ਪੰਜਾਬਪਟਿਆਲਾ

ਕੈਬਨਿਟ ਮੰਤਰੀ ਧਰਮਸੋਤ ਨੇ ਆਯੂਸ਼ਮਾਨ ਭਾਰਤ: ਸਰਬੱਤ ਸਿਹਤ ਬੀਮਾ ਯੋਜਨਾ ਦਾ ਪਟਿਆਲਾ ‘ਚ ਕੀਤਾ ਆਗਾਜ਼

ਪਟਿਆਲਾ ਜ਼ਿਲ੍ਹੇ ਦੇ 2.93 ਲੱਖ ਪਰਿਵਾਰਾਂ ਨੂੰ ਮਿਲੇਗਾ ਸਿਹਤ ਬੀਮਾ ਯੋਜਨਾ ਦਾ ਲਾਭ
ਪਟਿਆਲਾ, 20 ਅਗਸਤ (ਮਧੂਸਾਰ ਬਿਊਰੋ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਦਭਾਵਨਾ ਦਿਵਸ ਮੌਕੇ ਅਰੰਭ ਕੀਤੀ ਗਈ ‘ਆਯੂਸ਼ਮਾਨ ਭਾਰਤ: ਸਰਬੱਤ ਸਿਹਤ ਬੀਮਾ ਯੋਜਨਾ’ ਦਾ ਪਟਿਆਲਾ ਜ਼ਿਲ੍ਹੇ ਦੇ 2.93 ਲੱਖ ਤੋਂ ਵਧੇਰੇ ਪਰਿਵਾਰਾਂ ਨੂੰ ਵੀ ਲਾਭ ਦੇਣ ਲਈ ਸ਼ੁਰੂਆਤ ਕਰਵਾਈ।

ਸਰਕਾਰੀ ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ‘ਚ ਸ. ਧਰਮਸੋਤ ਦੇ ਨਾਲ ਮੁੱਖ ਮੰਤਰੀ ਦੀ ਸਪੁੱਤਰੀ ਬੀਬਾ ਜੈਇੰਦਰ ਕੌਰ, ਵਿਧਾਇਕ ਘਨੌਰ ਸ੍ਰੀ ਮਦਨ ਲਾਲ ਜਲਾਲਪੁਰ, ਪੀ.ਆਰ.ਟੀ.ਸੀ ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਤੇ ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ 5 ਪਰਿਵਾਰਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਦੇ ਈ ਕਾਰਡਾਂ ਵੰਡ ਰਸਮੀ ਤੌਰ ‘ਤੇ ਕਰਦਿਆਂ ਸ. ਧਰਮਸੋਤ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਯੋਜਨਾ ਦੀ ਅਰੰਭਤਾ ਨਾਲ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਪਣੀ ਵੱਚਨਬੱਧਤਾ ਨੂੰ ਨਿਭਾਇਆ ਹੈ।
ਇਸ ਯੋਜਨਾ ਨੂੰ ਪੰਜਾਬ ਦੇ ਸਿਹਤ ਖੇਤਰ ਦੇ ਇਤਿਹਾਸ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਦੱਸਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ 2 ਲੱਖ 93 ਹਜ਼ਾਰ ਤੋਂ ਵਧੇਰੇ ਪਰਿਵਾਰਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ। ਉਨ੍ਹਾਂ ਨੇ ਇਸ ਯੋਜਨਾ ਤਹਿਤ ਸੂਬੇ ਤੇ 4700 ਦੇ ਕਰੀਬ ਮੀਡੀਆ ਦੇ ਨੁਮਾਇੰਦਿਆਂ ਨੂੰ ਲਾਭ ਪਹੁੰਚਾਉਣ ਦੇ ਫੈਸਲੇ ‘ਤੇ ਵੀ ਖੁਸ਼ੀ ਪ੍ਰਗਟਾਈ।
ਇਸ ਮੌਕੇ ਸ. ਧਰਮਸੋਤ ਨੇ ਸਵਰਗੀ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੇ 75ਵੇਂ ਜਨਮ ਦਿਵਸ ਨੂੰ ਪੰਜਾਬ ਸਰਕਾਰ ਵੱਲੋਂ ਸਦਭਾਵਨਾ ਦਿਵਸ ਵਜੋਂ ਮਨਾਏ ਜਾਣ ਨੂੰ ਵੀ ਇੱਕ ਇਤਿਹਾਸਕ ਕਦਮ ਦੱਸਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਆਪਣੀ ਕੁਰਬਾਨੀ ਦੇ ਕੇ ਕਾਇਮ ਰੱਖਿਆ ਅਤੇ ਰਾਸ਼ਟਰ ਨਿਰਮਾਣ ‘ਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਨੇ ਕੇਂਦਰ ਦੀ ਮੌਜੂਦਾ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਦੇ ਪ੍ਰਧਾਨ ਮੰਤਰੀਆਂ ਨੇ ਦੇਸ਼ ਦੇ ਵਿਕਾਸ ‘ਚ ਲਾਮਿਸਾਲ ਯੋਗਦਾਨ ਪਾਇਆ ਅਤੇ ਧਰਮ ਨਿਰਪੱਖਤਾ ‘ਤੇ ਚੱਲਦਿਆਂ ਦੇਸ਼ ਨੂੰ ਫਿਰਕਾਪ੍ਰਸਤੀ ਤੋਂ ਬਚਾਇਆ।
ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਇਸ ਯੋਜਨਾ ਨੂੰ ਅਰੰਭ ਕਰਨ ਸਮੇਂ ਦਿੱਤਾ ਗਿਆ ਸੰਦੇਸ਼ ਵੀ ਲਾਇਵ ਦਿਖਾਇਆ ਗਿਆ। ਸਮਾਗਮ ‘ਚ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਦਿਹਾਤੀ ਪ੍ਰਧਾਨ ਸ੍ਰੀ ਗੁਰਦੀਪ ਸਿੰਘ ਊਂਟਸਰ, ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸ੍ਰੀ ਯੋਗਿੰਦਰ ਸਿੰਘ ਯੋਗੀ, ਮੁੱਖ ਮੰਤਰੀ ਦੇ ਓ.ਐਸ.ਡੀ. ਸ੍ਰੀ ਰਾਜੇਸ਼ ਸ਼ਰਮਾ, ਸ੍ਰੀ ਬਲਵਿੰਦਰ ਸਿੰਘ, ਸ੍ਰੀ ਸੋਨੂ ਸੰਗਰ, ਸ੍ਰੀ ਰਜਿੰਦਰ ਸ਼ਰਮਾ, ਸ੍ਰੀ ਅਨਿਲ ਮਹਿਤਾ, ਕੌਂਸਲਰ ਸ੍ਰੀ ਹਰਵਿੰਦਰ ਸਿੰਘ ਨਿੱਪੀ, ਸ੍ਰੀ ਵਿਜੇ ਕੂਕਾ, ਸ੍ਰੀ ਰਜੇਸ਼ ਮੰਡੋਰਾ, ਸਹਾਇਕ ਕਮਿਸ਼ਨਰ (ਯੂ.ਟੀ.) ਸ੍ਰੀ ਟੀ.ਬੈਨਿਥ, ਐਸ.ਡੀ.ਐਮ. ਪਟਿਆਲਾ ਸ੍ਰੀ ਰਵਿੰਦਰ ਸਿੰਘ ਅਰੋੜਾ, ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਮੈਡੀਕਲ ਸੁਪਰਡੈਂਟ ਮਾਤਾ ਕੌਸ਼ੱਲਿਆ ਹਸਪਤਾਲ ਡਾ. ਰੇਨੂ ਅਗਰਵਾਲ, ਜ਼ਿਲ੍ਹਾ ਪ੍ਰੀਵਾਰ ਭਲਾਈ ਅਫ਼ਸਰ ਡਾ. ਜਤਿੰਦਰ ਕਾਂਸਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਐਮ.ਐਸ. ਧਾਲੀਵਾਲ, ਸੀਨੀਅਰ ਮੈਡੀਕਲ ਅਫ਼ਸਰ, ਮੈਡੀਕਲ ਅਫ਼ਸਰ, ਹਸਪਤਾਲ ‘ਚ ਦਾਖਲ ਮਰੀਜਾਂ ਦੇ ਪਰਿਵਾਰਕ ਮੈਂਬਰ, ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀ ਅਤੇ ਵੱਡੀ ਗਿਣਤੀ ‘ਚ ਹੋਰ ਪਤਵੰਤੇ ਵੀ ਹਾਜ਼ਰ ਸਨ।

Leave a Reply

Your email address will not be published. Required fields are marked *