ਮੰਤਰੀ ਚੰਨੀ ਵੱਲੋਂ ਤੀਜੇ ਮੈਗਾ ਰੋਜ਼ਗਾਰ ਮੇਲੇ ਦੀਆਂ ਤਿਆਰੀਆਂ ਦੀਆਂ ਅੰਤਿਮ ਛੋਹਾਂ ਦਾ ਜਾਇਜ਼ਾ
ਪਟਿਆਲਾ, 28 ਨਵੰਬਰ (ਮਧੂਸਾਰ ਬਿਊਰੋ) ਪੰਜਾਬ ਦੇ ਉਦਯੋਗਿਕ ਸਿੱਖਿਆ, ਤਕਨੀਕੀ ਸਿਖਲਾਈ ਤੇ ਰੋਜ਼ਗਾਰ ਉਤਪਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਪੁੱਜ ਕੇ ਇਥੇ ਪੰਜਾਬ ਸਰਕਾਰ ਦੇ ਫ਼ਲੈਗਸ਼ਿਪ ਪ੍ਰੋਗਰਾਮ ‘ਘਰ-ਘਰ ਰੋਜ਼ਗਾਰ ਤੇ ਕਾਰੋਬਾਰ’ ਤਹਿਤ 29 ਨਵੰਬਰ ਨੂੰ ਲਗਾਏ ਜਾ ਰਹੇ ਤੀਜੇ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲੇ ਦੀਆਂ ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆਂ ਅੰਤਿਮ ਛੋਹਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਉਨ੍ਹਾਂ ਦੇ ਨਾਲ ਕਮਿਸ਼ਨਰ ਰੋਜ਼ਗਾਰ ਉਤਪਤੀ ਤੇ ਸਿਖਲਾਈ ਅਤੇ ਮਿਸ਼ਨ ਘਰ-ਘਰ ਰੋਜ਼ਗਾਰ ਸ੍ਰੀ ਅਮਿਤ ਢਾਕਾ, ਵਾਇਸ ਚਾਂਸਲਰ ਡਾ. ਬੀ.ਐਸ. ਘੁੰਮਣ ਅਤੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
ਇਸ ਮੌਕੇ ਸ. ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ੇਸ਼ ਪਹਿਲ ਕਦਮੀ ਤਹਿਤ ਪੰਜਾਬ ਭਰ ‘ਚ ਲਗਾਏ ਜਾ ਰਹੇ ਇਨ੍ਹਾਂ ਰੋਜ਼ਗਾਰ ਮੇਲਿਆਂ ਤਹਿਤ ਸਰਕਾਰੀ ਤੇ ਗ਼ੈਰ ਸਰਕਾਰੀ ਖੇਤਰ ‘ਚ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਸਮੇਤ ਸਵੈ ਰੋਜ਼ਗਾਰ ਲਈ ਕਰਜ਼ਿਆਂ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾ ਰਹੀ ਹੈ। ਇਸੇ ਤਹਿਤ ਮੁੱਖ ਮੰਤਰੀ ਖ਼ੁਦ ਇਨ੍ਹਾਂ ਲਾਭਪਾਤਰੀਆਂ ਨੂੰ ਨਿਯੁਕਤੀ ਪੱਤਰ ਤੇ ਪ੍ਰਮਾਣ ਪੱਤਰ ਸੌਂਪਣ ਲਈ ਪਹੁੰਚ ਰਹੇ ਹਨ।
ਰੋਜ਼ਗਾਰ ਉਤਪਤੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਭਵਿੱਖਮੁਖੀ ਸੋਚ ਤਹਿਤ ਸ਼ੁਰੂ ਹੋਏ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਨੇ ਬਹੁਤ ਬੇਰੁਜ਼ਗਾਰਾਂ ਦਾ ਜੀਵਨ ਬਦਲ ਕੇ ਰੱਖ ਦਿੱਤਾ ਹੈ ਕਿ ਕਿਉਂਕਿ ਅਜਿਹੇ ਮੇਲਿਆਂ ਨਾਲ ਰੋਜ਼ਗਾਰ ਦੇ ਮੌਕੇ ਸਿੱਧੇ ਤੌਰ ‘ਤੇ ਪ੍ਰਦਾਨ ਹੁੰਦੇ ਹਨ। ਉਨ੍ਹਾਂ ਨੇ ਇਸ ਮੌਕੇ ਪ੍ਰਸ਼ਾਸਨ ਵੱਲੋਂ ਕੀਤੀਆਂ ਗਈਆਂ ਤਿਆਰੀਆਂ ‘ਤੇ ਤਸੱਲੀ ਦਾ ਇਜ਼ਹਾਰ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕਮਾਰ ਅਮਿਤ ਨੇ ਸ. ਚੰਨੀ ਨੂੰ ਇਸ ਮੈਗਾ ਨੌਕਰੀ ਮੇਲੇ ਦੀਆਂ ਤਿਆਰੀਆਂ ਬਾਬਤ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਇਥੇ ਰਾਜ ਭਰ ਦੇ ਸਮੁੱਚੇ ਜ਼ਿਲ੍ਹਿਆਂ ਤੋਂ ਪੁੱਜਣ ਵਾਲੇ ਕਰੀਬ 20 ਹਜ਼ਾਰ ਨੌਜਵਾਨਾਂ ਲਈ ਸੁਚਾਰੂ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਪੀ.ਡੀ.ਏ ਦੇ ਮੁੱਖ ਪ੍ਰਸ਼ਾਸ਼ਕ ਸ. ਹਰਪ੍ਰੀਤ ਸਿੰਘ ਸੂਦਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਸ਼ੌਕਤ ਅਹਿਮਦ ਪਰੇ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਪੂਨਮਦੀਪ ਕੌਰ, ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਸ੍ਰੀ ਰਾਹੁਲ ਸਿੰਧੂ, ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੇ ਵਧੀਕ ਸਕੱਤਰ ਰਾਜਦੀਪ ਕੌਰ, ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਐਮ.ਐਸ. ਨਿੱਜਰ, ਪ੍ਰਬੰਧਕੀ ਅਫ਼ਸਰ ਡਾ. ਪ੍ਰਭਲੀਨ ਸਿੰਘ, ਸਹਾਇਕ ਕਮਿਸ਼ਨਰ (ਜ) ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਹਰਕੀਰਤ ਕੌਰ, ਐਸ.ਡੀ.ਐਮ. ਪਟਿਆਲਾ ਸ. ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ. ਸਮਾਣਾ ਸ੍ਰੀ ਅਰਵਿੰਦ ਕੁਮਾਰ, ਐਸ.ਡੀ.ਐਮ. ਰਾਜਪੁਰਾ ਸ੍ਰੀ ਸ਼ਿਵ ਕੁਮਾਰ, ਐਸ.ਡੀ.ਐਮ. ਪਾਤੜਾਂ ਸ੍ਰੀਮਤੀ ਪਾਲਿਕਾ ਅਰੋੜਾ, ਰੋਜਗਾਰ ਜਨਰੇਸ਼ਨ ਅਧਿਕਾਰੀ ਸ. ਹਰਪ੍ਰੀਤ ਸਿੰਘ ਮਾਨਸ਼ਾਹੀਆ ਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

