ਦੇਸ਼-ਵਿਦੇਸ਼ਪੰਜਾਬ

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਰਾਏਪੁਰ ‘ਚ ਖਾਲਸਈ ਜਾਹੋ ਜਲਾਲ ਨਾਲ ਹੋਇਆ ਸਵਾਗਤ

ਰਾਏਪੁਰ ਤੋਂ ਗੋਂਦੀਆ ਲਈ ਰਵਾਨਗੀ ਸਮੇਂ ਸੰਗਤਾਂ ਨੇ ਕੀਤੀ ਭਰਵੀਂ ਸ਼ਮੂਲੀਅਤ
ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ/ਮਧੂਸਾਰ ਬਿਊਰੋ) ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਛੱਤੀਸਗੜ੍ਹ ਦੇ ਸ਼ਹਿਰ ਰਾਏਪੁਰ ਵਿਖੇ ਰਾਤ ਦਾ ਵਿਸ਼ਰਾਮ ਕਰਨ ਮਗਰੋਂ ਅੱਜ ਖਾਲਸਈ ਰਵਾਇਤਾਂ ਅਨੁਸਾਰ ਸੰਗਤ ਦੀ ਭਰਵੀਂ ਸ਼ਮੂਲੀਅਤ ਦੌਰਾਨ ਗੋਂਦੀਆ (ਮਹਾਰਾਸ਼ਟਰ) ਲਈ ਰਵਾਨਾ ਹੋ ਗਿਆ ਹੈ।

ਰਵਾਨਗੀ ਤੋਂ ਪਹਿਲਾਂ ਇਥੇ ਗੁਰਦੁਆਰਾ ਬਾਬਾ ਬੁੱਢਾ ਜੀ ਤੇਲੀਬੰਦਾ ਵਿਚ ਸਜਾਏ ਗਏ ਧਾਰਮਿਕ ਦੀਵਾਨ ਵਿਚ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਸੰਗਤ ਨਾਲ ਵਿਚਾਰਾਂ ਸਾਂਝੀਆਂ ਕੀਤੀਆਂ। ਉਨ੍ਹਾਂ ਜਿਥੇ ਨਗਰ ਕੀਰਤਨ ਦੇ ਭਰਵੇਂ ਸਵਾਗਤ ਲਈ ਸਥਾਨਕ ਸਿੱਖ ਪ੍ਰਤੀਨਿਧਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਉਥੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਗੁਰਮਤਿ ਸਮਾਗਮਾਂ ਵਿਚ ਸ਼ਮੂਲੀਅਤ ਦਾ ਸੱਦਾ ਦਿੱਤਾ। ਇਸ ਮੌਕੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਦੇ ਪ੍ਰਧਾਨ ਸ. ਗੁਰਮੁੱਖ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲ ਕੇ ਆਏ ਨਗਰ ਕੀਰਤਨ ਦੇ ਦਰਸ਼ਨ ਦੀਦਾਰ ਦਾ ਸੰਗਤ ਨੂੰ ਸੁਭਾਗ ਮਿਲਣਾ ਜੀਵਨ ਦੇ ਬਿਹਤਰ ਪਲ ਹਨ।

Leave a Reply

Your email address will not be published. Required fields are marked *