ਪੰਜਾਬ

ਕੈਪਟਨ ਅਮਰਿੰਦਰ ਸਿੰਘ ਵੱਲੋਂ ਬਲਾਤਕਾਰ ਮਾਮਲਿਆਂ ਦੀ ਸੁਣਵਾਈ ਲਈ ਫਾਸਟ ਟਰੈਕ ਅਦਾਲਤਾਂ ‘ਤੇ ਜ਼ੋਰ

ਚੰਡੀਗੜ੍ਹ, 13 ਫਰਵਰੀ (ਮਧੂਸਾਰ ਬਿਊਰੋ) ਲੁਧਿਆਣਾ ਵਿੱਚ ਵਾਪਰੇ ਸਮੂਹਿਕ ਬਲਾਤਕਾਰ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਲਾਤਕਾਰ ਮਾਮਲਿਆਂ ਦੀ ਸੁਣਵਾਈ ਲਈ ਫਾਸਟ ਟਰੈਕ ਅਦਾਲਤਾਂ ‘ਤੇ ਜ਼ੋਰ ਦਿੰਦਿਆਂ ਸਦਨ ਨੂੰ ਭਰੋਸਾ ਦਿੱਤਾ ਕਿ ਉਹ ਅਜਿਹੇ ਮਾਮਲਿਆਂ ਵਿੱਚ ਛੇਤੀ ਨਿਆਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕੋਲ ਪਹੁੰਚ ਕਰਕੇ ਉਨ੍ਹਾਂ ਦੇ ਨਿੱਜੀ ਦਖਲ ਦੀ ਮੰਗ ਕਰਨਗੇ।

ਹਾਲ ਹੀ ਵਿੱਚ ਲੁਧਿਆਣਾ ‘ਚ ਵਾਪਰੇ ਸਮੂਹਿਕ ਬਲਾਤਕਾਰ ਕੇਸ ‘ਤੇ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵੱਲੋਂ ਉਠਾਏ ਗਏ ਮਾਮਲੇ ‘ਤੇ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਸਦਨ ਨੂੰ ਭਰੋਸਾ ਦਿਵਾਇਆ ਕਿ ਉਹ ਚੀਫ ਜਸਟਿਸ ਨੂੰ ਫਾਸਟ ਟਰੈਕ ਅਦਾਲਤਾਂ ਵਿੱਚ ਅਜਿਹੇ ਮਾਮਲਿਆਂ ਦੀ ਰੋਜ਼ਾਨਾ ਸੁਣਵਾਈ ਕਰਨ ਦੀ ਅਪੀਲ ਕਰਨਗੇ।
ਉਨ੍ਹਾਂ ਨੇ ਪੀੜਤਾਂ ਨੂੰ ਛੇਤੀ ਨਿਆਂ ਮੁਹੱਈਆ ਕਰਾਉਣ ਤੋਂ ਇਲਾਵਾ ਅਜਿਹੇ ਘਿਣਾਉਣੇ ਜੁਰਮਾਂ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਮੁੱਖ ਮੰਤਰੀ ਨੇ ਵਿਧਾਨ ਸਭਾ ਨੂੰ ਜਾਣੂ ਕਰਵਾਇਆ ਕਿ ਇਸ ਘਿਣਾਉਣੇ ਅਪਰਾਧ ਵਿੱਚ ਸ਼ਾਮਲ ਛੇ ਵਿਅਕਤੀਆਂ ਵਿੱਚੋਂ ਤਿੰਨ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਜਦਕਿ ਬਾਕੀਆਂ ਨੂੰ ਵੀ ਛੇਤੀ ਹੀ ਫੜ ਲਿਆ ਜਾਵੇਗਾ।
ਸੂਬੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਦੀ ਕੋਈ ਵੀ ਸਮੱਸਿਆ ਨਾ ਹੋਣ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰਾਂ ਨੂੰ ਇਸ ਮਾਮਲੇ ‘ਤੇ ਬਹਿਸ ਕਰਨ ਦੀ ਚੁਣੌਤੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਹੈ, ਉਸ ਵੇਲੇ ਤੋਂ ਹੁਣ ਤੱਕ ਸੂਬੇ ਵਿੱਚ ਅਮਨ ਕਾਨੂੰਨ ਦੀ ਕੋਈ ਵੀ ਵੱਡੀ ਸਮੱਸਿਆ ਪੈਦਾ ਨਹੀਂ ਹੋਈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਦੀ ਸਰਪ੍ਰਸਤੀ ਹੇਠ ਸਿਰ ਚੁੱਕਣ ਵਾਲੇ ਸਾਰੇ ਵੱਡੇ ਗੈਂਗਸਟਰਾਂ ਉੱਪਰ ਸਫਲਤਾ ਨਾਲ ਕਾਰਵਾਈ ਕੀਤੀ ਗਈ ਅਤੇ ਇਸੇ ਤਰ੍ਹਾਂ ਮਿੱਥ ਕੇ ਕੀਤੇ ਕਤਲਾਂ ਦੇ ਮਾਮਲਿਆਂ ਨੂੰ ਵੀ ਸੁਲਝਾਇਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਦਾ ਭਰੋਸਾ ਬਹਾਲ ਕੀਤਾ ਹੈ।

Leave a Reply

Your email address will not be published. Required fields are marked *