ਕਰਤਾਰਪੁਰ ਲਾਂਘੇ ਦਾ ਪਾਕਿਸਤਾਨ ਨਾਲ ਗੱਲਬਾਤ ਦਾ ਕੋਈ ਲੈਣਾ-ਦੇਣਾ ਨਹੀਂ : ਸੁਸ਼ਮਾ ਸਵਰਾਜ
ਨਵੀਂ ਦਿੱਲੀ 28 ਨਵੰਬਰ (ਮਧੂਸਾਰ ਬਿਉਰੋ) ਪਾਕਿਸਤਾਨ ‘ਚ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾਣਾ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਇਸ ਲਾਂਘੇ ਦਾ ਨੀਂਹ ਪੱਥਰ ਰੱਖਣਗੇ। ਭਾਰਤ ਸਰਕਾਰ ਅਤੇ ਪਾਕਿਸਤਾਨ ਵਲੋਂ ਲਾਂਘਾਂ ਖੁੱਲ੍ਹੇ ਜਾਣ ਦੀ ਮਨਜ਼ੂਰੀ ਤੋਂ ਬਾਅਦ ਜਿੱਥੇ ਦੇਸ਼ਾਂ-ਵਿਦੇਸ਼ਾਂ ਵਿਚ ਵੱਸਦੇ ਸਿੱਖ ਸ਼ਰਧਾਲੂਆਂ ਲਈ ਖੁਸ਼ੀ ਦੀ ਖਬਰ ਹੈ। ਉੱਥੇ ਹੀ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪਾਕਿਸਤਾਨ ‘ਤੇ ਵੱਡਾ ਬਿਆਨ ਦਿੱਤਾ ਹੈ।
ਸੁਸ਼ਮਾ ਸਵਰਾਜ ਨੇ ਕਿਹਾ ਕਿ ਕਈ ਸਾਲਾਂ ਤੋਂ ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਪੁੱਛਦੀ ਰਹੀ ਪਰ ਹੁਣ ਜਾ ਕੇ ਪਾਕਿਸਤਾਨ ਨੇ ਸਕਾਰਾਤਮਕ ਜਵਾਬ ਦਿੱਤਾ ਹੈ। ਸੁਸ਼ਮਾ ਨੇ ਕਿਹਾ ਕਿ ਇਸ ਦਾ ਮਤਲਬ ਇਹ ਨਹੀਂ ਹੈ ਕਿ ਦੋ-ਪੱਖੀ ਗੱਲਬਾਤ ਸ਼ੁਰੂ ਹੋ ਜਾਵੇਗੀ। ਅੱਤਵਾਦ ਅਤੇ ਗੱਲਬਾਤ ਇਕੱਠੇ ਨਹੀਂ ਚੱਲ ਸਕਦੇ। ਹਾਲਾਂਕਿ ਸੁਸ਼ਮਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਪਾਕਿਸਤਾਨ ਨੇ ਪਹਿਲੀ ਵਾਰ ਸਕਾਰਾਤਮਕ ਪ੍ਰਤੀਕਿਰਿਆ ਦਿੱਤੀ ਹੈ।
ਸੁਸ਼ਮਾ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਦਾ ਪਾਕਿਸਤਾਨ ਨਾਲ ਗੱਲਬਾਤ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਪਾਕਿਸਤਾਨ ਜਦੋਂ ਭਾਰਤ ਵਿਚ ਅੱਤਵਾਦੀ ਗਤੀਵਿਧੀਆਂ ਨੂੰ ਬੰਦ ਕਰ ਦੇਵੇਗਾ ਤਾਂ ਉਸ ਨਾਲ ਗੱਲਬਾਤ ਸ਼ੁਰੂ ਹੋਵੇਗੀ। ਭਾਰਤ ਇਸ ਲਾਂਘੇ ਨੂੰ ਖੋਲ੍ਹਣ ਬਾਰੇ ਲੰਬੇ ਸਮੇਂ ਤੋਂ ਮੰਗ ਕਰਦਾ ਰਿਹਾ ਹੈ, ਜਿਸ ਨਾਲ ਭਾਰਤੀ ਸਿੱਖ ਸ਼ਰਧਾਲੂ ਬਿਨਾਂ ਵੀਜ਼ਾ ਦੇ ਕਰਤਾਰਪੁਰ ਸਾਹਿਬ ਵਿਚ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਜਾ ਸਕਣ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਕਰਤਾਰਪੁਰ ਸਾਹਿਬ ‘ਚ ਗੁਰਦੁਆਰਾ ਦਰਬਾਰ ਸਾਹਿਬ ਨੂੰ ਭਾਰਤ ਦੇ ਗੁਰਦਾਸਪੁਰ ਜ਼ਿਲੇ ਵਿਚ ਸਥਿਤ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜਨ ਵਾਲੇ ਲਾਂਘੇ ਦਾ ਨੀਂਹ ਪੱਥਰ ਰੱਖਣਗੇ। ਭਾਰਤੀ ਸਿੱਖ ਸ਼ਰਧਾਲੂ ਕਰਤਾਰਪੁਰ ਸਾਹਿਬ ਵਿਚ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਤਕ ਬਿਨਾਂ ਵੀਜ਼ਾ ਦੇ ਯਾਤਰਾ ਕਰ ਸਕਣਗੇ। ਇਸ ਲਾਂਘੇ ਦੇ 4 ਮਹੀਨਿਆਂ ਦੇ ਅੰਦਰ ਬਣ ਕੇ ਤਿਆਰ ਹੋਣ ਦੀ ਉਮੀਦ ਹੈ। ਭਾਰਤ ਵਲੋਂ ਇਸ ਲਾਂਘੇ ਲਈ ਸੋਮਵਾਰ 26 ਨਵੰਬਰ ਨੂੰ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਨੀਂਹ ਪੱਥਰ ਰੱਖਿਆ ਸੀ। ਪਾਕਿਸਤਾਨ ਵਿਚ ਹੋਣ ਵਾਲੇ ਸਮਾਰੋਹ ਲਈ ਪੰਜਾਬ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਮੰਗਲਵਾਰ ਭਾਵ ਕੱਲ ਹੀ ਪਾਕਿਸਤਾਨ ਪਹੁੰਚ ਚੁੱਕੇ ਹਨ। ਉਨ੍ਹਾਂ ਤੋਂ ਇਲਾਵਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਹਰਦੀਪ ਸਿੰਘ ਪੁਰੀ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਉਚੇਚੇ ਤੌਰ ‘ਤੇ ਪੁੱਜੇ ਹਨ।

