ਕੋਮ਼ਾਤ੍ਰੀਦੇਸ਼-ਵਿਦੇਸ਼ਪੰਜਾਬ

ਕੇਂਦਰ ਵੱਲੋਂ ਵੱਡਾ ਫੈਸਲਾ, ਕਰਤਾਰਪੁਰ ਲਾਂਘੇ ਦੇ ਨਿਰਮਾਣ ਨੂੰ ਹਰੀ ਝੰਡੀ

ਨਵੀਂ ਦਿੱਲੀ 22 ਨਵੰਬਰ (ਅਸ਼ੋਕ ਵਾਸ਼ਿਸ਼ਠ/ਮਧੂਸਾਰ ਬਿਊਰੋ) ਸਿੱਖਾਂ ਦੀ ਕਈ ਸਾਲਾਂ ਤੋਂ ਕਰਤਾਰਪੁਰ ਸਾਹਿਬ ਲਾਂਘੇ ਦੀ ਮੰਗ ‘ਤੇ ਮੋਦੀ ਸਰਕਾਰ ਨੇ ਮੋਹਰ ਲਾ ਦਿੱਤੀ ਹੈ। ਭਾਰਤ ਸਰਕਾਰ ਨੇ ਲਾਂਘਾ ਖੁੱਲ੍ਹਵਾਉਣ ਲਈ ਇਤਿਹਾਸਕ ਕਦਮ ਅੱਗੇ ਵਧਾਇਆ ਹੈ। ਹੁਣ ਅਗਲਾ ਫੈਸਲਾ ਪਾਕਿਸਤਾਨ ਨੂੰ ਲੈਣਾ ਹੋਵੇਗਾ। ਵੀਰਵਾਰ ਨੂੰ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿਚ ਲਾਂਘੇ ਦੇ ਨਿਰਮਾਣ ਲਈ ਹਰੀ ਝੰਡੀ ਦੇ ਦਿੱਤੀ ਗਈ।

ਕੈਬਨਿਟ ਦੀ ਬੈਠਕ ਤੋਂ ਬਾਅਦ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਅਖੀਰਲੇ ਸਾਲ ਸ੍ਰੀ ਕਰਤਾਰਪੁਰ ਸਾਹਿਬ ਵਿਚ ਹੀ ਬਿਤਾਏ। ਇਹ ਭਾਰਤ ਦੀ ਸਰਹੱਦ ਤੋਂ ਕੁਝ ਕਿਲੋਮੀਟਰ ਦੂਰ ਪਾਕਿਸਤਾਨ ਵਿਚ ਹੈ, ਜਿੱਥੇ ਸ਼ਰਧਾਲੂ ਆਉਂਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਡੇਰਾ ਬਾਬਾ ਨਾਨਕ ਜੋ ਗੁਰਦਾਸਪੁਰ ਵਿਚ ਹੈ, ਉੱਥੋਂ ਲੈ ਕੇ ਕੌਮਾਂਤਰੀ ਸਰਹੱਦ ਤਕ ਲਾਂਘੇ ਦਾ ਵਿਕਾਸ ਸਾਡੀ ਸਰਕਾਰ ਵੱਲੋਂ ਕੀਤਾ ਜਾਵੇਗਾ।
ਜੇਤਲੀ ਨੇ ਕਿਹਾ ਕਿ ਕੌਮਾਂਤਰੀ ਸਰਹੱਦ ਤਕ ਕਰਤਾਰਪੁਰ ਸਾਹਿਬ ਲਾਂਘੇ ਦੇ ਵਿਕਾਸ ਲਈ ਪੂਰਾ ਫੰਡ ਕੇਂਦਰ ਸਰਕਾਰ ਦੇਵੇਗੀ। ਇਸ ਕੋਰੀਡੋਰ ‘ਤੇ ਵੀਜ਼ਾ ਤੇ ਕਸਟਮ ਸਹੂਲਤ ਵੀ ਹੋਵੇਗੀ। ਇਸ ਦਾ ਫਾਇਦਾ ਇਹ ਹੋਵੇਗਾ ਜਿਨ੍ਹਾਂ ਲੋਕਾਂ ਨੂੰ ਵੀਜ਼ਾ ਮਿਲੇਗਾ, ਉਹ ਸਰਹੱਦ ਪਾਰ ਕਰਤਾਰਪੁਰ ਸਾਹਿਬ ਆਸਾਨੀ ਨਾਲ ਜਾ ਸਕਣਗੇ। ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਡੇਰਾ ਬਾਬਾ ਨਾਨਕ ਤੋਂ ਕੌਮਾਂਤਰੀ ਸਰਹੱਦ ਤਕ ਲਾਂਘੇ ਦਾ ਨਿਰਮਾਣ ਕਰ ਦਿੱਤਾ ਜਾਵੇਗਾ। ਇਸ ਦਾ ਸਾਰਾ ਖਰਚਾ ਮੋਦੀ ਸਰਕਾਰ ਵੱਲੋਂ ਕੀਤਾ ਜਾਵੇਗਾ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਨੂੰ ਵਿਰਾਸਤ ਨਗਰ ਦੇ ਰੂਪ ਵਿਚ ਵਿਕਸਤ ਕੀਤਾ ਜਾਵੇਗਾ। ਭਾਰਤ ਸਰਕਾਰ ਨੇ ਪਾਕਿਸਤਾਨ ਨੂੰ ਵੀ ਆਪਣੇ ਹਿੱਸੇ ਵੱਲ ਦੇ ਲਾਂਘੇ ਦਾ ਨਿਰਮਾਣ ਕਰਨ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *