ਸੂਬਾ ਪੱਧਰੀ ਖੇਡਾਂ ਵਿੱਚ ਭਾਗ ਲੈਣ ਲਈ ਅੰਡਰ-14 ਖਿਡਾਰੀ ਹੋਏ ਰਵਾਨਾ
ਪਟਿਆਲਾ ਜ਼ਿਲ੍ਹੇ ਦੇ 180 ਖਿਡਾਰੀ ਵੱਖ-ਵੱਖ ਖੇਡਾਂ ‘ਚ ਦਿਖਾਉਣਗੇ ਆਪਣੀ ਪ੍ਰਤਿਭਾ ਦੇ ਜੌਹਰ – ਜ਼ਿਲ੍ਹਾ ਖੇਡ ਅਫ਼ਸਰ
ਪਟਿਆਲਾ, 2 ਜਨਵਰੀ (ਮਧੂਸਾਰ ਬਿਊਰੋ) ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਖਿਡਾਰੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਕਰਵਾਏ ਜਾ ਰਹੇ ਮੁਕਾਬਲਿਆਂ ਤਹਿਤ ਪਟਿਆਲਾ ਜ਼ਿਲ੍ਹੇ ਦੇ 180 ਦੇ ਕਰੀਬ ਖਿਡਾਰੀ 3 ਤੋਂ 5 ਜਨਵਰੀ ਤੱਕ ਹੋਣ ਵਾਲੀਆਂ ਸੂਬਾ ਪੱਧਰੀ ਖੇਡਾਂ ‘ਚ ਭਾਗ ਲੈਣ ਲਈ ਅੱਜ ਰਵਾਨਾ ਹੋਏ। ਇਸ ਬਾਰੇ ਜਾਣਕਾਰੀ ਦਿੰਦਿਆ ਜ਼ਿਲ੍ਹਾ ਖੇਡ ਅਫ਼ਸਰ ਹਰਪ੍ਰੀਤ ਸਿੰਘ ਹੁੰਦਲ ਨੇ ਦੱਸਿਆ ਕਿ ਲੜਕਿਆ ਦੀਆਂ ਅੰਡਰ-14 ਖੇਡਾਂ ਦੇ ਸੂਬਾ ਪੱਧਰੀ ਮੁਕਾਬਲੇ ਰੋਪੜ, ਐਸ.ਏ.ਐਸ ਨਗਰ ਅਤੇ ਸੰਗਰੂਰ ਵਿਖੇ ਕਰਵਾਏ ਜਾ ਰਹੇ ਹਨ ਜਿਨ੍ਹਾਂ ਵਿੱਚ ਪਟਿਆਲਾ ਜ਼ਿਲ੍ਹੇ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਪਹਿਲਾਂ ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀ ਹਿੱਸਾ ਲੈ ਰਹੇ ਹਨ।
ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ 3 ਤੋਂ 5 ਜਨਵਰੀ ਤੱਕ ਚੱਲਣ ਵਾਲੀਆਂ ਇੰਨਾ ਖੇਡਾਂ ਵਿੱਚ ਅਥਲੈਟਿਕਸ, ਬਾਸਕਟਬਾਲ, ਹਾਕੀ, ਵਾਲੀਬਾਲ, ਹੈਡਬਾਲ, ਕਬੱਡੀ, ਬਾਕਸਿੰਗ, ਫੁੱਟਬਾਲ, ਕੁਸ਼ਤੀ, ਜੂਡੋ, ਬੈਡਮਿੰਟਨ, ਖੋ-ਖੋ, ਜਿਮਨਾਸਟਿਕ, ਟੇਬਲ ਟੈਨਿਸ ਅਤੇ ਸਵਿਮਿੰਗ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ 180 ਖਿਡਾਰੀ ਇਨ੍ਹਾਂ ਸੂਬਾ ਪੱਧਰੀ ਖੇਡਾਂ ਵਿੱਚ ਹਿੱਸਾ ਲੈ ਰਹੇ ਹਨ।
ਸ. ਹਰਪ੍ਰੀਤ ਸਿੰਘ ਹੁੰਦਲ ਨੇ ਦੱਸਿਆ ਕਿ ਇਨ੍ਹਾਂ ਖਿਡਾਰੀਆਂ ਵੱਲੋਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਇਨ੍ਹਾਂ ਖਿਡਾਰੀਆਂ ਨੂੰ ਵੱਖ-ਵੱਖ ਖੇਡਾਂ ਦੇ ਕੋਚਾਂ ਵੱਲੋਂ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਅੰਡਰ-14 ਖੇਡਾਂ ਵਿੱਚ ਪਟਿਆਲਾ ਜ਼ਿਲ੍ਹੇ ਦੇ ਖਿਡਾਰੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਰਾਸ਼ਟਰੀ ਖੇਡਾਂ ਲਈ ਆਪਣੀ ਦਾਅਵੇਦਾਰੀ ਪੇਸ਼ ਕਰਨਗੇ।

