ਪਟਿਆਲਾ ‘ਚ ਕਰਾਫ਼ਟ ਮੇਲਾ ਤੇ ਵਿਰਾਸਤੀ ਉਤਸਵ 19 ਤੋਂ
ਏ.ਡੀ.ਸੀ. ਵੱਲੋਂ ਸ਼ਿਲਪ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ
ਕਮੇਟੀਆਂ ਦਾ ਗਠਨ, ਅਧਿਕਾਰੀਆਂ ਦੀਆਂ ਜਿੰਮੇਵਾਰੀਆਂ ਤੈਅ
ਪਟਿਆਲਾ, 6 ਫਰਵਰੀ (ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਰਾਸਤੀ ਸ਼ਹਿਰ ਪਟਿਆਲਾ ਵਿਖੇ ਵਿਰਾਸਤੀ ਉਤਸਵ ਅਤੇ ਸ਼ਿਲਪ ਮੇਲਾ ਹਰ ਵਰ੍ਹੇ ਕਰਵਾਉਣ ਦੇ ਕੀਤੇ ਗਏ ਐਲਾਨ ਤਹਿਤ 19 ਫਰਵਰੀ ਤੋਂ ਸ਼ੀਸ਼ ਮਹਿਮ ਵਿਖੇ ਸ਼ਿਲਪ ਮੇਲਾ ਤੇ ਇਤਿਹਾਸਕ ਕਿਲਾ ਮੁਬਾਰਕ ਵਿਖੇ ਵਿਰਾਸਤੀ ਉਤਸਵ ਦੇ ਸਮਾਰੋਹ ਅਰੰਭ ਹੋਣਗੇ।
ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਮੇਲੇ ਅਤੇ ਵਿਰਾਸਤੀ ਉਤਸਵ ‘ਚ ਸ਼ਿਰਕਤ ਕਰਨ ਲਈ ਪੁੱਜਣਗੇ। ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਅਰੰਭ ਹੋ ਗਈਆਂ ਹਨ ਅਤੇ ਇਸ ਸਬੰਧੀਂ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕਮੇਟੀਆਂ ਦਾ ਗਠਨ ਕਰਕੇ ਸਬੰਧਤ ਅਧਿਕਾਰੀਆਂ ਦੀਆਂ ਜਿੰਮੇਵਾਰੀਆਂ ਵੀ ਤੈਅ ਕਰ ਦਿੱਤੀਆਂ ਹਨ।
ਇਨ੍ਹਾਂ ਕਮੇਟੀਆਂ ਦੇ ਮੁਖੀ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਦਿਆਂ ਕਰਾਫਟ ਮੇਲੇ ਦੇ ਨੋਡਲ ਅਫ਼ਸਰ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸ਼ੌਕਤ ਅਹਿਮਦ ਪਰੇ ਨੇ ਹਦਾਇਤ ਕੀਤੀ ਹਰ ਅਧਿਕਾਰੀ ਆਪਣੀ ਬਣਦੀ ਜਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵੇ, ਕਿਉਂਕਿ ਇਸ ਦੌਰਾਨ ਜਿੱਥੇ ਮੁੱਖ ਮੰਤਰੀ ਵੱਲੋਂ ਸ਼ਿਰਕਤ ਕੀਤੀ ਜਾਣੀ ਹੈ, ਉਥੇ ਹੀ ਪੂਰੇ ਦੇਸ਼ ਭਰ ‘ਚੋਂ ਕਲਾਕਾਰ, ਸ਼ਿਲਪਕਾਰ ਅਤੇ ਲੱਖਾਂ ਦੀ ਗਿਣਤੀ ‘ਚ ਦਰਸ਼ਕ ਪੁਜਣਗੇ।
ਸ੍ਰੀ ਪਰੇ ਨੇ ਦੱਸਿਆ ਕਿ ਸ਼ੀਸ਼ ਮਹਿਲ ਵਿਖੇ ਸ਼ਿਲਪ ਮੇਲਾ 4 ਮਾਰਚ ਤੱਕ ਚੱਲੇਗਾ ਅਤੇ ਕਿਲ੍ਹਾ ਮੁਬਾਰਕ ਵਿਖੇ ਹੋਣ ਵਾਲਾ ਵਿਰਾਸਤੀ ਉਤਸਵ 24 ਫਰਵਰੀ ਤੱਕ ਚੱਲੇਗਾ। ਏ.ਡੀ.ਸੀ. ਸ੍ਰੀ ਪਰੇ ਨੇ ਗਠਿਤ ਕਮੇਟੀਆਂ ਦੇ ਮੁਖੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਤਿਆਰੀਆਂ ‘ਚ ਕਿਸੇ ਕਿਸਮ ਦੀ ਕੋਈ ਢਿੱਲ-ਮੱਠ ਨਾ ਵਰਤੀ ਜਾਵੇ ਅਤੇ ਆਪਸੀ ਤਾਲਮੇਲ ਕਰਦਿਆਂ ਸਾਰੇ ਪ੍ਰਬੰਧ ਸਮੇਂ ਤੋਂ ਪਹਿਲਾ ਮੁਕੰਮਲ ਕਰ ਲਏ ਜਾਣ। ਉਨ੍ਹਾਂ ਨੇ ਇਸ ਮੇਲੇ ਦੌਰਾਨ ਕਲਾਕਾਰਾਂ ਦੀ ਰਿਹਾਇਸ਼, ਖਾਣ-ਪੀਣ, ਦਰਸ਼ਕਾਂ ਦੀ ਆਮਦ, ਸੁਰੱਖਿਆ, ਪਾਰਕਿੰਗ, ਪੀਣ ਵਾਲਾ ਪਾਣੀ ਅਤੇ ਹੋਰ ਪ੍ਰਬੰਧਾਂ ਬਾਰੇ ਚਰਚਾ ਕੀਤੀ।
ਸ੍ਰੀ ਪਰੇ ਨੇ ਦੱਸਿਆ ਕਿ ਕਰਾਫਟ ਮੇਲੇ ਦੌਰਾਨ ਉੱਤਰ ਖੇਤਰੀ ਸੱਭਿਆਚਾਰਕ ਕੇਂਦਰ ਪਟਿਆਲਾ ਵੱਲੋਂ ਲੋਕ ਨਾਚਾਂ ਅਤੇ ਲੋਕ ਕਲਾਵਾਂ ਦੇ ਦੇਸ਼ ਭਰ ‘ਚੋਂ ਪੁੱਜਣ ਵਾਲੇ 300 ਦੇ ਕਰੀਬ ਕਲਾਕਾਰ ਆਪਣੀਆਂ ਵੰਨਗੀਆਂ ਪੇਸ਼ ਕਰਨਗੇ ਅਤੇ ਵੱਖ-ਵੱਖ ਰਾਜਾਂ ਦੇ ਸ਼ਿਲਪਕਾਰਾਂ ਦੀਆਂ ਦਸਤਕਾਰੀ ਵਸਤਾਂ ਦਰਸ਼ਕਾਂ ਦੇ ਖਰੀਦਣ ਲਈ ਸਟਾਲਾਂ ‘ਤੇ ਸਜਾਈਆਂ ਜਾਣਗੀਆਂ। ਇਸ ਤੋਂ ਬਿਨ੍ਹਾਂ ਸਕੂਲਾਂ ਦੇ ਵਿਦਿਆਰਥੀ ਵੀ ਸੱਭਿਆਚਾਰਕ ਪੇਸ਼ਕਾਰੀ ਦੇਣਗੇ ਤੇ ਵੱਖ-ਵੱਖ ਮੁਕਾਬਲਿਆਂ ‘ਚ ਹਿੱਸਾ ਲੈਣਗੇ।
ਇਸ ਮੌਕੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸ੍ਰੀ ਅੰਕੁਰ ਮਹਿੰਦਰੂ, ਸਹਾਇਕ ਕਮਿਸ਼ਨਰ (ਜ) ਸ੍ਰੀ ਨਮਨ ਮੜਕਨ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮਿਸ ਹਰਕੀਰਤ ਕੌਰ, ਐਸ.ਪੀ. ਸਿਟੀ ਸ. ਕੇਸਰ ਸਿੰਘ, ਐਸ.ਪੀ. ਟ੍ਰੈਫਿਕ ਤੇ ਸੁਰੱਖਿਆ ਸ. ਹਰਮੀਤ ਸਿੰਘ ਹੁੰਦਲ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਚਰਨਜੋਤ ਸਿੰਘ ਵਾਲੀਆ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ. ਗੁਲਬਹਾਰ ਸਿੰਘ ਤੂਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ. ਵਰਿੰਦਰ ਸਿੰਘ ਟਿਵਾਣਾ ਸਮੇਤ ਹੋਰ ਪ੍ਰਸ਼ਾਸ਼ਨਿਕ ਅਧਿਕਾਰੀ ਵੀ ਮੌਜੂਦ ਸਨ।

