ਪਟਿਆਲਾ

ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ : ਧਰਮਸੌਤ

ਪਟਿਆਲਾ, 4 ਜਨਵਰੀ (ਮਧੂਸਾਰ ਬਿਊਰੋ) ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਪਟਿਆਲਾ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ‘ਚ ਹੋਰ ਤੇਜੀ ਲਿਆਂਦੀ ਜਾਵੇ ਅਤੇ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਧਰਮਸੋਤ ਨੇ ਕਿਹਾ ਕਿ ਪਟਿਆਲਾ ਜ਼ਿਲ੍ਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਜੱਦੀ ਜ਼ਿਲ੍ਹਾ ਹੋਣ ਕਰਕੇ ਇੱਕ ਅਹਿਮ ਸਥਾਨ ਰੱਖਦਾ ਹੈ, ਜਿਸ ਲਈ ਮੁੱਖ ਮੰਤਰੀ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਪੂਰਾ ਕਰਨ ‘ਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
ਸ. ਧਰਮਸੋਤ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਦੀ ਨਿਗਰਾਨੀ ਖ਼ੁਦ ਕਰਨੀ ਯਕੀਨੀ ਬਨਾਉਣ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ‘ਤੇ ਪਹੁੰਚਾਉਣ ਲਈ ਇਨ੍ਹਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਕੇ ਸਰਕਾਰ ਦਾ ਮਨੋਰਥ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ‘ਚ ਕੀਤੀ ਗਈ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ।
ਕੈਬਨਿਟ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਆਪਣੇ ਵੱਲੋਂ ਅਧਿਕਾਰੀਆਂ ਅਤੇ ਜ਼ਿਲ੍ਹੇ ਦੇ ਲੋਕਾਂ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦਿੱਤੀਆਂ ਹਦਾਇਤਾਂ ਤੇ ਨਿਰਦੇਸ਼ਾਂ ਦੀ ਪਾਲਣਾਂ ਕਰਦਿਆਂ ਪਟਿਆਲਾ ਜ਼ਿਲ੍ਹੇ ਨੂੰ ਪੰਜਾਬ ਦਾ ਇੱਕ ਨੰਬਰ ਦਾ ਜ਼ਿਲ੍ਹਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਪੂਰਾ ਕਰ ਰਹੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਸ. ਧਰਮਸੋਤ ਨੂੰ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਦੇ ਸਨਮੁੱਖ ਹਰ ਪਿੰਡ ‘ਚ 550 ਬੂਟੇ ਲਾਉਣ ਦੀ ਅਰੰਭੀ ਮੁਹਿੰਮ ਤਹਿਤ ਥਾਵਾਂ ਦੀ ਪਛਾਣ ਕਰਕੇ ਹਰ ਪਿੰਡ ਲਈ ਨੋਡਲ ਅਫ਼ਸਰ ਤਾਇਨਾਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮਗਨਰੇਗਾ ‘ਚ ਪਟਿਆਲਾ ਜ਼ਿਲ੍ਹਾ ਹੁਣ ਮੋਹਰੀ ਜ਼ਿਲ੍ਹਾ ਬਣ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ‘ਚ ਮੁੱਖ ਮੰਤਰੀ ਵੱਲੋਂ ਅਰੰਭੀ ਕਿਸਾਨ ਕਰਜਾ ਰਾਹਤ ਸਕੀਮ ਤਹਿਤ 24036 ਕਿਸਾਨਾਂ ਨੂੰ ਲਾਭ ਦਿੰਦਿਆਂ 150 ਕਰੋੜ ਰੁਪਏ ਤੋਂ ਵਧੇਰੇ ਰਾਸ਼ੀ ਦਾ ਕਰਜਾ ਮੁਆਫ਼ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਦੀਆਂ ਭਲਾਈ ਸਕੀਮਾਂ ‘ਚ ਨਵੰਬਰ ਮਹੀਨੇ ਤੱਕ ਦੀਆਂ ਪੈਨਸ਼ਨਾਂ ਦੀ ਅਦਾਇਗੀ ਲਾਭਪਾਤਰੀਆਂ ਦੇ ਖਾਤਿਆਂ ‘ਚ ਚੱਲੀ ਗਈ ਹੈ ਅਤੇ ਦਸਬੰਰ ਮਹੀਨੇ ਲਈ ਕਾਰਵਾਈ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ‘ਚ ਚੱਲ ਰਹੇ ਸਰਕਾਰੀ ਸਕੂਲਾਂ ‘ਚੋ 21 ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਜ਼ਿਲ੍ਹੇ ‘ਚ 57454 ਐਸ.ਸੀ.ਬੀ.ਸੀ ਲਾਭਪਾਤਰੀਆਂ ਨੂੰ 200 ਯੁਨਿਟ ਬਿਜਲੀ ਦੇ ਮੁਫ਼ਤ ਮਹੁੱਈਆ ਕਰਵਾਉਣ ਲਈ 6569 ਲੱਖ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ। ਜਦੋਂਕਿ ਭਗਤ ਪੂਰਨ ਸਿੰਘ ਸਿਹਤ ਬੀਮਾ ਤਹਿਤ 13099, ਮੁੱਖ ਮੰਤਰੀ ਕੈਂਸਰ ਰਾਹਤ ਫੰਡ ਤਹਿਤ 530 ਲਾਭਪਾਤਰੀਆਂ ਨੇ ਲਾਭ ਉਠਾਇਆ ਹੈ ਅਤੇ ਜ਼ਿਲ੍ਹੇ ‘ਚ 2.12 ਲੱਖ ਲਾਭਪਾਤਰੀ ਆਟਾ ਦਾਲ ਸਕੀਮ ਦਾ ਲਾਭ ਲੈ ਰਹੇ ਹਨ।
ਮੀਟਿੰਗ ਦੌਰਾਨ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸ. ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਸ੍ਰੀਮਤੀ ਵਿੰਤੀ ਸੰਗਰ, ਨਗਰ ਕੌਂਸਲ ਪਾਤੜਾਂ ਦੇ ਪ੍ਰਧਾਨ ਸ੍ਰੀ ਨਰਿੰਦਰ ਸਿੰਗਲਾ, ਨਗਰ ਕੌਂਸਲ ਰਾਜਪੁਰਾ ਦੇ ਪ੍ਰਧਾਨ ਸ੍ਰੀ ਨਰਿੰਦਰ ਕੁਮਾਰ, ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸ਼ੌਕਤ ਅਹਿਮਦ ਪਰੇ, ਐਸ.ਡੀ.ਐਮ. ਦੁੱਧਨ ਸਾਧਾਂ ਸ੍ਰੀ ਅਜੇ ਅਰੋੜਾ, ਐਸ.ਡੀ.ਐਮ. ਨਾਭਾ ਸ੍ਰੀ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਰਾਜਪੁਰਾ ਸ੍ਰੀ ਸ਼ਿਵ ਕੁਮਾਰ, ਸਹਾਇਕ ਕਮਿਸ਼ਨਰ (ਜ) ਸ੍ਰੀ ਨਮਨ ਮੜਕਨ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਹਰਕੀਰਤ ਕੌਰ, ਡੀ.ਐਸ.ਪੀ. ਹਰਬੰਤ ਕੌਰ, ਸਿਵਲ ਸਰਜਨ ਡਾ. ਮਨਜੀਤ ਸਿੰਘ ਸਮੇਤ ਹੋਰ ਵਿਭਾਗਾਂ ਦੇ ਮੁਖੀ ਤੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *