ਫਿਲਮ ਦੇ ਪੋਸਟਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਨੋਟਿਸ
ਪ੍ਰੋਡਿਊਸਰ ਖਿਲਾਫ ਕਾਰਵਾਈ ਲਈ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ
ਅੰਮਿ੍ਰਤਸਰ, 28 ਅਗਸਤ (ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆ ਰਹੀ ਇੱਕ ਫਿਲਮ ਦੇ ਅਸ਼ਲੀਲ ਪੋਸਟਰ ਉਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮਿ੍ਰਤਸਰ ਦੀ ਤਸਵੀਰ ਛਾਪਣ ਦਾ ਸਖਤ ਨੋਟਿਸ ਲਿਆ ਹੈ। ਭਾਈ ਲੌਂਗੋਵਾਲ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਸਬੰਧਤ ਫਿਲਮ ਦੇ ਪ੍ਰੋਡਿਊਸਰ ਖਿਲਾਫ ਕਾਰਵਾਈ ਕਰਨ ਲਈ ਅੰਮਿ੍ਰਤਸਰ ਦੇ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ।
ਦੱਸਣਯੋਗ ਹੈ ਕਿ ਗੁਰਦੀਪ ਸਿੰਘ ਢਿੱਲੋਂ ਨਾਂ ਦੇ ਪ੍ਰੋਡਿਊਸਰ ਵੱਲੋਂ ਆਪਣੇ ਹੋਮ ਪ੍ਰੋਡਕਸ਼ਨ ਰਾਹੀਂ ਬਣਾਈ ਗਈ ਫਿਲਮ ਇਸ਼ਕ ਮਾਈ ਰਿਲੀਜਨ ਦਾ ਇੱਕ ਪੋਸਟਰ ਸਾਹਮਣੇ ਆਇਆ ਹੈ ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪੀ ਗਈ ਹੈ। ਇਸ ਪੋਸਟਰ ਵਿਚ ਫਿਲਮੀ ਕਲਾਕਾਰਾਂ ਦਾ ਅੰਦਾਜ ਅਸ਼ਲੀਲਤਾ ਵਾਲਾ ਹੈ, ਜਿਸ ਨਾਲ ਸਿੱਖ ਸੰਗਤ ਅੰਦਰ ਰੋਸ ਦੀ ਲਹਿਰ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ’ਤੇ ਇਤਰਾਜ ਪ੍ਰਗਟ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਲਈ ਪਵਿੱਤਰ ਅਸਥਾਨ ਹੈ, ਜਿਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਸ ਪਾਵਨ ਅਸਥਾਨ ਦੀ ਤਸਵੀਰ ਵਪਾਰਕ ਹਿੱਤਾਂ ਲਈ ਵਰਤਣੀ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਅੰਮਿ੍ਰਤਸਰ ਦੇ ਪੁਲਿਸ ਕਮਿਸ਼ਨਰ ਨੂੰ ਧਾਰਮਿਕ ਭਾਵਨਾਵਾਂ ਭੜਕਾਉਣ ਸਬੰਧੀ ਕਾਨੂੰਨੀ ਧਰਾਵਾਂ ਤਹਿਤ ਕੇਸ ਦਰਜ ਕਰਕੇ ਸਬੰਧਤ ਖਿਲਾਫ ਸਖਤ ਕਾਰਵਾਈ ਲਈ ਲਿਖਿਆ ਗਿਆ ਹੈ।
