ਮੁੱਖ ਮੰਤਰੀ ਨੇ ਪ੍ਰਕਾਸ਼ ਪੁਰਬ ਮਨਾਉਣ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਲਾਏ ਦੋਸ਼ਾਂ ਨੂੰ ਮੁੱਢੋਂ ਕੀਤਾ ਰੱਦ
ਸ਼੍ਰੋਮਣੀ ਕਮੇਟੀ ਨਾਲ ਤਾਲਮੇਲ ਲਈ ਪਹਿਲਾਂ ਹੀ ਮੰਤਰੀਆਂ ਦਾ ਸਮੂਹ ਬਣਾਇਆ: ਮੁੱਖ ਮੰਤਰੀ
ਸ਼੍ਰੋਮਣੀ ਕਮੇਟੀ ਨੂੰ ਸਰਕਾਰ ਨਾਲ ਮਿਲ ਕੇ ਪ੍ਰਕਾਸ਼ ਪੁਰਬ ਦੇ ਜਸ਼ਨ ਸਾਂਝੇ ਤੌਰ ‘ਤੇ ਮਨਾਉਣ ਦੀ ਕੀਤੀ ਅਪੀਲ
ਚੰਡੀਗੜ੍ਹ, 8 ਸਤੰਬਰ (ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੂਬਾ ਸਰਕਾਰ ‘ਤੇ ਲਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਤਿਹਾਸਕ ਦਿਹਾੜੇ ਦੇ ਪ੍ਰੋਗਰਾਮਾਂ ਦੀ ਰੂਪ ਰੇਖਾ ਉਲੀਕਣ ਲਈ ਧਾਰਮਿਕ ਸੰਸਥਾਵਾਂ ਨਾਲ ਤਾਲਮੇਲ ਲਈ ਪਹਿਲਾਂ ਹੀ ਮੰਤਰੀਆਂ ਦਾ ਸਮੂਹ ਬਣਾਇਆ ਹੋਇਆ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਅਗਵਾਈ ਹੇਠ ਹੋਈ ਸ਼ੁੱਕਰਵਾਰ ਨੂੰ ਹੋਈ ਤਾਲਮੇਲ ਕਮੇਟੀ ਦੀ ਮੀਟਿੰਗ ਵਿੱਚ ਸੂਬਾ ਸਰਕਾਰ ‘ਤੇ ਹਿੱਸਾ ਨਾ ਲੈਣ ਦੇ ਸ਼੍ਰੋਮਣੀ ਕਮੇਟੀ ਵੱਲੋਂ ਲਾਏ ਦੋਸ਼ਾਂ ਦਾ ਸਖਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਮੰਤਰੀਆਂ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਤੇ ਓ.ਪੀ. ਸੋਨੀ ‘ਤੇ ਆਧਾਰਿਤ ਮੰਤਰੀਆਂ ਦੇ ਸਮੂਹ ਨੂੰ ਪਹਿਲਾ ਨਿਰਦੇਸ਼ ਦਿੱਤੇ ਹੋਏ ਹਨ ਕਿ ਉਹ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਸ਼੍ਰੋਮਣੀ ਕਮੇਟੀ ਨਾਲ ਸਾਰੇ ਮਾਮਲਿਆਂ ‘ਤੇ ਚਰਚਾ ਕਰਨ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਾਂਝਾ ਸਮਾਗਮ ਕਰਨ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ‘ਤੇ ਮਾਮਲੇ ਵਿੱਚ ਸੂਬਾ ਸਰਕਾਰ ‘ਤੇ ਇਹ ਦੋਸ਼ ਲਾਉਣਾ ਕਿ ਉਹ ਸਾਂਝਾ ਸਮਾਗਮ ਕਰਵਾਉਣ ਵਿੱਚ ਕੋਈ ਦਿਲਚਸਪੀ ਨਹੀਂ ਦਿਖਾ ਰਹੀ ਹੈ, ਸਰਾਸਰ ਗਲਤ ਹੈ ਸਗੋਂ ਸ਼੍ਰੋਮਣੀ ਕਮੇਟੀ ਸੂਬਾ ਸਰਕਾਰ ਨਾਲ ਇਸ ਇਤਿਹਾਸਕ ਦਿਹਾੜੇ ਨੂੰ ਸਾਂਝੇ ਮੰਚ ‘ਤੇ ਮਨਾਉਣ ਤੋਂ ਭੱਜ ਰਹੀ ਹੈ।
ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਅਜਿਹਾ ਇਤਿਹਾਸਕ ਦਿਹਾੜਾ ਸ਼੍ਰੋਮਣੀ ਕਮੇਟੀ ਨਾਲ ਸਾਂਝੇ ਤੌਰ ‘ਤੇ ਮਨਾਇਆ ਜਾਵੇ ਅਤੇ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਵੀ ਇਸ ਮਾਮਲੇ ‘ਤੇ ਖੁੱਲ੍ਹੇ ਵਿਚਾਰ ਰੱਖਣ ਲਈ ਕਿਹਾ।
ਮੁੱਖ ਮੰਤਰੀ ਨੇ ਯਾਦ ਦਿਵਾਉਂਦਿਆਂ ਕਿਹਾ ਕਿ ਚੰਡੀਗੜ੍ਹ ਵਿੱਚ 27 ਅਗਸਤ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠਲੇ ਵਫਦ ਨਾਲ ਕੀਤੀ ਮੀਟਿੰਗ ਵਿੱਚ ਉਨ੍ਹਾਂ ਅਪੀਲ ਕੀਤੀ ਸੀ ਕਿ ਸਮਾਗਮ ਮਨਾਉਣ ਲਈ ਵੱਖ-ਵੱਖ ਮਾਮਲਿਆਂ ‘ਤੇ ਸਾਂਝੀ ਰਾਏ ਬਣਾਈ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਅਪੀਲ ਦੁਹਰਾਉਂਦਿਆਂ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੱਦਾ ਦਿੰਦੇ ਹਨ ਕਿ ਅਗਲੇ ਦਿਨਾਂ ਵਿੱਚ ਸੱਦੀ ਜਾਣ ਵਾਲੀ ਰਾਜ ਪੱਧਰੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤਾਂ ਜੋ ਆਪਸੀ ਗੱਲਬਾਤ ਨਾਲ ਸਾਰੇ ਜੁੜੇ ਹੋਏ ਮਾਮਲਿਆਂ ‘ਤੇ ਵਿਚਾਰ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਇਨ੍ਹਾਂ ਜਸ਼ਨਾਂ ਨੂੰ ਮਨਾਉਣ ਵਾਲੇ ਸਮਾਗਮਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੂਰਨ ਸਾਥ ਤੇ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਅਜਿਹੇ ਮੌਕੇ ਜ਼ਿੰਦਗੀ ਵਿੱਚ ਇਕ ਵਾਰ ਹੀ ਮਿਲਦੇ ਹਨ ਜਿਸ ਕਾਰਨ ਸਾਨੂੰ ਰਾਜਸੀ, ਸਮਾਜਿਕ ਤੇ ਧਾਰਮਿਕ ਪੱਧਰ ਤੋਂ ਉਪਰ ਉਠ ਕੇ ਰਲ-ਮਿਲ ਕੇ ਅਜਿਹੇ ਸੁਭਾਗੇ ਪਲ ਮਨਾਉਣੇ ਚਾਹੀਦੇ ਹਨ।
ਉਨ੍ਹਾਂ ਐਸ.ਜੀ.ਜੀ.ਪੀ. ਨੂੰ ਅਪੀਲ ਕੀਤੀ ਕਿ ਉਹ ਪਹਿਲੇ ਸਿੱਖ ਗੁਰੂ ਵੱਲੋਂ ਆਲਮੀ ਪਿਆਰ, ਧਾਰਮਿਕ ਸ਼ਹਿਣਸ਼ੀਲਾ ਤੇ ਸਦਭਾਵਨਾ ਦੇ ਦਿੱਤੇ ਸੰਦੇਸ਼ ਨੂੰ ਫੈਲਾਉਂਦੇ ਹੋਏ ਵੱਡਾ ਦਿਲ ਦਿਖਾਉਣ ਅਤੇ ਏਕਤਾ ਦਾ ਪ੍ਰਦਰਸ਼ਨ ਕਰਨ।

