੀ ਗਿਣਤੀ ਲੋਕਾਂ ਵੱਲੋਂ ਆਪਣੀ ਸਿਹਤ ਦੀ ਜਾਂਚ ਕਰਵਾਈ ਗਈ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲਾਂ ਲਗਾਕੇ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਨਾਭਾ ਸ੍ਰੀ ਪ੍ਰਦੀਪ ਕੁਮਾਰ, ਬਾਗਬਾਨੀ ਵਿਭਾਗ ਨਾਭਾ ਦੇ ਸ੍ਰੀ ਧਰਮ ਸਿੰਘ, ਪ੍ਰਧਾਨ ਬਹੁਮੰਤਵੀ ਸਹਿਕਾਰੀ ਸਭਾ ਲਿਮ: ਮੰਡੋੜ ਸ੍ਰੀ ਸਤਗੁਰ ਸਿੰਘ, ਮੀਤ ਪ੍ਰਧਾਨ ਦੀ ਮੰਡੋੜ ਬਹੁਮੰਤਵੀ ਸਹਿਕਾਰੀ ਸਭਾ ਲਿਮ: ਸ੍ਰੀ ਮਾਨ ਸਿੰਘ ਅਤੇ ਸ੍ਰੀ ਦਰਸ਼ਨ ਸਿੰਘ, ਮੈਂਬਰ ਸ੍ਰੀ ਜਰਨੈਲ ਸਿੰਘ, ਸ੍ਰੀ ਪਰਮਜੀਤ ਸਿੰਘ, ਸ੍ਰੀ ਅਵਤਾਰ ਸਿੰਘ,ਸ੍ਰੀ ਗੁਰਮੀਤ ਸਿੰਘ, ਅਤੇ ਦਰਸਨ ਸਿੰਘ, ਸ੍ਰੀ ਜਰਨੈਲ ਸਿੰਘ, ਸ੍ਰੀ ਦਰਸ਼ਨ ਸਿੰਘ, ਸ੍ਰੀ ਜਸਪ੍ਰੀਤ ਸਿੰਘ, ਸ੍ਰੀ ਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਹਲਕੇ ਦੇ ਪਤਵੰਤੇ ਹਾਜ਼ਰ ਸਨ।

Leave a Reply

Your email address will not be published. Required fields are marked *