ਅਕਾਲੀ ਦਲ ਟਕਸਾਲੀ ‘ਚ ਸ਼ਾਮਲ ਹੋਏ ਕਰਨੈਲ ਸਿੰਘ ਪੀਰ ਮੁਹੰਮਦ
ਹਮਖਿਆਲੀ ਪਾਰਟੀਆਂ ਨਾਲ ਮਿਲਕੇ ਅਕਾਲੀ ਦਲ ਅਤੇ ਕਾਂਗਰਸ ਨੂੰ ਦੇਵਾਂਗੇ ਮਾਤ : ਸ.ਬ੍ਰਹਮਪੁਰਾ
ਚੰਡੀਗੜ 14 ਜਨਵਰੀ (ਕੰਵਰ ਬੇਦੀ/ਮਧੂਸਾਰ ਬਿਊਰੋ) ਸਿੱਖ ਸਟੂਡੈਂਟਸ ਫੈਡਰੇਸ਼ਨ ਪੀਰ ਮੁਹੰਮਦ ਦੇ ਪ੍ਰਧਾਨ ਸ. ਕਰਨੈਲ ਸਿੰਘ ਪੀਰ ਮੁਹੰਮਦ ਨੇ ਅੱਜ ਸਾਥੀਆਂ ਸਮੇਤ ਅਕਾਲੀ ਦਲ ਟਕਸਾਲੀ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ। ਪ੍ਰੈਸ ਕਾਨਫਰੰਸ ਦੌਰਾਨ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਸ. ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ, ਸ. ਸੇਖਵਕਾਂ ਨੇ ਸ. ਕਰਨੈਲ ਸਿੰਘ ਪੀਰ ਮੁਹੰਮਦ ਨੂੰ ਸਿਰੋਪਾਓ ਦੀ ਦੇ ਕੇ ਟਕਸਾਲੀ ਦਲ ‘ਚ ਸ਼ਾਮਲ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਸ. ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਹਮਖਿਆਲੀ ਪਾਰਟੀਆਂ ਨਾਲ ਮਿਲਕੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਖਿਲਾਫ਼ ਜੰਗ ਛੇੜੀ ਗਈ ਹੈ, ਜਿਸ ‘ਚ ਪੰਜਾਬ ਦੇ ਹਿੱਤਾਂ ਨਾਲ ਪਿਆਰ ਕਰਨ ਵਾਲਿਆਂ ਨੂੰ ਸਾਡੇ ਪਲੇਟਫਾਰਮ ‘ਤੇ ਆ ਕੇ ਦੋਵੇਂ ਰਵਾਇਤੀ ਪਾਰਟੀਆਂ ਨੂੰ ਖਦੇੜਨ ਲਈ ਸਹਿਯੋਗ ਕਰਨਾ ਚਾਹੀਦਾ ਹੈ। ਸ. ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜਿਥੇ ਸਿਧਾਂਤ ਨਹੀਂ ਰਿਹਾ, ਉਥੇ ਕਾਂਗਰਸ ਦੀ ਪੋਲ ਕਾਂਗਰਸ ਪਾਰਟੀ ਦੇ ਮੰਤਰੀ ਹੀ ਖੋਲ੍ਹ ਰਹੇ ਹਨ, ਜਿਸ ਦੀ ਮਿਸਾਲ ਵਿਧਾਇਕ ਕੁਲਵੀਰ ਸਿੰਘ ਜ਼ੀਰਾ ਨੇ ਸਿਆਸੀ ਮੰਚ ਤੋਂ ਕਾਂਗਰਸ ਖਿਲਾਫ਼ ਮੋਰਚਾ ਖੋਲ੍ਹਕੇ ਰੱਖ ਦਿੱਤੀ ਹੈ। ਸ. ਬ੍ਰਹਮਪੁਰਾ ਨੇ ਕਿਹਾ ਕਿ ਟੌਹੜਾ ਪਰਿਵਾਰ ਜਲਦ ਹੀ ਟਕਸਾਲੀ ਅਕਾਲੀ ਦਲ ਦਾ ਹਿੱਸਾ ਬਣਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ, ਸੁਖਪਾਲ ਖਹਿਰਾ ਤੋਂ ਇਲਾਵਾ ਪੰਜਾਬ ਦੇ ਕਈ ਦਿੱਗਜ ਆਗੂਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।
ਗੱਲਬਾਤ ਕਰਦਿਆਂ ਕਰਨੈਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਫੈੱਡਰੇਸ਼ਨ ਨੇ ਬਹੁਤ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਇਕ ਵਰਕਰ ਦੇ ਤੌਰ ‘ਤੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀ ਨੂੰ ਸਜ਼ਾ ਦਿਵਾਉਣ ਵਿਚ ਲਈ ਬਹੁਤ ਸੰਘਰਸ਼ ਕੀਤਾ ਹੈ। ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਹੀ ਕਰਨੈਲ ਸਿੰਘ ਪੀਰ ਮੁਹੰਮਦ ਆਲ. ਇੰਡੀਆ ਸਿੱਖ ਸਟੂਡੈਂਟ ਫੈੱਡਰੇਸ਼ਨ ਤੋਂ ਅਸਤੀਫਾ ਦੇ ਚੁੱਕੇ ਹਨ।

