ਖ਼ਾਲਸਾ ਕਾਲਜ ਪਟਿਆਲਾ ਵਿਖੇ ਅੰਤਰਰਾਸ਼ਟਰੀ ਸਮਾਜ ਸੇਵੀ ਡਾ. ਐਸ.ਐਨ. ਸੂਬਾ ਰਾਓ ਨਾਲ ਰੂ-ਬ-ਰੂ ਸਮਾਗਮ
ਪਟਿਆਲਾ 5 ਅਪ੍ਰੈਲ (ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਐਨ.ਐਸ.ਐਸ. ਵਿਭਾਗ ਵੱਲੋਂ ਅੰਤਰਰਾਸ਼ਟਰੀ ਸਮਾਜ ਸੇਵੀ ਅਤੇ ਦੇਸ਼ ਵਿੱਚ ਐਨ.ਐਸ.ਐਸ. ਦੀ ਸਥਾਪਨਾ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਡਾ. ਐਸ.ਐਨ. ਸੂਬਾ ਰਾਓ ਨਾਲ ਰੂ-ਬ-ਰੂ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਦੇਸ਼ ਦੇ ਅਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਨੌਜਵਾਨ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਨੁਸਾਸ਼ਨ ਵਿੱਚ ਰਹਿ ਕੇ ਦੇਸ਼ ਦੇ ਮੌਜੂਦਾ ਸਿਸਟਮ ਵਿੱਚ ਬਦਲਾਅ ਲਈ ਖੁਦ ਰੋਲ ਮਾਡਲ ਬਣਨ ਅਤੇ ਖੁਦ ਨੂੰ ਕਦਰਾਂ-ਕੀਮਤਾਂ ਨਾਲ ਜੋੜਨ ਉੱਤੇ ਜੋਰ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਦਾ ਅਹਿਸਾਸ ਕਰਦੇ ਹੋਏ ਆਪਣੇ ਕੰਮ ਨੂੰ ਪੂਰੀ ਸ਼ਰਧਾ, ਸ਼ਿੱਦਤ ਅਤੇ ਅਨੰਦਮਈ ਤਰੀਕੇ ਨਾਲ ਨਿਭਾਉਣਾ ਚਾਹੀਦਾ ਹੈ। ਡਾ. ਸੂਬਾ ਰਾਓ ਨੇ ਆਪਣੇ ਸੰਬੋਧਨ ਦੌਰਾਨ ‘ਨੌਜਵਾਨ ਆਓ ਰੇ’ ਗੀਤ ਗਾ ਕੇ ਨੌਜਵਾਨਾਂ ਨੂੰ ਦ੍ਰਿੜ ਸੰਕਲਪ ਹੋ ਕੇ ਦੇਸ਼ ਵਿੱਚੋਂ ਹਿੰਸਾ, ਭੁੱਖਮਰੀ, ਨਸ਼ੇ ਅਤੇ ਭ੍ਰਿਸ਼ਟਾਚਾਰ ਨੂੰ ਜੜੋਂ ਉਖਾੜਨ ਦਾ ਸੱਦਾ ਦਿੱਤਾ।
ਇਸ ਤੋਂ ਪਹਿਲਾਂ ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਆਪਣੇ ਵਿਦਿਆਰਥੀ ਜੀਵਨ ਦੌਰਾਨ ਡਾ. ਐਸ.ਐਨ. ਸੂਬਾ ਰਾਓ ਨਾਲ ਲਗਾਏ ਕੈਂਪਾਂ ਦੇ ਅਨੁਭਵ ਸਾਂਝੇ ਕਰਦਿਆਂ ਕਿਹਾ ਕਿ ਆਦੀਵਾਸੀ ਇਲਾਕਿਆਂ ਵਿੱਚ ਲਗਾਏ ਕੈਂਪ ਵਰਤਮਾਨ ਸਮੇਂ ਦੀਆਂ ਅਤਿ ਆਧੂਨਿਕ ਸਹੂਲਤਾਂ ਨਾਲੋਂ ਕਿਤੇ ਵਧੇਰੇ ਅਨੰਦਮਈ ਅਤੇ ਸਿੱਖਣਯੋਗ ਸਨ। ਉਨ੍ਹਾਂ ਇਹ ਵੀ ਕਿਹਾ ਕਿ ਕਾਲਜ ਵਿਦਿਆਰਥੀਆਂ ਨਾਲ ਅਜਿਹੀਆਂ ਸਨਮਾਨ ਯੋਗ ਸ਼ਖ਼ਸੀਅਤਾਂ ਨਾਲ ਅਜਿਹੇ ਰੂ-ਬ-ਰੂ ਸਮਾਗਮ ਕਰਵਾਉਣ ਦਾ ਮਕਸਦ ਵਿਦਿਆਰਥੀਆਂ ਵਿਚ ਦੇਸ਼ ਪਿਆਰ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ ਤਾਂ ਜੋ ਉਹ ਦੇਸ਼ ਦੇ ਸੁਹਿਰਦ ਨਾਗਰਿਕ ਬਣ ਸਕਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਲਜ ਡਾ. ਜਸਲੀਨ ਕੌਰ, ਡਿਪਟੀ ਪ੍ਰਿੰਸੀਪਲ, ਕਾਲਜ ਦੇ ਐਨ.ਐਸ.ਐਸ. ਪ੍ਰੋਗਰਾਮ ਅਫਸਰ ਪ੍ਰੋ. ਸਪਨਾ, ਡਾ. ਜਗਤਾਰ ਸਿੰਘ, ਪ੍ਰੋ. ਰਾਜਬਿੰਦਰ ਸਿੰਘ, ਪ੍ਰੋ. ਸਵਲੀਨ ਕੌਰ ਅਤੇ ਵੱਡੀ ਗਿਣਤੀ ਵਿੱਚ ਕਾਲਜ ਦੇ ਐਨ.ਐਸ.ਐਸ. ਵਲੰਟੀਅਰ ਹਾਜ਼ਰ ਸਨ।

