ਕੈਨੇਡਾਕੋਮ਼ਾਤ੍ਰੀਦੇਸ਼-ਵਿਦੇਸ਼ਪੰਜਾਬ

ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਉਪਦੇਸ਼ ਤੇ ਸੰਦੇਸ਼ ਨੂੰ ਵਿਸ਼ਵ ਤੱਕ ਲਿਜਾਇਆ ਜਾਵੇਗਾ : ਮੋਦੀ

ਨਵੀਂ ਦਿੱਲੀ 23 ਨਵੰਬਰ (ਮਧੂਸਾਰ ਬਿਊਰੋ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਰ ਸ਼ਾਮ ਕੇਂਦਰੀ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਦੇ ਘਰ ਪਹੁੰਚੇ। ਹਰਸਿਮਰਤ ਕੌਰ ਦੇ ਘਰ ਪ੍ਰਕਾਸ਼ ਪੁਰਬ ਮੌਕੇ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਰਤਨ ਦਰਬਾਰ ਸਜਾਇਆ ਗਿਆ ਹੈ।

ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਆਸ਼ੀਰਵਾਦ ਨਾਲ ਹੀ ਉਨ੍ਹਾਂ ਹਥੋਂ ਚੰਗੇ ਕੰਮ ਹੋਏ ਹਨ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਗੁਰਬਾਣੀ ਸੁਣਦੇ ਹਾਂ ਤਾਂ ਉਸ ‘ਚੋਂ ਆਪਣਾਪਨ ਮਹਿਸੂਸ ਹੁੰਦਾ ਹੈ। ਮੋਦੀ ਨੇ ਕਿਹਾ ਕਿ ਮੈਂ ਪੰਜਾਬ ‘ਚ ਰਹਿ ਕੇ ਬਹੁਤ ਕੁੱਝ ਸਿੱਖਿਆ ਹੈ, ਜੋ ਮੈਂ ਗੁਜਰਾਤ ‘ਚ ਰਹਿ ਕੇ ਨਹੀਂ ਜਾਣ ਸਕਿਆ।
ਸ੍ਰੀ ਨਰਿੰਦਰ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੁਨੀਆਂ ਦੇ ਇਕ ਅਜਿਹੇ ਸਰਬਸਾਂਝੇ ਰਹਿਬਰ ਸਨ, ਜਿਨ੍ਹਾਂ ਨੇ ਮਾਨਵਤਾ ਨੂੰ ਆਪਸੀ ਭਾਈਚਾਰੇ ਅਤੇ ਮਿਲਵਰਤਨ ਦਾ ਅਦਭੁਤ ਮਾਰਗ ਦਿੱਤਾ। ਗੁਰੂ ਸਾਹਿਨ ਨੇ ਦੂਰ ਦੇਸ਼ਾਂ ਦੀ ਯਾਤਰਾ ਕੀਤੀ ਅਤੇ ਪ੍ਰੇਮ ਭਾਈਚਾਰੇ ਦਾ ਸੁਨੇਹਾ ਵੰਡਿਆ। ਗੁਰੂ ਸਾਹਿਬ ਦਾ ਇਹ ਸੰਦੇਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ਼ ਉਨ੍ਹਾਂ ਦੀ ਪਵਿੱਤਰ ਬਾਣੀ ਵਿੱਚੋਂ ਪ੍ਰਗਟ ਹੁੰਦਾ ਹੈ। ਗੁਰੂ ਜੀ ਇਕ ਮਹਾਨ ਦਾਰਸ਼ਨਿਕ, ਸਮਾਜ ਸੁਧਾਰਕ ਅਤੇ ਵਿਸ਼ਵ ਦੇ ਕ੍ਰਾਂਤੀਕਾਰੀ ਰਹਿਬਰ ਸਨ। ਉਨ੍ਹਾਂ ਦਾ ਸਾਰਾ ਜੀਵਨ ਹੀ ਸਿਧਾਂਤਕ ਚਮਤਕਾਰੀ ਸੀ। ਪ੍ਰਧਾਨ ਮੰਤਰੀ ਨੇ ਆਪਣੇ ਸੁਨੇਹੇ ਵਿਚ ਗੁਰੂ ਸਾਹਿਬ ਦੇ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਅਤੇ ਭਾਰਤ ਵਾਸੀਆਂ ਲਈ ਹੀ ਖੁਸ਼ੀ ਨਹੀਂ, ਸਗੋਂ ਸਮੁੱਚੀ ਦੁਨੀਆਂ ਦੇ ਲੋਕਾਂ ਲਈ ਇਕ ਮੁਬਾਰਕ ਮੌਕਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਨੂੰ ਵਿਸ਼ੇਸ਼ ਤੌਰ ‘ਤੇ ਵਰਤਿਆ ਜਾਵੇਗਾ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਉਪਦੇਸ਼ ਤੇ ਸੰਦੇਸ਼ ਨੂੰ ਵਿਸ਼ਵ ਤੱਕ ਲਿਜਾਇਆ ਜਾਵੇਗਾ, ਇਹ ਕਾਰਜ ਦੁਨੀਆਂ ਭਰ ‘ਚ ਸਥਿਤ ਭਾਰਤੀ ਦੂਤਾਵਾਸਾਂ ਰਾਹੀਂ ਕੀਤਾ ਜਾਵੇਗਾ। ਉਨ੍ਹਾਂ ਸੁਲਤਾਨਪੁਰ ਲੋਧੀ ਨੂੰ ਵਿਸ਼ਵ ਦੇ ਨਕਸ਼ੇ ‘ਚ ਉਭਾਰਨ ਲਈ ਵਿਰਾਸਤੀ ਸ਼ਹਿਰ ਬਣਾਉਣ ਦੀ ਪ੍ਰਤੀਬਧਤਾ ਦੁਹਰਾਉਂਦਿਆਂ ਕਿਹਾ ਕਿ ਭਾਰਤ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇਸ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੇਗੀ।
ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਅਰੁਣ ਜੇਤਲੀ, ਬਿਕਰਮ ਸਿੰਘ ਮਜੀਠੀਆ ਅਤੇ ਮਨਜਿੰਦਰ ਸਿੰਘ ਸਿਰਸਾ ਨੇ ਵੀ ਗੁਰਪੁਰਬ ਸਮਾਗਮ ‘ਚ ਪਹੁੰਚ ਕੇ ਹਾਜ਼ਰੀ ਲਗਵਾਈ।
ਜ਼ਿਕਰਯੋਗ ਹੈ ਕਿ ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੁਨੀਆ ਭਰ ‘ਚ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਤੇ ਸੁਲਤਾਨਪੁਰ ਲੋਧੀ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਥੇ ਕਾਫੀ ਗਿਣਤੀ ‘ਚ ਸਿੱਖ ਸੰਗਤਾਂ ਨੇ ਗੁਰਬਾਣੀ ਦਾ ਆਨੰਦ ਮਾਣਿਆ।

Leave a Reply

Your email address will not be published. Required fields are marked *