ਪੰਜਾਬਪਟਿਆਲਾ

ਸਿੱਖਾਂ ‘ਤੇ ਕੀਤਾ ਹਮਲਾ ਵੱਡੀ ਸਾਜਿਸ਼!

ਹਰਿਆਣਾ ਸਰਕਾਰ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ : ਭਾਈ ਲੌਂਗੋਵਾਲ
ਮ੍ਰਿਤਕ ਦੇ ਪਰਿਵਾਰ ਨੂੰ 2 ਲੱਖ ਤੇ ਜ਼ਖ਼ਮੀਆਂ ਲਈ 25-25 ਹਜ਼ਾਰ ਰੁਪਏ ਦਾ ਐਲਾਨ
ਪਟਿਆਲਾ 25 ਮਾਰਚ (ਕੰਵਰ ਬੇਦੀ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿਚ ਪੈਂਦੇ ਪਿੰਡ ਬਦਸੂਈ ਵਿਖੇ ਗੁਰਦੁਆਰਾ ਸਾਹਿਬ ‘ਤੇ ਦੰਗਾਕਾਰੀਆਂ ਵੱਲੋਂ ਘੱਟ ਗਿਣਤੀ ਸਿੱਖ ਭਾਈਚਾਰੇ ਦੇ ਲੋਕਾਂ ‘ਤੇ ਕੀਤੇ ਹਮਲੇ ਨੂੰ ਸੋਚੀ ਸਮਝੀ ਸਾਜ਼ਿਸ ਕਰਾਰ ਦਿੰਦਿਆਂ ਹਰਿਆਣਾ ਸਰਕਾਰ ਤੋਂ ਮਾਰੇ ਗਏ ਸਿੱਖ ਪੀੜਤ ਪਰਿਵਾਰ ਨੂੰ ਇਨਸਾਫ ਦਿੱਤੇ ਜਾਣ ਅਤੇ ਦੰਗਾਕਾਰੀਆਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

ਭਾਈ ਲੌਂਗੋਵਾਲ ਇਥੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਜ਼ੇਰੇ ਇਲਾਜ਼ ਜ਼ਖ਼ਮੀਆਂ ਦਾ ਪਤਾ ਲੈਣ ਮੌਕੇ ਗੱਲਬਾਤ ਕਰ ਰਹ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿਚ ਪੈਂਦੇ ਪਿੰਡ ਬਦਸੂਈ ਵਿਖੇ ਦੰਗਾਕਾਰੀਆਂ ਵੱਲੋਂ ਗੁਰਦੁਆਰਾ ਸਾਹਿਬ ‘ਤੇ ਕੀਤੇ ਹਮਲੇ ਦੌਰਾਨ ਮਾਰੇ ਗਏ ਸਿੱਖ ਸ: ਸ਼ਮਸ਼ੇਰ ਸਿੰਘ ਦੇ ਪੀੜਤ ਪਰਿਵਾਰ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 25-25 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ।
ਭਾਈ ਲੌਂਗੋਵਾਲ ਨੇ ਕਿਹਾ ਕਿ ਦੇਸ਼ ਭਰ ਅੰਦਰ ਘਟਗਿਣਤੀਆਂ ‘ਤੇ ਲਗਾਤਾਰ ਹਮਲੇ ਹੋ ਰਹੇ ਹਨ, ਜਿਸ ਨੂੰ ਰੋਕਣ ਲਈ ਸਰਕਾਰਾਂ ਨੂੰ ਸਖ਼ਤੀ ਵਰਤਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਘਟਨਾ ਲਈ ਜ਼ੁੰਮੇਵਾਰਾਂ ਨੂੰ ਸਜ਼ਾਵਾਂ ਵਿਚ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ। ਭਾਈ ਲੌਂਗੋਵਾਲ ਨੇ ਮੰਗ ਕੀਤੀ ਹੈ ਕਿ ਹਰਿਆਣਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਹਰਿਆਣਾ ਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਭਾਈ ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਪੀੜਤ ਸਿੱਖਾਂ ਦੇ ਨਾਲ ਹਮਦਰਦੀ ਪ੍ਰਗਟ ਕਰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਸਬੰਧੀ ਮੁਕੰਮਲ ਤੱਥ ਜਾਣਨ ਲਈ ਪੜਤਾਲ ਕਰਵਾਈ ਜਾ ਰਹੀ ਹੈ ਤਾਂ ਜੋ ਸਥਾਨਕ ਸਿੱਖਾਂ ਦੀ ਮੱਦਦ ਲਈ ਕਾਰਵਾਈ ਕੀਤੀ ਜਾ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਨਿੱਜੀ ਸਹਾਇਕ ਦਰਸ਼ਨ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਮ ਸਿੰਘ, ਆਤਮ ਪ੍ਰਕਾਸ਼ ਸਿੰਘ, ਮਨਪ੍ਰੀਤ ਸਿੰਘ, ਪ੍ਰਿਤਪਾਲ ਸਿੰਘ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ : ਹਰਿਆਣਾ ਵਿਖੇ ਗੁਰਦੁਆਰਾ ‘ਤੇ ਹੋਏ ਹਮਲੇ ਦੌਰਾਨ ਜ਼ਖ਼ਮੀਆਂ ਦਾ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਪੁੱਛਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ।

Leave a Reply

Your email address will not be published. Required fields are marked *