ਦੇਸ਼-ਵਿਦੇਸ਼ਪੰਜਾਬ

ਅਕਾਲੀ ਦਲ ਤੋਂ ਨਰਾਜ਼ ਤੇਜਿੰਦਰ ਪਾਲ ਸਿੰਘ ਸੰਧੂ ਨੇ ਕੈਪਟਨ ਨੂੰ ਪਾਈ ਗਲਵੱਕੜੀ

ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਮੁੱਖ ਮੰਤਰੀ ਵੱਲੋਂ ਸੰਧੂ ਦਾ ਸਵਾਗਤ
ਚੰਡੀਗੜ੍ਹ, 25 ਮਾਰਚ (ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਸੀਨੀਅਰ ਅਕਾਲੀ ਨੇਤਾ ਤੇਜਿੰਦਰ ਪਾਲ ਸਿੰਘ ਸੰਧੂ ਦੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਹੁਲਾਰਾ ਮਿਲਿਆ।

ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਸ੍ਰੀ ਸੰਧੂ ਦਾ ਸਵਾਗਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਜ਼ਾਹਰ ਕੀਤਾ ਕਿ ਪਟਿਆਲਾ ਸੰਸਦੀ ਹਲਕੇ ਤੋਂ ਕਾਂਗਰਸ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਇਸ ਅਹਿਮ ਸੀਟ ਨੂੰ ਯਕੀਨੀ ਤੌਰ ‘ਤੇ ਵੱਡੇ ਫਰਕ ਨਾਲ ਜਿੱਤੇਗੀ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ੍ਰੀ ਸੰਧੂ ਅਕਾਲੀ ਦਲ ਦੇ ਉੱਘੇ ਲੀਡਰ ਸਵਰਗੀ ਜਸਦੇਵ ਸਿੰਘ ਸੰਧੂ ਦੇ ਪੁੱਤਰ ਹਨ। ਸ. ਜਸਦੇਵ ਸਿੰਘ ਸੰਧੂ ਘਨੌਰ, ਸਨੌਰ, ਧੂਰੀ ਤੋਂ ਪੰਜ ਵਾਰ ਵਿਧਾਇਕ ਅਤੇ ਸੂਬੇ ਦੇ ਮੰਤਰੀ ਰਹੇ ਹਨ ਜਿਨ੍ਹਾਂ ਦਾ ਪਟਿਆਲਾ ਖੇਤਰ ਵਿੱਚ ਚੰਗਾ ਆਧਾਰ ਹੈ ਜੋ ਪਾਰਟੀ ਲਈ ਬਹੁਤ ਮਹੱਤਵਪੂਰਨ ਸਿੱਧ ਹੋਵੇਗਾ।
ਇਹ ਜ਼ਿਕਰਯੋਗ ਹੈ ਕਿ ਤੇਜਿੰਦਰ ਪਾਲ ਸਿੰਘ ਸੰਧੂ ਦੇ ਮਾਤਾ ਸਰਦਾਰਨੀ ਜਸਦੇਵ ਕੌਰ ਸੰਧੂ ਘਨੌਰ ਅਤੇ ਸਨੌਰ ਤੋਂ ਤਿੰਨ ਵਾਰ ਵਿਧਾਇਕ ਰਹੇ। ਸ੍ਰੀ ਸੰਧੂ ਸਾਲ 2000 ਤੋਂ 2002 ਤੱਕ ਪੰਜਾਬ ਅਧੀਨ ਚੋਣ ਸੇਵਾਵਾਂ ਬੋਰਡ ਦੇ ਚੇਅਰਮੈਨ ਰਹਿ ਚੁੱਕੇ ਹਨ।
ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਸ੍ਰੀ ਸੰਧੂ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਵਿੱਚ ਇਸ ਕਰਕੇ ਸ਼ਾਮਲ ਹੋਏ ਹਨ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕੰਮਕਾਜ ਦੇ ਤਾਨਾਸ਼ਾਹੀ ਵਤੀਰੇ ਕਾਰਨ ਉਹ ਆਪਣੇ ਆਪ ਨੂੰ ਘੁਟਿਆ ਹੋਇਆ ਮਹਿਸੂਸ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਪਰਿਵਾਰ ਦੀ ਇਲਾਕੇ ਦੇ ਲੋਕਾਂ ਪ੍ਰਤੀ ਨਿਸ਼ਕਾਮ ਸੇਵਾ ਦੇ ਅਮੀਰ ਵਿਰਸੇ ਨੂੰ ਲਗਾਤਾਰ ਅੱਖੋ-ਪਰੋਖੇ ਕਰਦੇ ਰਹੇ ਹਨ।
ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਸੁਖਜਿੰਦਰ ਸਿੰਘ ਰੰਧਾਵਾ, ਫਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਢਿਲੋਂ ਤੋਂ ਇਲਾਵਾ ਸੰਧੂ ਪਰਿਵਾਰ ਦੇ ਮੈਂਬਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *