ਪੰਜਾਬਪਟਿਆਲਾ

ਆਜ਼ਾਦੀ ਦਿਹਾੜੇ ਸਬੰਧੀ ਫੁੱਲ ਡਰੈਸ ਰਿਹਰਸਲ

ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਲਹਿਰਾਉਣਗੇ ਪਟਿਆਲਾ ਵਿਖੇ ਤਿਰੰਗਾ
73ਵੇਂ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ
ਸਮਾਗਮ ਲਈ ਤਿਆਰੀਆਂ ਮੁਕੰਮਲ- ਕੁਮਾਰ ਅਮਿਤ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਸਮਾਗਮ ‘ਚ ਵੱਧ-ਚੜ੍ਹਕੇ ਹਿੱਸਾ ਲੈਣ ਦੀ ਅਪੀਲ
ਪਟਿਆਲਾ, 14 ਅਗਸਤ (ਮਧੂਸਾਰ ਬਿਊਰੋ) ਦੇਸ਼ ਦੇ 73ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਅੱਜ ਇੱਥੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨਾਲ ਇਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਜਾਇਜਾ ਲੈਣ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਰਾਣਾ ਗੁਰਮੀਤ ਸਿੰਘ ਸੋਢੀ 15 ਅਗਸਤ ਦੇ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕਰਨਗੇ ਅਤੇ ਪੰਜਾਬ ਵਾਸੀਆਂ ਦੇ ਨਾਮ ਆਪਣਾ ਸੰਦੇਸ਼ ਦੇਣਗੇ ਅਤੇ ਇਸ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਰੇਡ ਵਿੱਚ ਜ਼ਿਲ੍ਹਾ ਪੁਲਿਸ ਪਟਿਆਲਾ ਦੀਆਂ ਦੋ ਟੁਕੜੀਆਂ, ਪੰਜਾਬ ਪੁਲਿਸ ਮਹਿਲਾ ਵਿੰਗ ਅਤੇ ਹੋਮ ਗਾਰਡਜ਼ ਦੀ ਇੱਕ-ਇੱਕ ਟੁਕੜੀ ਸਮੇਤ ਐਨ.ਸੀ.ਸੀ. ਆਰਮੀ ਵਿੰਗ ਲੜਕੇ ਤੇ ਲੜਕੀਆਂ, ਐਨ.ਸੀ.ਸੀ. ਏਅਰ ਵਿੰਗ, ਰੈਡ ਕਰਾਸ ਸੇਂਟ ਜੌਨ੍ਹ ਐਂਬੂਲੈਂਸ, ਸਕਾਊਟਸ ਤੇ ਗਰਲਜ਼ ਗਾਈਡ ਤੇ ਆਈ.ਆਰ.ਬੀ. ਦਾ ਬੈਂਡ ਸ਼ਾਮਲ ਹੋਣਗੇ ਅਤੇ ਪਰੇਡ ਦੀ ਅਗਵਾਈ ਪਰੇਡ ਕਮਾਂਡਰ ਡੀ.ਐਸ.ਪੀ. ਇੰਨਵੈਸਟੀਗੇਸ਼ਨ ਸ਼੍ਰੀ ਜਸਪ੍ਰੀਤ ਸਿੰਘ ਕਰਨਗੇ। ਉਨ੍ਹਾਂ ਦੱਸਿਆ ਕਿ ਮਾਰਚ ਪਾਸਟ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ ਅਤੇ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਸੱਭਿਆਚਾਰਕ ਪ੍ਰੋਗਰਾਮ ਵਿੱਚ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਈਨ, ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਕਲੋਨੀ, ਸਰਕਾਰੀ ਸਮਾਰਟ ਮਾਡਲ ਸਕੂਲ ਫੀਲਖਾਨਾ, ਸਰਕਾਰੀ ਮਲਟੀਪਰਪਜ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ, ਸਰਕਾਰੀ ਸਮਾਰਟ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਦੀਆਂ ਵਿਦਿਆਰਥਣਾਂ ਹਿੱਸਾ ਲੈਣਗੀਆਂ। ਨਰਾਇਣ ਪਬਲਿਕ ਸਕੂਲ ਤੇ ਕਬਰਿਜ਼ ਪਬਲਿਕ ਸਕੂਲ ਦੇ ਬੱਚੇ ਗੁਬਾਰੇ ਛੱਡਣਗੇ। ਜਦਕਿ ਸਰਕਾਰੀ ਮਹਿੰਦਰਾ ਕਾਲਜ, ਖਾਲਸਾ ਕਾਲਜ, ਸਟੇਟ ਕਾਲਜ ਆਫ ਐਜੁਕੇਸ਼ਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ, ਮਲਟੀਪਰਪਜ ਸਕੂਲ, ਫੀਲਖਾਨਾ ਸਕੂਲ, ਪੰਜਾਬੀ ਯੂਨੀਵਰਸਿਟੀ ਮਾਡਲ ਸਕੂਲ ਦੇ ਵਿਦਿਆਰਥੀ ਭੰਗੜਾ ਪੇਸ਼ ਕਰਨਗੇ ਅਤੇ ਸਰਕਾਰੀ ਕਾਲਜ ਲੜਕੀਆਂ ਦੀਆਂ ਮੁਟਿਆਰਾਂ ਲੋਕ ਨਾਚ ਗਿੱਧੇ ਦੀ ਪੇਸ਼ਕਾਰੀ ਕਰਨਗੀਆਂ ਅਤੇ ਸਮਾਗਮ ਦੇ ਅਖੀਰ ਵਿਚ ਰਾਸ਼ਟਰੀ ਗੀਤ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੌਕੇ ਸ. ਸੋਢੀ ਆਜ਼ਾਦੀ ਘੁਲਾਟੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਨਗੇ ਤੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟ ਵੰਡਣਗੇ ਅਤੇ ਲੋੜਵੰਦਾਂ ਨੂੰ ਵ੍ਹੀਲ ਚੇਅਰ, ਟਰਾਈ ਸਾਈਕਲਾਂ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਕਰਨਗੇ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਰੇਡ ਕਮਾਂਡਰ, ਪਹਿਲੇ ਤੇ ਦੂਸਰੇ ਸਥਾਨ ‘ਤੇ ਆਉਣ ਵਾਲੀਆਂ ਪਰੇਡਾਂ, ਝਾਕੀਆਂ, ਸਕੂਲੀ ਬੱਚਿਆਂ, ਗਿੱਧਾ ਟੀਮ, ਭੰਗੜਾ ਟੀਮ, ਬੈਂਡ ਮਾਸਟਰ ਆਦਿ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਸਮਾਰੋਹ ਦੇ ਅਖੀਰ ਵਿੱਚ ਰਾਸ਼ਟਰ ਗਾਇਨ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਦੇਸ਼ ਦੇ ਅਜ਼ਾਦੀ ਦਿਹਾੜੇ ਮੌਕੇ ਰਾਜਾ ਭਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ‘ਚ ਜ਼ਿਲ੍ਹਾ ਪਟਿਆਲਾ ਨਿਵਾਸੀਆਂ ਨੂੰ ਵੱਡੀ ਪੱਧਰ ‘ਤੇ ਖੁਸ਼ੀ-ਖੁਸ਼ੀ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਿਸ ਆਜ਼ਾਦੀ ਦੀ ਪ੍ਰਾਪਤੀ ਲਈ ਦੇਸ਼ ਭਗਤਾਂ ਨੂੰ ਬੇਸ਼ੁਮਾਰ ਕੁਰਬਾਨੀਆਂ ਕਰਨੀਆਂ ਪਈਆਂ, ਉਸ ਆਜ਼ਾਦੀ ਦੇ ਪਵਿੱਤਰ ਦਿਵਸ ਨੂੰ ਇਕ ਤਿਉਹਾਰ ਦੀ ਤਰ੍ਹਾਂ ਮਨਾਉਣਾ ਚਾਹੀਦਾ ਹੈ ਇਹੋ ਹੀ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਇਸ ਲਈ ਸਾਨੂੰ ਇਸ ਸਮਾਰੋਹ ‘ਚ ਵੱਧ ਚੜ੍ਹ ਕੇ ਸ਼ਾਮਲ ਹੋਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮਾਗਮ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਇਸ ਸਾਰੇ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚੜਾਉਣ ਲਈ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸੇ ਦੌਰਾਨ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ।

Leave a Reply

Your email address will not be published. Required fields are marked *