ਕੋਮ਼ਾਤ੍ਰੀਦੇਸ਼-ਵਿਦੇਸ਼ਪੰਜਾਬ

ਨਿਰੰਕਾਰੀ ਭਵਨ ‘ਤੇ ਗ੍ਰਨੇਡ ਹਮਲੇ ਦੀ ਜਾਂਚ ਲਈ ਪੁਲੀਸ ਦੇ ਚੋਟੀ ਦੇ ਅਫਸਰਾਂ ਨੂੰ ਤੁਰੰਤ ਪਿੰਡ ਅਦਲੀਵਾਲ ਪਹੁੰਚਣ ਦੇ ਹੁਕਮ

ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ
ਚੰਡੀਗੜ੍ਹ, 18 ਨਵੰਬਰ (ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਾਸਾਂਸੀ ਦੇ ਪਿੰਡ ਅਦਲੀਵਾਲ ਵਿਖੇ ਨਿਰੰਕਾਰੀ ਭਵਨ ‘ਚ ਹੋਏ ਸ਼ੱਕੀ ਹੈਂਡਗ੍ਰਨੇਡ ਹਮਲੇ ਦੀ ਜਾਂਚ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਲਈ ਸੂਬੇ ਦੇ ਗ੍ਰਹਿ ਸਕੱਤਰ, ਪੁਲੀਸ ਮੁਖੀ, ਡੀ.ਜੀ.ਪੀ. ਅਮਨ ਤੇ ਕਾਨੂੰਨ ਅਤੇ ਡੀ.ਜੀ.ਪੀ. ਖੁਫੀਆ ਨੂੰ ਤੁੰਰਤ ਘਟਨਾਸਥਾਨ ‘ਤੇ ਪਹੁੰਚਣ ਦੇ ਹੁਕਮ ਦਿੱਤੇ ਹਨ। ਇਸ ਘਟਨਾ ਵਿੱਚ ਤਿੰਨ ਵਿਅਕਤੀ ਮਾਰੇ ਗਏ ਜਦਕਿ 15 ਹੋਰ ਜ਼ਖਮੀ ਹੋਏ ਹਨ।

ਇਸ ਧਮਾਕੇ ਤੋਂ ਬਾਅਦ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਪੁਲੀਸ ਨੂੰ ਇਸ ਹਮਲੇ ਦੇ ਮੱਦੇਨਜ਼ਰ ਸੰਵੇਦਨਸ਼ੀਲ ਥਾਵਾਂ ‘ਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ। ਹਾਲ ‘ਚ ਹੋਏ ਇਸ ਅੰਧਾਧੁੰਦ ਹਮਲੇ ਵਿੱਚ ਕਈ ਮਾਸੂਮਾਂ ਦੀਆਂ ਜਾਨਾਂ ਗਈਆਂ ਹਨ।
ਮੁੱਖ ਮੰਤਰੀ ਨੇ ਦੱਸਿਆ ਕਿ ਫੌਰੈਂਸਿਕ ਟੀਮਾਂ ਨੂੰ ਘਟਨਾਸਥਾਨ ‘ਤੇ ਭੇਜ ਦਿੱਤਾ ਗਿਆ ਹੈ ਅਤੇ ਹਰੇਕ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਹਮਲੇ ਵਿੱਚ ਆਈ.ਐਸ.ਆਈ. ਅਧਾਰਿਤ ਖਾਲਿਸਤਾਨੀ ਜਾਂ ਕਸ਼ਮੀਰੀ ਅਤਿਵਾਦੀ ਗਰੁੱਪਾਂ ਦੀ ਸ਼ਮੂਲੀਅਤ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਹਮਲਾਵਰਾਂ ਦੀਆਂ ਸ਼ੱਕੀ ਲੁਕਣਗਾਹਾਂ ‘ਤੇ ਛਾਪੇ ਮਾਰਨ ਲਈ ਪੁਲੀਸ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਕਈ ਟੀਮਾਂ ਇਸ ਕੇਸ ਨੂੰ ਸੁਲਝਾਉਣ ਲਈ ਹਰੇਕ ਪਹਿਲੂ ਤੋਂ ਜਾਂਚ ਕਰ ਰਹੀਆਂ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਛੇਤੀ ਹੀ ਮਾਮਲੇ ਦੀ ਤਹਿ ਤੱਕ ਜਾ ਕੇ ਦੋਸ਼ੀਆਂ ਨੂੰ ਕਾਬੂ ਕਰਕੇ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇਗਾ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਸੂਬੇ ਦੀ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਖਮੀਆਂ ਦੇ ਮੁਫਤ ਇਲਾਜ ਤੇ ਬਿਹਤਰੀਨ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ।
ਮੁੱਖ ਮੰਤਰੀ ਨੇ ਦੱਸਿਆ ਕਿ ਮੁਢਲੀ ਜਾਂਚ ਵਿੱਚ ਹੁਣ ਤੱਕ ਹੋਏ ਖੁਲਾਸੇ ਮੁਤਾਬਕ ਦੋ ਵਿਅਕਤੀ ਜਿਨ੍ਹਾਂ ਵਿੱਚੋਂ ਇਕ ਦੀ ਲੰਬੀ ਦਾੜ੍ਹੀ ਸੀ, ਦੇ ਚਿਹਰੇ ਢਕੇ ਹੋਏ ਸਨ ਅਤੇ ਉਨ੍ਹਾਂ ਨੇ ਪਿਸਤੌਲ ਤਾਣ ਕੇ ਹਾਲ ਵਿੱਚ ਜਬਰੀ ਪ੍ਰਵੇਸ਼ ਕੀਤਾ। ਉਨ੍ਹਾਂ ਨੇ ਸੇਵਾਦਾਰ ਨੂੰ ਨਜ਼ਰਬੰਦ ਕਰਕੇ ਗ੍ਰਨੇਡ ਸੁੱਟਿਆ ਅਤੇ ਮੋਟਰਸਾਈਕਲ ‘ਤੇ ਭੱਜ ਗਏ।
ਧਮਾਕੇ ਨਾਲ ਜ਼ਮੀਨ ‘ਤੇ ਤਿੰਨ ਇੰਚ ਦੇ ਘੇਰੇ ‘ਚ ਛੋਟਾ ਟੋਆ ਪੈ ਗਿਆ ਜਿਸ ਦੀ ਜਾਂਚ ਫੌਰੈਂਸਿਕ ਟੀਮ ਵੱਲੋਂ ਕੀਤੀ ਜਾ ਰਹੀ ਹੈ। ਗ੍ਰਨੇਡ ਦਾ ਸੇਫਟੀ ਵਾਲਵ ਮਿਲਿਆ ਹੈ ਤੇ ਉਸ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਖੌਫਜ਼ਦਾ ਨਾ ਹੋਣ ਅਤੇ ਅਮਨ-ਸ਼ਾਂਤੀ ਕਾਇਮ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਘਟਨਾ ਦੇ ਮੱਦੇਨਜ਼ਰ ਕਿਸੇ ਤਰ੍ਹਾਂ ਦੀ ਬੇਚੈਨੀ ਪੈਦਾ ਨਾ ਹੋਣ ਨੂੰ ਯਕੀਨੀ ਬਣਾਇਆ ਜਾਵੇਗਾ।
Îਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਸੂਬੇ ਨੂੰ ਸਾਲ 2015-16 ਦਰਮਿਆਨ ਮਿੱਥੇ ਕੇ ਕੀਤੇ ਹਮਲਿਆਂ ਦਾ ਸਾਹਮਣਾ ਕਰਨਾ ਪਿਆ ਪਰ ਪਿਛਲੇ ਲੰਮੇ ਸਮੇਂ ਤੋਂ ਅਜਿਹੀਆਂ ਹੱਤਿਆਵਾਂ ਰਾਹੀਂ ਸ਼ਾਂਤੀ ਨੂੰ ਭੰਗ ਕਰਨ ਦੀ ਇਹ ਪਹਿਲੀ ਕੋਸ਼ਿਸ਼ ਕੀਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਇਸ ਨਾਲ ਉਨ੍ਹਾਂ ਦਾ ਵਿਸ਼ਵਾਸ ਹੋਰ ਪੱਕਾ ਹੋਇਆ ਹੈ ਕਿ ਸੂਬੇ ਦੀ ਅਮਨ-ਸ਼ਾਂਤੀ ਨੂੰ ਲੀਹੋਂ ਲਾਹੁਣ ਲਈ ਪਾਕਿਸਤਾਨ ਨੇ ਆਪਣੀਆਂ ਨਾਪਾਕ ਸਰਗਰਮੀਆਂ ਜਾਰੀ ਰੱਖੀਆਂ ਹੋਈਆਂ ਹਨ।
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਪਿਛਲੇ 18 ਮਹੀਨਿਆਂ ਵਿੱਚ ਅਜਿਹੇ 15 ਅਤਿਵਾਦੀ ਗ੍ਰੋਹਾਂ ਨੂੰ ਕਾਬੂ ਕੀਤਾ ਗਿਆ ਹੈ ਜਿਨ੍ਹਾਂ ਵਿੱਚੋਂ ਕੁਝ ਵਿੱਚ ਕਸ਼ਮੀਰੀ ਅਤਿਵਾਦੀਆਂ ਦਾ ਸਬੰਧ ਹੋਣ ਬਾਰੇ ਵੀ ਸੰਕੇਤ ਮਿਲੇ ਹਨ ਜਿਸ ਦੀ ਪੁਸ਼ਟੀ ਮਕਸੂਦਾਂ ਪੁਲੀਸ ਥਾਣੇ ਵਿੱਚ ਗ੍ਰਨੇਡ ਹਮਲੇ ਦੇ ਕੇਸ ਵਿੱਚ ਅਤੇ ਜਲੰਧਰ ਤੋਂ ਕਸ਼ਮੀਰੀ ਵਿਦਿਆਰਥੀਆਂ ਦੀ ਗ੍ਰਿਫਤਾਰੀ ਤੋਂ ਹੁੰਦੀ ਹੈ।

Leave a Reply

Your email address will not be published. Required fields are marked *