ਪੰਚਾਇਤ ਚੋਣਾਂ ਲਈ ਚੋਣ ਅਮਲੇ ਦੀ ਦੂਜੀ ਰਿਹਰਸਲ ਕਰਵਾਈ
9000 ਦੇ ਕਰੀਬ ਤਾਇਨਾਤ ਕੀਤਾ ਜਾਵੇਗਾ ਚੋਣ ਅਮਲਾ
ਚੋਣ ਅਮਲੇ ਨੂੰ ਦਿੱਤੀ ਗਈ ਤਕਨੀਕੀ ਜਾਣਕਾਰੀ -ਕੁਮਾਰ ਅਮਿਤ
ਪਟਿਆਲਾ, 26 ਦਸੰਬਰ (ਮਧੂਸਾਰ ਬਿਊਰੋ) ਗ੍ਰਾਮ ਪੰਚਾਇਤਾਂ ਦੀਆਂ 30 ਦਸੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਚੋਣ ਅਮਲੇ ਦੀ ਦੂਜੀ ਰਿਹਰਸਲ ਕਰਵਾਈ ਗਈ। ਇਸ ਰਿਹਰਸਲ ਦੌਰਾਨ ਚੋਣ ਅਮਲੇ ਨੂੰ ਚੋਣਾਂ ਨੂੰ ਸਫਲਤਾਪੂਰਵਕ ਕਰਵਾਉਣ ਲਈ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਚੋਣ ਅਮਲੇ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਮਾਹਰਾਂ ਵੱਲੋਂ ਦਿੱਤੇ ਗਏ।
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ-ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ 9000 ਹਜ਼ਾਰ ਦੇ ਕਰੀਬ ਚੋਣ ਅਮਲੇ ਨੂੰ ਮਾਸਟਰ ਟ੍ਰੇਨਰਾਂ ਵੱਲੋਂ ਤਕਨੀਕੀ ਜਾਣਕਾਰੀ ਪਾਵਰ ਪੁਆਇੰਟ ਸਲਾਇਡਾਂ ਰਾਹੀਂ ਦਿੱਤੀ ਗਈ ਹੈ ਜਿਸ ਵਿੱਚ ਚੋਣ ਸਮੱਗਰੀ, ਬੈਲਟ ਬਕਸੇ ਰੱਖਣ ਆਦਿ ਤੋਂ ਵੀ ਜਾਣੂ ਕਰਵਾਇਆ ਗਿਆ। ਇਸ ਤੋਂ ਬਿਨ੍ਹਾਂ ਚੋਣ ਅਮਲੇ ਦੀਆਂ ਜ਼ਿੰਮੇਵਾਰੀਆਂ ਅਤੇ ਅਧਿਕਾਰਾਂ ਪ੍ਰਤੀ ਵੀ ਸੁਚੇਤ ਕੀਤਾ ਗਿਆ।
ਸ੍ਰੀ ਕੁਮਾਰ ਅਮਿਤ ਨੇ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਚੋਣਾਂ ਨੂੰ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨਤਾ ਨਾਲ ਨੇਪਰੇ ਚੜਾਏ ਜਾਣਾ ਯਕੀਨੀ ਬਣਾਉਣ ਅਤੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਸਖਤੀ ਨਾਲ ਕੀਤੀ ਜਾਵੇ।
ਇਸ ਮੌਕੇ ਏ.ਡੀ.ਸੀ. (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਚੋਣ ਸਮੱਗਰੀ ਦੇ ਕੇ ਚੋਣ ਅਮਲੇ ਨੂੰ ਚੋਣ ਬੂਥਾਂ ਲਈ 29 ਦਸੰਬਰ ਨੂੰ ਰਵਾਨਾਂ ਕੀਤਾ ਜਾਵੇਗਾ ਤੇ ਵੋਟਾਂ 30 ਦਸੰਬਰ ਨੂੰ ਪੈਣਗੀਆਂ ਅਤੇ ਉਸੇ ਦਿਨ ਗਿਣਤੀ ਬਾਅਦ ਨਤੀਜਿਆਂ ਦਾ ਐਲਾਨ ਵੀ ਕੀਤਾ ਜਾਵੇਗਾ।

