ਪੀਐੱਸਈਬੀ ਐੰਪਲਾਈਜ਼ ਫੈਡਰੇਸ਼ਨ (ਏਟਕ) ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਕੇਂਦਰ ਖਿਲਾਫ਼ ਦੋ ਰੋਜ਼ਾ ਹੜਤਾਲ ਨੂੰ ਸਫ਼ਲ ਬਣਾਉਣ ਲਈ ਬਿਜਲੀ ਕਾਮਿਆਂ ਦੀ ਲਾਮਬੰਦੀ
ਗੁਰਦਾਸਪੁਰ, 3 ਜਨਵਰੀ (ਸਰਬਜੀਤ ਸਾਗਰ/ਮਧੂਸਾਰ ਬਿਊਰੋ) ਕੇਂਦਰ ਦੀਆਂ ਟਰੇਡ ਯੂਨੀਅਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਦੋ ਰੋਜ਼ਾ ਹੜਤਾਲ ਦੇ ਉਲੀਕੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਬਿਜਲੀ ਕਾਮਿਆਂ ਦੀ ਲਾਮਬੰਦੀ ਲਈ ਪੀਐੱਸਈਬੀ ਐੰਪਲਾਈਜ਼ ਫੈਡਰੇਸ਼ਨ (ਏਟਕ) ਵੱਲੋਂ ਨਿਰਮਲ ਸਿੰਘ ਬਸਰਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ।
ਫੈਡਰੇਸ਼ਨ ਦੇ ਸਰਕਲ ਪ੍ਰਧਾਨ ਬਲਵਿੰਦਰ ਸਿੰਘ ਉਦੀਪੁਰ ਨੇ ਸੰਬੋਧਨ ਕਰਦੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਟਰੇਡ ਯੂਨੀਅਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ 8 ਅਤੇ 9 ਜਨਵਰੀ ਨੂੰ ਦੇਸ਼ ਪੱਧਰੀ ਹੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੜਤਾਲ ਕਰਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਖੁਲਾਸਾ ਕੀਤਾ ਜਾਵੇਗਾ। ਹੜਤਾਲ ਕਰਕੇ ਕੇਂਦਰ ਸਰਕਾਰ ਤੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਸੁਪਰੀਮ ਕੋਰਟ ਦੇ ਫੈਸਲੇ ਮੁਤਾਬਕ ਬਰਾਬਰ ਕੰਮ ਬਰਾਬਰ ਤਨਖਾਹ ਸਿਧਾਂਤ ਲਾਗੂ ਕਰਨ, ਲੇਬਰ ਕਾਨੂੰਨਾਂ ਵਿੱਚ ਮਜ਼ਦੂਰ ਵਿਰੋਧੀ ਸੋਧਾਂ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ। ਆਗੂਆਂ ਐਲਾਨ ਕੀਤਾ ਕਿ ਕੇਂਦਰ ਸਰਕਾਰ ਖਿਲਾਫ਼ ਹੜਤਾਲ ਵਿੱਚ ਬਿਜਲੀ ਕਾਮੇ ਪੂਰੀ ਸਮੱਰਥਾ ਨਾਲ ਸ਼ਮੂਲੀਅਤ ਕਰਨਗੇ।

