ਬਜਟ ਝੂਠਾ ਦਾ ਪੁਲੰਦਾ, ਕਾਂਗਰਸ ਵਾਅਦਿਆਂ ਤੋਂ ਮੁੱਕਰੀ : ਹਰਪਾਲ ਸਿੰਘ ਚੀਮਾ
ਕੈਪਟਨ ਹਰ ਵਰਗ ਨਾਲ ਕਰ ਰਹੇ ਹਨ ਧੋਖਾ-ਮਾਣੂੰਕੇ
ਚੰਡੀਗੜ੍ਹ, 18 ਫਰਵਰੀ (ਮਧੂਸਾਰ ਬਿਊਰੋ) ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੇ ਬਜਟ ਨੂੰ ਆਮ ਆਦਮੀ ਪਾਰਟੀ ਨੇ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ।
ਚੰਡੀਗੜ੍ਹ ਤੋਂ ‘ਆਪ’ ਦਫ਼ਤਰ ਰਾਹੀਂ ਜਾਰੀ ਪ੍ਰੈੱਸ ਬਿਆਨ ਵਿਚ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਉਪ ਨੇਤਾ ਵਿਰੋਧੀ ਧਿਰ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਨਾਲ ਧੋਖਾ ਹੈ ਅਤੇ ਕਾਂਗਰਸ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਰਹੀ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਪਿਛਲੇ ਸਾਲ ਦੇ ਬਜਟ ਨੂੰ ਨਵੇਂ ਸ਼ਬਦਾਂ ਵਿਚ ਪੇਸ਼ ਕਰਕੇ ਸਰਕਾਰ ਨੇ ਆਮ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ‘ਤੇ ਪਾਣੀ ਫੇਰਿਆ ਹੈ।
ਚੀਮਾ ਨੇ ਕਿਹਾ ਕਿ ਕਾਂਗਰਸ ਆਪਣੇ ਚੋਣ ਮਨੋਰਥ ਪੱਤਰ ਵਿਚ ਦਰਜ ਕੀਤੇ ਘਰ-ਘਰ ਰੋਜ਼ਗਾਰ, ਕਰਜ਼ਾ-ਕੁਰਕੀ ਖ਼ਾਤਮੇ, ਮੋਬਾਈਲ ਫ਼ੋਨ, ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਦੇਣ, ਦਲਿਤਾਂ ਅਤੇ ਗ਼ਰੀਬਾਂ ਨੂੰ ਪੈਨਸ਼ਨ ਦੇਣ ਸਮੇਤ ਸਾਰੇ ਵਾਅਦਿਆਂ ਤੋਂ ਮੁੱਕਰੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਬਜਟ ਦੇ ਦੌਰਾਨ ਵੀ ਸਰਕਾਰ ਨੇ ਕਿਸਾਨ ਕਰਜ਼ ਮੁਆਫ਼ੀ ਲਈ ਰੱਖੀ ਗਈ ਰਾਸ਼ੀ ਊਠ ਦੇ ਮੂੰਹ ਜ਼ੀਰਾ ਸਮਾਨ ਸੀ, ਪਰੰਤੂ ਇਸ ਸਾਲ ਇਸ ਰਾਸ਼ੀ ਨੂੰ ਹੋਰ ਘਟਾ ਕੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਭੱਦਾ ਮਜ਼ਾਕ ਕੀਤਾ ਹੈ, ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫ਼ੀ ‘ਤੇ ਪਿਛਲੇ ਸਮੇਂ ਵਿਚ ਵੀ ਕਈ ਸਵਾਲ ਉੱਠਦੇ ਰਹੇ ਹਨ ਅਤੇ ਇਹ ਸਕੀਮ ਸਰਕਾਰ ਅਤੇ ਕਾਂਗਰਸੀਆਂ ਦੇ ਨਜ਼ਦੀਕੀਆਂ ਨੂੰ ਰਾਹਤ ਦੇਣ ਦਾ ਜਰੀਆਂ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਦੇ ਮੰਡੀਕਰਨ ਵੱਲ ਕੋਈ ਵਿਸ਼ੇਸ਼ ਧਿਆਨ ਨਹੀਂ ਦਿੱਤਾ ਗਿਆ ਹੈ। ਜਿਸ ਕਾਰਨ ਕਿਸਾਨਾਂ ਨੂੰ ਫ਼ਸਲਾਂ ਦੇ ਸਹੀ ਭਾਅ ਮਿਲਣੇ ਨਾ-ਮੁਮਕੀਨ ਹਨ।
ਚੀਮਾ ਨੇ ਕਿਹਾ ਕਿ ਪਾਣੀ ਬਚਾਉਣ ਦਾ ਨਾਅਰਾ ਦੇਣ ਵਾਲੀ ਸਰਕਾਰ ਨੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚੋਂ ਕੱਢਣ ਲਈ ਕੋਈ ਠੋਸ ਨੀਤੀ ਨਹੀਂ ਐਲਾਨੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਦਰਿਆਵਾਂ ਦੇ ਗੰਧਲੇ ਹੋ ਰਹੇ ਪਾਣੀਆਂ ਅਤੇ ਇਸ ਲਈ ਜ਼ਿੰਮੇਵਾਰ ਵਿਅਕਤੀ ਵਿਰੁੱਧ ਕੋਈ ਕਾਰਵਾਈ ਦਾ ਜ਼ਿਕਰ ਨਾ ਕਰਕੇ ਸਰਕਾਰ ਨੇ ਇਸ ਪ੍ਰਤੀ ਆਪਣੀ ਅਸੰਵੇਦਨਸ਼ੀਲਤਾ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਣਕ-ਝੋਨੇ ਦੇ ਚੱਕਰ ਵਿਚੋਂ ਨਿਕਲ ਕੇ ਸਬਜ਼ੀਆਂ ਅਤੇ ਫਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨ ਵੀ ਬਜਟ ਤੋਂ ਨਿਰਾਸ਼ ਹੋਏ ਹਨ, ਕਿਉਂਕਿ ਉਨ੍ਹਾਂ ਦੀ ਕਾਸ਼ਤ ਨੂੰ ਹੋਰ ਸੂਬਿਆਂ ਵਿਚ ਵੇਚਣ ਦੀ ਕੋਈ ਵਿਵਸਥਾ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਫਲਾਂ ਅਤੇ ਸਬਜ਼ੀਆਂ ਦੇ ਉਚਿੱਤ ਭਾਅ ਨਾ ਮਿਲਣ ਕਾਰਨ ਕਾਸ਼ਤਕਾਰ ਪਰੇਸ਼ਾਨ ਹਨ। ਇਸੇ ਤਰ੍ਹਾਂ ਆਲੂ ਕਾਸ਼ਤਕਾਰਾਂ ਲਈ ਕਿਸੇ ਸਰਕਾਰੀ ਖ਼ਰੀਦ ਏਜੰਸੀ ਦਾ ਪ੍ਰਬੰਧ ਨਾ ਕਰਕੇ ਉਨ੍ਹਾਂ ਨੂੰ ਉਨ੍ਹਾਂ ਦੇ ਹਾਲ ‘ਤੇ ਛੱਡ ਦਿੱਤਾ ਹੈ।
ਚੀਮਾ ਨੇ ਕਿਹਾ ਕਿ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਦੇ ਵੱਡੇ-ਵੱਡੇ ਦਾਅਵੇ ਜੁਮਲਾ ਸਾਬਤ ਹੋਏ ਹਨ ਅਤੇ ਕਿਸਾਨਾਂ ਨੂੰ ਹੈਪੀਸੀਡਰ ਅਤੇ ਹੋਰ ਮਸ਼ੀਨਾਂ ਮੁਹੱਈਆ ਕਰਵਾਉਣਾ ਵੀ ਲਾਰਾ ਮਾਤਰ ਸਾਬਿਤ ਹੋਇਆ ਹੈ।
ਦਲਿਤਾਂ ਅਤੇ ਪਛੜੀਆਂ ਸ਼੍ਰੇਣੀਆਂ ਪ੍ਰਤੀ ਸਰਕਾਰ ਦੀ ਬੇਰੁਖ਼ੀ ਬਾਰੇ ਬੋਲਦਿਆਂ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਦਲਿਤਾਂ ਨੂੰ ਦਿੱਤੀਆਂ ਜਾਣ ਵਾਲਿਆਂ ਸੁਵਿਧਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਜਿਸ ਨਾਲ ਗ਼ਰੀਬ ਲੋਕਾਂ ਵਿਚ ਹਾਹਾਕਾਰ ਮਚੀ ਹੋਈ ਹੈ। ਉਨ੍ਹਾਂ ਕਿਹਾ ਕਿ ਸ਼ਗਨ ਸਕੀਮ ਅਤੇ ਪੈਨਸ਼ਨ ਧਾਰਕ ਸਰਕਾਰ ਦੀ ਬੇਰੁਖ਼ੀ ਦਾ ਸ਼ਿਕਾਰ ਹੋਏ ਹਨ। ਔਰਤ ਸੁਰੱਖਿਆ ਬਾਰੇ ਬੋਲਦਿਆਂ ਮਾਣੂੰਕੇ ਨੇ ਕਿਹਾ ਕਿ ਸੂਬੇ ਦੀਆਂ ਔਰਤਾਂ ਦੀ ਸੁਰੱਖਿਆ ਲਈ ਸਰਕਾਰ ਨੇ ਕੋਈ ਕਦਮ ਨਹੀਂ ਚੁੱਕਿਆ ਹੈ। ਇਸ ਤੋਂ ਇਲਾਵਾ ਤੇਜ਼ਾਬ ਅਤੇ ਹੋਰ ਘਟਨਾਵਾਂ ਤੋਂ ਪੀੜਿਤ ਔਰਤਾਂ ਦੇ ਮੁੜ-ਵਸੇਬੇ ਲਈ ਸਰਕਾਰ ਨੇ ਕੋਈ ਕਦਮ ਨਹੀਂ ਚੁੱਕਿਆ ਹੈ।
ਨਸ਼ੇ ਦੇ ਮੁੱਦੇ ਦੇ ਬੋਲਦਿਆਂ ਮਾਣੂੰਕੇ ਨੇ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ ਦੇ ਵਿਸਥਾਰ ਅਤੇ ਆਧੁਨਿਕ ਤਕਨੀਕਾਂ ਸ਼ਾਮਲ ਕਰਨ ਵੱਲ ਸਰਕਾਰ ਨੇ ਕੋਈ ਕਦਮ ਨਹੀਂ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਨੌਜਵਾਨਾਂ ਲਈ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕੈਪਟਨ ਦਾ ਨਸ਼ਾ ਮੁਕਤੀ ਦਾ ਨਾਅਰਾ ਵੀ ਲੋਕਾਂ ਨਾਲ ਧੋਖਾ ਸਾਬਿਤ ਹੋਇਆ ਹੈ।
ਸੂਬੇ ਵਿਚ ਖਿਡਾਰੀਆਂ ਪ੍ਰਤੀ ਬੇਰੁਖ਼ੀ ਬਾਰੇ ਬੋਲਦਿਆਂ ਮੀਤ ਹੇਅਰ ਨੇ ਕਿਹਾ ਕਿ ਸਰਕਾਰੀ ਸਹੂਲਤਾਂ ਦੀ ਅਣਹੋਂਦ ਕਾਰਨ ਪੰਜਾਬ ਦੇ ਖਿਡਾਰੀ ਦੂਸਰੇ ਸੂਬਿਆਂ ਵੱਲੋਂ ਖੇਡਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚਲੇ ਖੇਡ ਸਟੇਡੀਅਮ ਨੂੰ ਜਨਤਕ ਨਿੱਜੀ ਭਾਈਵਾਲੀ ਦੇ ਅਧੀਨ ਬਣਾਉਣਾ ਵੀ ਸਰਕਾਰ ਦੁਆਰਾ ਪ੍ਰਾਈਵੇਟ ਕੰਪਨੀਆਂ ਨੂੰ ਪਹਿਲ ਦੇ ਕੇ ਸਰਕਾਰੀ ਸਿਸਟਮ ਨੂੰ ਤਬਾਹ ਕਰਨ ਦੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੁੱਦੇ ‘ਤੇ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਗਾਏ ਜਾ ਰਹੇ ਰੋਜ਼ਗਾਰ ਮੇਲੇ ਨਾ-ਮਾਤਰ ਹੀ ਸਾਬਤ ਹੋਏ ਹਨ। ਹੇਅਰ ਨੇ ਕਿਹਾ ਕਿ ਸਰਕਾਰ ਦੀ ਆਪਣੀ ਗੱਡੀ ਆਪਣਾ ਰੋਜ਼ਗਾਰ ਸਕੀਮ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ।
ਚੀਮਾ ਨੇ ਕਿਹਾ ਕਿ ਸਰਕਾਰ ਨੇ ਬਜਟ ਵਿਚ ਵਪਾਰੀਆਂ ਲਈ ਕੋਈ ਐਲਾਨ ਨਾ ਕਰਕੇ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਪਾਰੀਆਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦੀ ਗੱਲ ਵੀ ਜੁਮਲਾ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵਪਾਰੀਆਂ ਲਈ ਜੀਐਸਟੀ ਦੀ ਛੋਟ ਆਦਿ ਦਾ ਐਲਾਨ ਨਾ ਕਰਕੇ ਸੂਬੇ ਦੇ ਵਪਾਰ ਪ੍ਰਤੀ ਆਪਣੀ ਅਸੰਵੇਦਨਸ਼ੀਲਤਾ ਦਾ ਮੁਜ਼ਾਹਰਾ ਕੀਤਾ ਹੈ।

