ਦੇਸ਼-ਵਿਦੇਸ਼ਪੰਜਾਬਪਟਿਆਲਾ

ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਆਰੰਭ

ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਆਰੰਭਤਾ ਦੀ ਅਰਦਾਸ ਵਿੱਚ ਡਿਪਟੀ ਕਮਿਸ਼ਨਰ ਸਮੇਤ ਵੱਖ ਵੱਖ ਅਧਿਕਾਰੀ ਹੋਏ ਸ਼ਾਮਲ
ਫ਼ਤਹਿਗੜ੍ਹ ਸਾਹਿਬ, 26 ਦਸੰਬਰ (ਮਧੂਸਾਰ ਬਿਊਰੋ) ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਤਿੰਨ ਰੋਜ਼ਾ ‘ਸ਼ਹੀਦੀ ਸਭਾ’ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ‘ਤੇ ਸਥਿਤ ਇਤਿਹਾਸਕ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਕਰਵਾਉਣ ਨਾਲ ਸ਼ੁਰੂ ਹੋਈ। ਅਖੰਡ ਪਾਠ ਸਾਹਿਬ ਦੇ ਭੋਗ 28 ਦਸੰਬਰ ਨੂੰ ਪਾਏ ਜਾਣਗੇ।

ਅਰੰਭਤਾ ਦੀ ਅਰਦਾਸ ਵਿੱਚ ਜਿੱਥੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਸ. ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਸ਼ਾਮਲ ਹੋਏ, ਉਥੇ ਦੇਸ਼-ਵਿਦੇਸ਼ ਦੇ ਕੋਨੇ-ਕੋਨੇ ਤੋਂ ਪੁੱਜੀ ਵੱਡੀ ਗਿਣਤੀ ਸੰਗਤ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਅੰਤਿਮ ਸਸਕਾਰ ਵਾਲੇ ਇਤਿਹਾਸਕ ਅਸਥਾਨ ‘ਤੇ ਸੁਸ਼ੋਭਿਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅੱਜ ਸਵੇਰੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਜਸਪ੍ਰੀਤ ਸਿੰਘ, ਐਸ.ਡੀ.ਐਮ. ਖਮਾਣੋਂ ਸ. ਪਰਮਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਸ. ਚਰਨਜੀਤ ਸਿੰਘ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਭਾਈ ਅਮਰਜੀਤ ਸਿੰਘ, ਗੁਰਦੁਆਰਾ ਸ੍ਰੀ ਜੋਤੀ ਸਰੂਪ ਦੇ ਮੈਨੇਜਰ ਭਾਈ ਬਲਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ। ਅਖੰਡ ਪਾਠ ਦੇ ਭੋਗ 28 ਦਸੰਬਰ ਨੂੰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪਾਏ ਜਾਣਗੇ। ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ 28 ਦਸੰਬਰ ਨੂੰ ਸਵੇਰੇ 09:00 ਵਜੇ ਨਗਰ ਕੀਰਤਨ ਪ੍ਰਾਰੰਭ ਹੋਵੇਗਾ, ਜੋ ਕਿ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਕਰੀਬ ਦੁਪਹਿਰ 01:00 ਵਜੇ ਪੁੱਜੇਗਾ।

Leave a Reply

Your email address will not be published. Required fields are marked *