1984 ਦੇ ਸਿੱਖ ਕਤਲੇਆਮ ਪੀੜਤ ਪਰਿਵਾਰਾਂ ਨੂੰ ਇਨਸਾਫ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਅਰਦਾਸ ਸਮਾਗਮ
ਸਿੱਖ ਕਤਲੇਆਮ ਮਾਮਲੇ ‘ਚ ਸੱਜਣ ਕੁਮਾਰ ਦੇ ਦੋਸ਼ੀ ਪਾਏ ਜਾਣ ਨਾਲ ਕਾਂਗਰਸ ਦਾ ਸਿੱਖਾਂ ਪ੍ਰਤੀ ਚਿਹਰਾ ਬੇਨਕਾਬ : ਸ. ਰੱਖੜਾ
ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨਾਲ ਖੜਨਾ ਅੱਜ ਸਮੇਂ ਦੀ ਵੱਡੀ ਲੋੜ : ਪ੍ਰੋ. ਬਡੂੰਗਰ
ਪਟਿਆਲਾ 10 ਜਨਵਰੀ (ਕੰਵਰ ਬੇਦੀ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੀਡਰਸ਼ਿਪ ਵੱਲੋਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਅਤੇ ਕੋਰ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ‘ਚ ਸਮੁੱਚੀ ਲੀਡਰਸ਼ਿਪ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਅਤੇ ਬਾਕੀ ਸਾਰੇ ਦੋਸ਼ੀਆਂ ਨੁੰ ਸਜ਼ਾਵਾਂ ਦਿਵਾਉਣ ਲਈ ਨਿਤਨੇਮ ਦੇ ਪਾਠ ਕੀਤੇ ਅਤੇ ਅਰਦਾਸ ਕੀਤੀ।
ਅਰਦਾਸ ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿੰ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ, ਸਾਬਕਾ ਚੇਅਰਮੈਨ ਅਤੇ ਬੁਲਾਰੇ ਸ. ਨਰਦੇਵ ਸਿੰਘ ਆਕੜੀ, ਸਾਬਕਾ ਚੇਅਰਮੈਨ ਸ. ਜਸਪਾਲ ਸਿੰਘ ਕਲਿਆਣ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸ. ਸੁਖਦੇਵ ਸਿੰਘ ਬਘੌਰਾ, ਸ. ਸਤਵਿੰਦਰ ਸਿੰਘ ਸ਼ੱਕੂ ਗਰੋਵਰ, ਮੈਨੇਜਰ ਸ. ਕਰਨੈਲ ਸਿੰਘ ਨਾਭਾ, ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ, ਵਰਕਰਾਂ ਤੇ ਅਹੁਦੇਦਾਰਾਂ ਨੇ ਵੀ ਵੱਡੀ ਗਿਣਤੀ ‘ਚ ਸ਼ਿਰਕਤ ਕੀਤੀ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ. ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ 1984 ਦੇ ਸਿੱਖ ਕਤਲੇਆਮ ਪੀੜਤ ਪਰਿਵਾਰਾਂ ਨੂੰ ਇਨਸਾਫ ਅਤੇ ਬਾਕੀ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਅਰਦਾਸ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਲਈ ਕਾਂਗਰਸ ਜ਼ਿੰਮੇਵਾਰ ਹੈ ਕਿਉਂਕਿ ਕਾਂਗਰਸ ਹਕੂਮਤ ਦੇ ਸਮੇਂ ਇਹ ਸਾਰਾ ਘਟਨਾਕ੍ਰਮ ਵਾਪਰਿਆ ਅਤੇ ਸਿੱਖ ਜਮਾਤ ਦੀ ਨਸਲਕੁਸ਼ੀ ਲਈ ਕਾਂਗਰਸ ਨੇ ਇਹ ਜ਼ੁਲਮ ਤੇ ਜ਼ਬਰ ਢਾਹਿਆ, ਜਿਸ ਨੂੰ ਰਹਿੰਦੀ ਦੁਨੀਆ ਤੱਕ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ। ਸ. ਰੱਖੜਾ ਨੇ ਕਿਹਾ ਕਿ ਸੱਜਣ ਕੁਮਾਰ ਦੇ ਸਿੱਖ ਕਤਲੇਆਮ ਮਾਮਲੇ ‘ਚ ਦੋਸ਼ੀ ਪਾਏ ਜਾਣ ਨਾਲ ਜਿਥੇ ਕਾਂਗਰਸ ਦਾ ਘੱਟ ਗਿਣਤੀ ਲੋਕਾਂ ਪ੍ਰਤੀ ਚਿਹਰੇ ਬੇਨਕਾਬ ਹੋ ਚੁੱਕਿਆ ਹੈ,ਉਥੇ ਹੀ ਅਦਾਲਤੀ ਫੈਸਲੇ ਨਾਲ ਇਹ ਵੀ ਸਿੱਧ ਹੋਇਆ ਕਿ ਹੁਣ ਤੱਕ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ‘ਚ ਕਾਂਗਰਸ ਸਿੱਧੇ-ਅਸਿੱਧੇ ਢੰਗ ਨਾਲ ਮਦਦ ਕਰਦੀ ਰਹੀ ਹੈ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਿੱਖ ਕਤਲੇਆਮ ਮਾਮਲੇ ‘ਚ 34 ਸਾਲਾਂ ‘ਚ ਅਜੇ ਸਿਰਫ ਸੱਜਣ ਕੁਮਾਰ ਨੂੰ ਕਾਨੂੰਨ ਦੇ ਕਟਹਿਰੇ ‘ਚ ਲਿਆਂਦਾ ਗਿਅ ਹੈ, ਜਦਕਿ ਬਾਕੀ ਦੇ ਦੋਸ਼ੀ ਅਜੇ ਵੀ ਸਿੱਖਾਂ ਨੂੰ ਮੂੰਹ ਚਿੜਾਉਂਦੇ ਹਨ, ਜਿਨ੍ਹਾਂ ਨੂੰ ਸਖ਼ਤ ਸਜ਼ਾਵਾਂ ਮਿਲਣ ਨੂੰ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਅਰਦਾਸ ਕੀਤੀ ਗਈ ਹੈ ਤਾਂ ‘ਚ ਸਿੱਖ ਪੀੜਤ ਪਰਿਵਾਰਾਂ ਨੂੰ ਇਨਸਾਫ ਮਿਲ ਸਕੇ। ਪ੍ਰੋ. ਬਡੂੰਗਰ ਨੇ ਕਿਹਾ ਕਿ ਜਦੋਂ ਸਾਰੇ ਹੀਲੇ-ਵਸੀਲੇ ਮੁਕ ਜਾਣ ਤਾਂ ਗੁਰੂ ਦੇ ਘਰ ‘ਤੇ ਟੇਕ ਰਹਿ ਜਾਂਦੀ ਹੈ, ਜਿਥੋਂ ਪੀੜਤ ਪਰਿਵਾਰਾਂ ਨੂੰ ਇਨਸਾਫ ਅਤੇ ਦੋਸ਼ੀਆਂ ਨੂੰ ਸਜਾਵਾਂ ਮਿਲ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨਾਲ ਖੜਨਾ ਅੱਜ ਸਮੇਂ ਦੀ ਵੱਡੀ ਲੋੜ ਹੈ।

