ਪਟਿਆਲਾ ਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪੰਚਾਂ, ਸਰਪੰਚਾਂ ਤੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਮੁੱਖ ਮੰਤਰੀ ਚੁਕਾਉਣਗੇ ਸਹੁੰ
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਤਿਆਰੀਆਂ ਦਾ ਜਾਇਜ਼ਾ
ਪਟਿਆਲਾ, 9 ਜਨਵਰੀ (ਕੰਵਰ ਬੇਦੀ/ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 11 ਜਨਵਰੀ ਨੂੰ ਪਟਿਆਲਾ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨਵੇਂ ਚੁਣੇ ਗਏ ਪੰਚਾਂ, ਸਰਪੰਚਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਉਣ ਦੀ ਰਸਮ ਅਦਾ ਕਰਨਗੇ। ਇਨ੍ਹਾਂ ਨਵੇਂ ਚੁਣੇ ਗਏ ਪੰਚਾਇਤੀ ਰਾਜ ਸੰਸਥਾਵਾਂ ਦੇ ਮੈਂਬਰਾਂ ਨੂੰ ਸਹੁੰ ਚੁਕਾਉਣ ਦੀ ਇਹ ਰਸਮ ਇੱਥੇ ਸਰਹਿੰਦ ਰੋਡ ‘ਤੇ ਸਥਿਤ ਓਮੈਕਸ ਸਿਟੀ ਦੇ ਮੈਦਾਨ ਵਿਖੇ ਹੋਵੇਗੀ, ਜਿਸ ਲਈ ਤਿਆਰੀਆਂ ਜੰਗੀ ਪੱਧਰ ‘ਤੇ ਸ਼ੁਰੂ ਹੋ ਗਈਆਂ ਹਨ।
ਸਹੁੰ ਚੁਕਾਉਣ ਦੇ ਇਸ ਅਹਿਮ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਮੀਟਿੰਗ ਕਰਕੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਦੇ ਨਾਲ ਮੌਜੂਦ ਜ਼ਿਲ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਨੇ ਸੁਰੱਖਿਆ ਅਤੇ ਟ੍ਰੈਫਿਕ ਨਿਯੰਤਰਣ ਬਾਬਤ ਵਿਚਾਰ ਚਰਚਾ ਕੀਤੀ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੀਆਂ 1036 ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ 6299 ਪੰਚਾਇਤ ਮੈਂਬਰਾਂ, ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ 25 ਮੈਂਬਰਾਂ ਤੇ 9 ਬਲਾਕ ਸੰਮਤੀਆਂ ਦੇ 193 ਮੈਂਬਰਾਂ ਸਮੇਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਗ੍ਰਾਮ ਪੰਚਾਇਤਾਂ ਦੇ 426 ਸਰਪੰਚਾਂ ਅਤੇ 2433 ਪੰਚਾਇਤ ਮੈਂਬਰਾਂ ਸਮੇਤ ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ 10 ਮੈਂਬਰਾਂ ਅਤੇ 5 ਬਲਾਕ ਸੰਮਤੀਆਂ ਦੇ 77 ਮੈਂਬਰਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 11 ਜਨਵਰੀ ਨੂੰ ਸਹੁੰ ਚੁਕਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਮਾਗਮ ਲਈ ਅਧਿਕਾਰੀਆਂ ਦੀਆਂ ਕਮੇਟੀਆਂ ਦਾ ਗਠਨ ਕਰ ਦਿੱੱਤਾ ਗਿਆ ਹੈ ਅਤੇ ਸਮੁਚੇ ਪ੍ਰਬੰਧਾਂ ਦੀ ਨਿਗਰਾਨੀ ਏ.ਡੀ.ਸੀ. (ਵਿਕਾਸ) ਸ੍ਰੀਮਤੀ ਪੂਨਮਦੀਪ ਕੌਰ ਕਰਨਗੇ। ਉਨ੍ਹਾਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਦੇ ਪ੍ਰਬੰਧਾਂ ਦੀਆਂ ਲੋੜੀਂਦੀਆਂ ਤਿਆਰੀਆਂ ਸਮੇਂ ਸਿਰ ਕਰਨ ‘ਚ ਕੋਈ ਢਿੱਲ ਮੱਠ ਨਾਂ ਵਰਤੀ ਜਾਵੇ।
ਇਸ ਮੀਟਿੰਗ ‘ਚ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਪੂਨਮਦੀਪ ਕੌਰ, ਫ਼ਤਹਿਗੜ੍ਹ ਸਾਹਿਬ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਜਗਵਿੰਦਰਜੀਤ ਸਿੰਘ ਸੰਧੂ, ਐਸ.ਡੀ.ਐਮ. ਰਾਜਪੁਰਾ ਸ੍ਰੀ ਸ਼ਿਵ ਕੁਮਾਰ, ਸਹਾਇਕ ਕਮਿਸ਼ਨਰ (ਜ) ਸ੍ਰੀ ਨਮਨ ਮੜਕਣ, ਐਸ.ਪੀ. ਸਥਾਨਕ ਸ. ਹਰਵਿੰਦਰ ਸਿੰਘ ਵਿਰਕ, ਐਸ.ਪੀ. ਜਾਂਚ ਸ. ਮਨਜੀਤ ਸਿੰਘ ਬਰਾੜ, ਐਸ.ਪੀ. ਟ੍ਰੈਫਿਕ ਤੇ ਸੁਰੱਖਿਆ ਸ. ਹਰਮੀਤ ਸਿੰਘ ਹੁੰਦਲ, ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਡਿਪਟੀ ਸੀ.ਈ.ਓ. ਸ. ਚਰਨਜੋਤ ਸਿੰਘ ਵਾਲੀਆ, ਡੀ.ਡੀ.ਪੀ.ਓ. ਫ਼ਤਹਿਗੜ੍ਹ ਸਾਹਿਬ ਸ. ਅਮਰੀਕ ਸਿੰਘ, ਡੀ.ਡੀ.ਪੀ.ਓ. ਪਟਿਆਲਾ ਸ. ਸੁਰਿੰਦਰ ਸਿੰਘ ਢਿੱਲੋਂ, ਸਿਵਲ ਸਰਜਨ ਡਾ. ਮਨਜੀਤ ਸਿੰਘ, ਤਹਿਸੀਲਦਾਰ ਸ੍ਰੀ ਪਰਵੀਨ ਸਿੰਗਲਾ, ਐਸ.ਡੀ.ਓ. ਲੋਕ ਨਿਰਮਾਣ ਸ੍ਰੀ ਹਰੀਸ਼ ਕੁਮਾਰ ਗੋਇਲ ਸਮੇਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੇ ਪਟਿਆਲਾ ਦੇ ਬੀ.ਡੀ.ਪੀ.ਓਜ ਤੇ ਹੋਰ ਅਧਿਕਾਰੀ ਮੌਜੂਦ ਸਨ।

