ਦੇਸ਼-ਵਿਦੇਸ਼ਪੰਜਾਬਪਟਿਆਲਾ

13 ਦੀਆਂ 13 ਸੀਟਾਂ ਜਿੱਤਾਂਗੇ-ਕੈਪਟਨ ਅਮਰਿੰਦਰ ਸਿੰਘ

ਪੰਜਾਬ ਲਈ ਪਾਰਟੀ ਉਮੀਦਵਾਰਾਂ ਦੀ ਚੋਣ ਕਰਨ ਲਈ ਸਕਰੀਨਿੰਗ ਕਮੇਟੀ ਦੀ ਮੀਟਿੰਗ ‘ਚ ਲਿਆ ਹਿੱਸਾ
ਨਵੀਂ ਦਿੱਲੀ, 10 ਮਾਰਚ (ਮਧੂਸਾਰ ਬਿਊਰੋ) ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਕਾਂਗਰਸ ਦੀ ਹੂੰਝਾ ਫੇਰ ਜਿੱਤ ਦੇ ਭਰੋਸੇ ਨਾਲ ਲਬਰੇਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪਾਰਟੀ ਲਈ ਉਮੀਦਵਾਰਾਂ ਦੇ ਨਾਵਾਂ ਦੀ ਚੋਣ ਕਰਨ ਲਈ ਪੰਜਾਬ ਪ੍ਰਦੇਸ਼ ਕਾਂਗਰਸ ਸਕਰੀਨਿੰਗ ਕਮੇਟੀ ਦੇ ਮੈਂਬਰਾਂ ਨਾਲ ਸ਼ਾਮਲ ਹੋਏ।

ਇੱਥੇ ਕਪੂਰਥਲਾ ਹਾਊਸ ਵਿਖੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਹ ਮੁਢਲੀ ਮੀਟਿੰਗ ਸੀ ਜਿਸ ਵਿੱਚ ਸਾਰੀਆਂ 13 ਸੀਟਾਂ ‘ਤੇ ਵਿਚਾਰ ਕੀਤੀ ਗਈ ਅਤੇ ਇਨ੍ਹਾਂ ਵਿੱਚੋਂ ਨਾਵਾਂ ਦੀ ਚੋਣ ਕੀਤੀ ਜਾ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਇਸ ਵਾਰ ਚੋਣ ਕਰਨ ਲਈ ਪ੍ਰਸਤਾਵਿਤ ਕਾਰਜ-ਪ੍ਰਣਾਲੀ ਮੁਤਾਬਕ ਉਮੀਦਵਾਰਾਂ ਬਾਰੇ ਅੰਤਮ ਫੈਸਲਾ ਲੈਣ ਲਈ ਸਾਰੇ ਨਾਂ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੂੰ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਨਵੀਂ ਕਾਰਜ-ਵਿਧੀ ਨਾਲ ਪਾਰਦਰਸ਼ਤਾ ਦਾ ਨਵਾਂ ਦੌਰ ਸ਼ੁਰੂ ਹੋਵੇਗਾ।
ਮੁੱਖ ਮੰਤਰੀ ਨੇ ਮੀਟਿੰਗ ਦੌਰਾਨ ਚੁਣੇ ਗਏ ਨਾਵਾਂ ਦਾ ਪ੍ਰਗਟਾਵਾ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਮੀਟਿੰਗ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ (ਆਰਗੇਨਾਈਜੇਸ਼ਨ) ਕੇ.ਸੀ ਵੇਨੂਗੋਪਾਲ, ਪਾਰਟੀ ਦੇ ਕੌਮੀ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਸ਼ਾਮਲ ਹੋਏ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਚੋਣਾਂ ਵਿੱਚ ਹੂੰਝਾ ਫੇਰ ਜਿੱਤ ਹਾਸਲ ਕਰੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਕਾਂਗਰਸ ਨੂੰ ਚੋਣਾਂ ਵਿੱਚ ਕਿਸੇ ਹੋਰ ਸਿਆਸੀ ਪਾਰਟੀ ਨਾਲ ਭਾਈਵਾਲੀ ਦੀ ਲੋੜ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੁਰੱਖਿਅਤ ਮਾਹੌਲ ਵਿੱਚ ਸੁਤੰਤਰ ਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇਗੀ। ਉਨ੍ਹਾਂ ਕਿਹਾ ਕਿ ਪੁਲੀਸ ਤੇ ਸਿਵਲ ਪ੍ਰਸ਼ਾਸਨ ਸੂਬੇ ਵਿੱਚ ਸ਼ਾਂਤਮਈ ਚੋਣਾਂ ਕਰਵਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨਗੇ।
ਇਕ ਸਵਾਲ ਦੇ ਜਵਾਬ ਮੁੱਖ ਮੰਤਰੀ ਨੇ ਕਿਹਾ ਕਿ ਫੌਜ ਇਕ ਗੈਰ-ਸਿਆਸੀ ਸੰਸਥਾ ਹੈ ਜਿਸ ਕਰਕੇ ਕਿਸੇ ਵੀ ਸਿਆਸੀ ਪਾਰਟੀ ਨੂੰ ਸਿਆਸੀਕਰਨ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਵੀ ਕੋਸ਼ਿਸ਼ ਸਾਡੀਆਂ ਸੈਨਾਵਾਂ ਦੇ ਮਨੋਬਲ ਨੂੰ ਸੱਟ ਮਾਰੇਗੀ।
ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਵੀ ਮੁਲਾਕਾਤ ਕੀਤੀ ਅਤੇ ਇਸ ਮੌਕੇ ਉਨ੍ਹਾਂ ਨਾਲ ਆਸ਼ਾ ਕੁਮਾਰੀ ਅਤੇ ਸੁਨੀਲ ਜਾਖੜ ਵੀ ਹਾਜ਼ਰ ਸਨ।

Leave a Reply

Your email address will not be published. Required fields are marked *