ਪਟਿਆਲਾ

ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਹਿਬ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ

ਮਨੁੱਖਤਾ ਦੇ ਕਲਿਆਣ ਲਈ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਹੀ ਮਾਰਗ ਦਰਸ਼ਕ : ਪ੍ਰੋ. ਬਡੂੰਗਰ
ਵੱਡੀ ਗਿਣਤੀ ‘ਚ ਸੰਗਤਾਂ ਨਤਮਸਤਕ, ਹਜ਼ੂਰੀ ਰਾਗੀ ਜਥਿਆਂ ਵੱਲੋਂ ਕੀਰਤਨ ਸਰਵਣ
ਪਟਿਆਲਾ 23 ਨਵੰਬਰ (ਕੰਵਰ ਬੇਦੀ/ਮਧੂਸਾਰ ਬਿਊਰੋ) ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਮੌਕੇ ਤੜਕ ਸਵੇਰੇ ਹੈਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਨੇ ਪੰਥ ਦੀ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਪ੍ਰਕਾਸ਼ ਪੁਰਬ ਦੇ ਸਬੰਧ ‘ਚ ਗੁਰਦੁਆਰਾ ਸਾਹਿਬ ਵਿਖੇ ਰਖਾਏ ਗਏ ਸ੍ਰੀ ਆਖੰਡ ਪਾਠ ਸਾਹਿਬ ਭੋਗ ਪਾਏ ਅਤੇ ਹਜ਼ੂਰੀ ਰਾਗੀ ਜੱਥਿਆਂ ਨੇ ਕੀਰਤਨ ਸਰਵਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਵੱਡੀ ਗਿਣਤੀ ‘ਚ ਪੁੱਜੀਆਂ ਸੰਗਤਾਂ ਨੇ ਗੁਰੂ ਘਰ ਮੱਥਾ ਟੇਕਿਆ ਅਤੇ ਗੁਰੂ ਦਾ ਅਸ਼ੀਰਵਾਦ ਪ੍ਰਾਪਤ ਕਰਕੇ ਖੁਸ਼ੀਆਂ ਹਾਸਲ ਕੀਤੀਆਂ।
ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ‘ਚ ਸੰਗਤਾਂ ਨੇ ਜਿਥੇ ਰਾਗੀ ਸਿੰਘਾਂ ਪਾਸੋਂ ਕੀਰਤਨ ਸੁਣਿਆ, ਉਥੇ ਪੰਗਤ ‘ਚ ਬੈਠ ਕੇ ਲੰਗਰ ਛਕਿਆ ਅਤੇ ਇਸ਼ਨਾਨ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਵੱਡੀ ਗਿਣਤੀ ‘ਚ ਜੁੜੀਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਹਮੇਸ਼ਾ ਮਨੁੱਖਤਾ ਦੇ ਕਲਿਆਣ ਅਤੇ ਸਰਬੱਤ ਦੇ ਭਲੇ ਲਈ ਕਾਰਜ ਕੀਤੇ, ਜਿਸ ਨਾਲ ਮਨੁੱਖ ਨੂੰ ਜੀਵਨ ਜਾਂਚ ਮਿਲੀ ਹੈ।
ਪ੍ਰੋ. ਬਡੂੰਗਰ ਨੇ ਕਿਹਾ ਗੁਰੂ ਸਾਹਿਬ ਨੇ ਕਿਰਤ ਕਰੋ, ਨਾਮੋ ਜਪੋ, ਵੰਡ ਛਕੋ ਦੇ ਸਿਧਾਂਤ ਨਾਲ ਮਨੁੱਖਤਾ ਨੂੰ ਜੋੜਿਆ ਹੈ। ਉਨ੍ਹਾਂ ਕਿਹਾ ਕਿ ਮਨੁੱਖ ਆਪਣੇ ਜੀਵਨ ਦਾ ਕਲਿਆਣ ਅਤੇ ਭਵਿੱਖ ਨੂੰ ਰੌਸ਼ਨਮਈ ਤਾਂ ਹੀ ਬਣਾ ਸਕਦਾ ਹੈ, ਜੇ ਗੁਰੂ ਸਾਹਿਬ ਵੱਲੋਂ ਦਿੱਤੇ ਉਪਦੇਸ਼ਾਂ ਨੂੰ ਆਪਣੇ ਜੀਵਨ ‘ਚ ਧਾਰਨ ਕਰੀਏ। ਉਨ੍ਹਾਂ ਕਿਹਾ ਕਿ ਅੱਜ ਵੱਡੀ ਲੋੜ ਹੈ ਕਿ ਅਸੀਂ ਗੁਰੂ ਵਾਲੇ ਬਣੀਏ ਅਤੇ ਬਾਣੀ ਅਤੇ ਬਾਣੇ ਦੇ ਧਾਰਨ ਹੋ ਕੇ ਆਪਣਾ ਆਪ ਗੁਰੂ ਨੂੰ ਸਮਰਪਿਤ ਕਰ ਦੇਈਏ। ਉਨ੍ਹਾਂ ਕਿਹਾ ਕਿ ਅਜੌਕੀ ਪੀੜੀ ਦੇ ਰੌਸ਼ਨਮਈ ਭਵਿੱਖ ਲਈ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਹੀ ਮਨੁੱਖ ਦਾ ਮਾਰਗਦਰਸ਼ਨ ਕਰ ਸਕਦੀਆਂ ਹਨ।
ਇਸ ਮੌਕੇ ਹੈਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਮੈਨੇਜਰ ਗੁਰਪ੍ਰੀਤ ਸਿੰਘ ਰੋਡੇ, ਐਡੀਸ਼ਨਲ ਮੈਨੇਜਰ ਕਰਮ ਸਿੰਘ, ਅਮਰਪਾਲ ਸਿੰਘ, ਗੁਰਦੀਪ ਸਿੰਘ, ਗੁਰਮੀਤ ਸਿੰਘ, ਰੁਪਿੰਦਰ ਸਿੰਘ, ਆਤਮ ਪ੍ਰਕਾਸ਼ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਸਟਾਫ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।

Leave a Reply

Your email address will not be published. Required fields are marked *