ਪਟਿਆਲਾ

ਰਜਿੰਦਰਾ ਹਸਪਤਾਲ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਤੇ ਸਿਹਤ ਮੰਤਰੀ ਖ਼ੁਦ ਕਰ ਰਹੇ ਹਨ ਨਿਗਰਾਨੀ- ਕੁਮਾਰ ਅਮਿਤ
ਪਟਿਆਲਾ, 10 ਦਸੰਬਰ (ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਜਿੰਦਰਾ ਹਸਪਤਾਲ ਦੀ ਕਾਇਆਂ ਕਲਪ ਕਰਨ ਲਈ ਭੇਜੇ ਫੰਡਾਂ ਨਾਲ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਅਚਨਚੇਤ ਦੌਰਾ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਾਰਡਾਂ ‘ਚ ਬਾਥਰੂਮਾਂ ਦੀ ਹਾਲਤ ਸੁਧਾਰਨ ਲਈ ਜਲ ਸਪਲਾਈ ਤੇ ਜਨ ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੇ ਗਏ ਕਰੀਬ 3.52 ਕਰੋੜ ਰੁਪਏ ਦੀ ਲਾਗਤ ਵਾਲੇ ਨਵੀਨੀਕਰਨ ਦੇ ਕਾਰਜਾਂ ਨੂੰ 31 ਜਨਵਰੀ ਤੱਕ ਹਰ ਹਾਲ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਜਦੋਂਕਿ ਲੋਕ ਨਿਰਮਾਣ ਵਿਭਾਗ ਵੱਲੋਂ ਕਰਵਾਏ ਜਾ ਰਹੇ ਕਰੀਬ 1.50 ਕਰੋੜ ਰੁਪਏ ਦੀ ਲਾਗਤ ਵਾਲੇ ਪਾਰਕਿੰਗ ਸਮੇਤ ਕੰਮਾਂ ਨੂੰ 31 ਦਸੰਬਰ ਤੱਕ ਪੂਰਾ ਕਰਨ ਦੇ ਆਦੇਸ਼ ਦਿਤੇ।
ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਵਿਭਾਗ ਵੱਲੋਂ ਕਰੀਬ 7.7 ਕਰੋੜ ਰੁਪਏ ਦੀ ਲਾਗਤ ਵਾਲੇ ਰਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਦੇ ਸੀਵਰੇਜ ਅਪਗ੍ਰੇਡੇਸ਼ਨ ਤੇ ਐਸ.ਟੀ.ਪੀ. ਸਮੇਤ ਜਲ ਸਪਲਾਈ ਦੇ ਕੰਮ ਵੀ ਜਲਦ ਨੇਪਰੇ ਚਾੜ੍ਹਨ ਦੇ ਆਦੇਸ਼ ਦਿੱਤੇ। ਇਸ ਤੋਂ ਬਿਨ੍ਹਾਂ 2.46 ਲੱਖ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਯੰਤਰਾਂ ਦੇ ਨਵੀਨੀਕਰਨ ਤੇ ਅਪਗ੍ਰੇਡੇਸ਼ਨ ਦੇ ਕਾਰਜ ਨੂੰ ਜਲਦ ਪੂਰਾ ਕਰਨ ਲਈ ਆਖਿਆ। ਜਦੋਂਕਿ ਲੋਕ ਨਿਰਮਾਣ ਵਿਭਾਗ ਵੱਲੋਂ ਰਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਨੂੰ ਜੋੜਦੇ ਰਸਤੇ ਨੂੰ ਵੀ ਛੇਤੀ ਚਾਲੂ ਕਰਨ ਦੀ ਹਦਾਇਤ ਦਿੱਤੀ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਹਸਪਤਾਲ ‘ਚ ਨਿਰਵਿਘਨ ਬਿਜਲੀ ਸਪਲਾਈ ਲਈ 3750 ਕਿਲੋਵਾਟ ਦਾ ਨਵਾਂ ਕੰਟਰੋਲ ਪੈਨਲ ਲਾਇਆ ਗਿਆ ਹੈ ਅਤੇ ਹੁਣ ਵਾਰਡਾਂ ‘ਚ ਬਿਜਲੀ ਦੇ ਕੰਮ ਦਾ ਨਵੀਨੀਕਰਨ ਚੱਲ ਰਿਹਾ ਹੈ ਅਤੇ ਪਾਰਕਾਂ ‘ਚ ਰੌਸ਼ਨੀ ਲਈ ਲਾਇਟਾਂ ਦਾ ਕੰਮ ਵੀ ਜਲਦ ਨੇਪਰੇ ਚੜ੍ਹਾ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਰਜਿੰਦਰਾ ਹਸਪਤਾਲ ਅਤੇ ਮੈਡੀਕਲ ਕਾਲਜ ‘ਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਚੱਲ ਰਹੇ ਸਾਰੇ ਕੰਮਾਂ ‘ਚ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਸਮੇਂ ਸਿਰ ਮੁਕੰਮਲ ਕਰਨੇ ਵੀ ਯਕੀਨੀ ਬਣਾਏ ਜਾਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦੀ ਪਹਿਲੀ ਤਰਜੀਹ ਹੈ ਜਿਸ ਲਈ ਉਨ੍ਹਾਂ ਵੱਲੋਂ ਸਰਕਾਰੀ ਰਜਿੰਦਰਾ ਹਸਪਤਾਲ ਦੀ ਕਾਇਆਂ ਕਲਪ ਕਰਨ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਲਈ ਉਹ ਖ਼ੁਦ ਇਨ੍ਹਾਂ ਕੰਮਾਂ ਦੀ ਨਿਗਰਾਨੀ ਕਰਕੇ ਇਨ੍ਹਾਂ ਕੰਮਾਂ ਦਾ ਜਾਇਜ਼ਾ ਲੈਂਦੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਰਜਿੰਦਰਾ ਹਸਪਤਾਲ ਦੇ ਕੰਮਾਂ ਦੀ ਖ਼ੁਦ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਨੇ ਚੱਲ ਰਹੇ ਕੰਮਾਂ ‘ਤੇ ਸੰਤੁਸ਼ਟੀ ਦਾ ਇਜ਼ਹਾਰ ਕੀਤਾ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਰਜਿੰਦਰਾ ਹਸਪਤਾਲ ਵਿਖੇ ਗੱਡੀਆਂ ਦੀ ਪਾਰਕਿੰਗ ਦੀ ਗੰਭੀਰ ਸਮੱਸਿਆ ਦਾ ਜਲਦ ਹੱਲ ਕਰ ਦਿੱਤਾ ਜਾਵੇਗਾ ਜਦੋਂਕਿ ਹਸਪਤਾਲ ਤੇ ਮੈਡੀਕਲ ਕਾਲਜ ਵਿਖੇ ਮੀਂਹ ਦੇ ਪਾਣੀ ਦੀ ਸੰਭਾਲ ਸਮੇਤ ਢੁਕਵੀਂਆਂ ਥਾਵਾਂ ‘ਤੇ ਬੂਟੇ ਵੀ ਲਾਏ ਜਾ ਰਹੇ ਹਨ।
ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਨਵੀਨ ਮਿੱਤਲ, ਜਲ ਸਪਲਾਈ ਤੇ ਜਨ ਸਿਹਤ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ. ਬਲਜੀਤ ਸਿੰਘ ਲੋਕ ਨਿਰਮਾਣ ਦੇ ਐਸ.ਡੀ.ਓ. ਸ੍ਰੀ ਹਰੀਸ਼ ਗੋਇਲ, ਐਸ.ਡੀ.ਓ. ਇਲੈਕਟ੍ਰੀਕਲ ਸ. ਐਸ.ਐਸ. ਵਿਰਕ ਅਤੇ ਹੋਰ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *