ਪੰਜਾਬਪਟਿਆਲਾ

ਦਰਸ਼ਨੀ ਡਿਉਢੀ ਢਾਹੇ ਜਾਣ ਦਾ ਮਾਮਲਾ : ਰਿਪੋਰਟ ਭਾਈ ਲੌਂਗੋਵਾਲ ਨੂੰ ਸੌਂਪੀ

ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ/ਮਧੂਸਾਰ ਬਿਊਰੋ) ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸਾਹਿਬ ਦੀ ਦਰਸ਼ਨੀ ਡਿਉੜੀ ਦੇ ਮਾਮਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ਜਾਂਚ ਕਮੇਟੀ ਨੇ ਆਪਣੀ ਮੁੱਢਲੀ ਰਿਪੋਰਟ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸੌਂਪ ਦਿੱਤੀ ਹੈ।

ਦੱਸਣਯੋਗ ਹੈ ਕਿ ਕਾਰਸੇਵਾ ਵਾਲੇ ਬਾਬਾ ਜਗਤਾਰ ਸਿੰਘ ਵੱਲੋਂ ਬੀਤੇ ਦਿਨੀਂ ਰਾਤ ਦੇ ਹਨੇਰੇ ਵਿਚ ਦਰਸ਼ਨੀ ਡਿਉੜੀ ਢਾਹੀ ਗਈ ਸੀ, ਜਿਸ ਮਗਰੋਂ ਭਾਈ ਲੌਂਗੋਵਾਲ ਨੇ ਤੁਰੰਤ ਕਾਰਵਾਈ ਕਰਦਿਆਂ ਜਿਥੇ ਬਾਬਾ ਜਗਤਾਰ ਸਿੰਘ ਦੀਆਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੋਂ ਸਾਰੀਆਂ ਸੇਵਾਵਾਂ ਰੋਕ ਦਿੱਤੀਆਂ ਸਨ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸ. ਗੁਰਮੀਤ ਸਿੰਘ ਬੂਹ ਅਤੇ ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ (ਕੋਆਰਡੀਨੇਟਰ) ਦੇ ਅਧਾਰਿਤ ਇਕ ਜਾਂਚ ਕਮੇਟੀ ਗਠਿਤ ਕੀਤੀ ਸੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਜਾਂਚ ਕਮੇਟੀ ਨੇ ਆਪਣੀ ਮੁੱਢਲੀ ਰਿਪੋਰਟ ਤਿਆਰ ਕਰਕੇ ਉਨ੍ਹਾਂ ਨੂੰ ਸੌਂਪ ਦਿੱਤੀ ਹੈ, ਜਿਸ ਦੇ ਅਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਾਂਚ ਕਮੇਟੀ ਦੀ ਰਿਪੋਰਟ ਦੇ ਅਧਾਰ ‘ਤੇ ਦੋਸ਼ੀਆਂ ਖਿਲਾਫ਼ ਪੁਲਿਸ ਕੇਸ ਦਰਜ਼ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਦਰਸ਼ਨੀ ਡਿਉੜੀ ਢਾਹੇ ਜਾਣ ਨਾਲ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਇਹ ਧਾਰਮਿਕ ਅਤੇ ਮਰਯਾਦਾ ਸਬੰਧੀ ਹੋਈ ਅਵੱਗਿਆ ਦਾ ਮਾਮਲਾ ਹੈ, ਜਿਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਦਰਸ਼ਨੀ ਡਿਉੜੀ ਪਹਿਲਾਂ ਦੀ ਤਰ੍ਹਾਂ ਹੂਬਹੂ ਆਪ ਮੁਰੰਮਤ ਕਰਵਾਈ ਜਾਵੇਗੀ ਅਤੇ ਇਹ ਕਾਰਜ ਮਾਹਿਰਾਂ ਦੀ ਨਿਗਰਾਨੀ ਵਿਚ 6 ਮਹੀਨਿਆਂ ਦੇ ਅੰਦਰ-ਅੰਦਰ ਮੁਕੰਮਲ ਹੋਵੇਗਾ। ਭਾਈ ਲੌਂਗੋਵਾਲ ਅਨੁਸਾਰ ਜਾਂਚ ਕਮੇਟੀ ਨੇ ਬਾਬਾ ਜਗਤਾਰ ਸਿੰਘ ਨੂੰ ਅੱਗੇ ਤੋਂ ਕਿਸੇ ਵੀ ਹੋਰ ਗੁਰਦੁਆਰਾ ਸਾਹਿਬ ਦੀ ਕਾਰਸੇਵਾ ਨਾ ਦੇਣ ਦੀ ਵੀ ਸਿਫਾਰਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਜਾਂਚ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਲਈ ਸ਼੍ਰੋਮਣੀ ਕਮੇਟੀ ਵਚਨਬਧ ਹੈ। ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਕਿਹਾ ਕਿ ਘਟਨਾ ਵਾਪਰਨ ਦੇ ਕਾਰਨਾਂ ਦੀ ਤਹਿ ਤੱਕ ਜਾਣ ਲਈ ਜਾਂਚ ਜਾਰੀ ਰੱਖੀ ਜਾਵੇਗੀ। ਜਾਂਚ ਕਮੇਟੀ ਵੱਲੋਂ ਆਪਣੀ ਰਿਪੋਰਟ ਭਾਈ ਲੌਂਗੋਵਾਲ ਨੂੰ ਸੌਂਪਣ ਸਮੇਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਵੀ ਮੌਜੂਦ ਸਨ।

Leave a Reply

Your email address will not be published. Required fields are marked *