ਮਹਾਤਮਾਂ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਸਮਾਰੋਹ
ਦੋ ਮਿੰਟ ਦਾ ਮੌਨ ਧਾਰ ਕੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ
ਆਜਾਦੀ ਨਾਲ ਮਿਲੀਆਂ ਜਿੰਮੇਵਾਰੀਆਂ ਨੂੰ ਵੀ ਸਾਨੂੰ ਪੂਰਾ ਕਰਨ ਦੀ ਲੋੜ -ਕੁਮਾਰ ਅਮਿਤ
ਪਟਿਆਲਾ, 30 ਜਨਵਰੀ (ਮਧੂਸਾਰ ਬਿਊਰੋ) ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿੱਚ ਆਪਣਾ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਅੱਜ ਇਥੇ ਮਾਲ ਰੋਡ ‘ਤੇ ਸਥਿਤ ਰਜਿੰਦਰਾ ਲੇਕ ਵਿਖੇ ਮਹਾਤਮਾਂ ਗਾਂਧੀ ਦੇ ਸਮਾਰਕ ‘ਤੇ ਸ਼ਰਧਾਂਜਲੀ ਸਮਾਰੋਹ ਹੋਇਆ।
ਇਸ ਮੌਕੇ ਪੁਲਿਸ ਦੀ ਹਥਿਆਰਬੰਦ ਟੁਕੜੀ ਵੱਲੋਂ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਦੋ ਮਿੰਟ ਦਾ ਮੌਨ ਰੱਖਿਆ ਗਿਆ। ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਸਹਾਇਕ ਕਮਿਸ਼ਨਰ (ਜ) ਸ੍ਰੀ ਨਮਨ ਮੜਕਨ, ਐਸ.ਪੀ. ਹੈਡਕੁਆਟਰ ਸ੍ਰੀ ਹਰਵਿੰਦਰ ਸਿੰਘ ਵਿਰਕ ਸਮੇਤ ਹੋਰਨਾਂ ਸ਼ਖ਼ਸੀਅਤਾਂ ਵੱਲੋਂ ਮਹਾਤਮਾਂ ਗਾਂਧੀ ਦੇ ਸਮਾਰਕ ‘ਤੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਦੇਸ਼ ਦੀ ਆਜ਼ਾਦੀ ਲਈ ਆਪਣਾ ਬਲੀਦਾਨ ਦੇਣ ਵਾਲੇ ਮਹਾਨ ਸੂਰਬੀਰ ਯੋਧਿਆਂ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਨਾਲ-ਨਾਲ ਸਾਡੇ ‘ਤੇ ਕੁਝ ਜਿੰਮੇਵਾਰੀਆਂ ਵੀ ਆਉਂਦੀਆਂ ਹਨ ਅਤੇ ਉਨ੍ਹਾਂ ਜਿੰਮੇਵਾਰੀਆਂ ਨੂੰ ਪੂਰਾ ਕਰਕੇ ਹੀ ਅਸੀ ਆਪਣੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ। ਸ੍ਰੀ ਅਮਿਤ ਨੇ ਕਿਹਾ ਕਿ ਸਾਨੂੰ ਸਭ ਨੂੰ ਸਹੁੰ ਖਾਣੀ ਚਾਹੀਦੀ ਹੈ ਕਿ ਅਸੀਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਵੱਲੋਂ ਅਹਿੰਸਾ, ਸਵੱਛਤਾ, ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਦੇ ਦਿੱਤੇ ਗਏ ਸੰਕਲਪ ਨੂੰ ਪੂਰਾ ਕਰਾਂਗੇ। ਉਨ੍ਹਾਂ ਕਿਹਾ ਕਿ ਅੱਜ ਅਸੀਂ ਜਿਸ ਆਜਾਦੀ ਦਾ ਨਿੱਘ ਮਾਣ ਰਹੇ ਹਾਂ, ਉਹ ਸਾਡੇ ਸ਼ਹੀਦਾਂ ਦੀ ਹੀ ਦੇਣ ਹੈ, ਇਸ ਲਈ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਸਾਡੀ ਜਿੰਮੇਵਾਰੀ ਹੈ।
ਇਸ ਮੌਕੇ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਬਲਾਕ ਪ੍ਰਧਾਧ ਸ੍ਰੀ ਨਰੇਸ਼ ਦੁੱਗਲ, ਮਹਿਲਾ ਕਾਂਗਰਸ ਦੀ ਸ਼ਹਿਰੀ ਪ੍ਰਧਾਨ ਸ੍ਰੀਮਤੀ ਕਿਰਨ ਢਿੱਲੋਂ, ਕਾਂਗਰਸ ਦੇ ਐਸ.ਸੀ ਸੈਲ ਦਾ ਚੇਅਰਮੈਨ ਸ੍ਰੀ ਸੋਨੂੰ ਸੰਗਰ, ਸੀਨੀਅਰ ਕਾਂਗਰਸ ਆਗੂ ਸ੍ਰੀ ਸੁਰਿੰਦਰ ਸਿੰਘ, ਡੀ.ਐਸ.ਪੀ. ਸਿਟੀ-1 ਯੋਗੇਸ਼ ਕੁਮਾਰ, ਜ਼ਿਲ੍ਹਾ ਪ੍ਰੀਸ਼ਦ ਦੇ ਉਪ ਮੁੱਖ ਕਾਰਜਕਾਰੀ ਸ. ਚਰਨਜੋਤ ਸਿੰਘ ਵਾਲੀਆ, ਸਹਾਇਕ ਸਿਵਲ ਸਰਜਨ ਡਾ. ਸ਼ੈਲੀ ਜੇਤਲੀ, ਡੀ.ਐਸ.ਐਸ.ਓ ਸ. ਵਰਿੰਦਰ ਸਿੰਘ ਟਿਵਾਣਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਕੁਲਭੂਸ਼ਣ ਸਿੰਘ ਬਾਜਵਾ, ਜ਼ਿਲ੍ਹਾ ਭਲਾਈ ਅਫ਼ਸਰ ਸ. ਗੁਰਿੰਦਰਜੀਤ ਸਿੰਘ ਧਾਲੀਵਾਲ, ਈ.ਓ ਜਗਤਾਰ ਸਿੰਘ ਟਿਵਾਣਾ ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਤ ਵੱਡੀ ਗਿਣਤੀ ‘ਚ ਮਿਊਸੀਪਲ ਕੌਸ਼ਲਰ ਤੇ ਕਾਂਗਰਸੀ ਵਰਕਰ ਅਤੇ ਆਗੂ ਵੀ ਮੌਜੂਦ ਸਨ।

