ਪਟਿਆਲਾ

ਫ਼ਸਲੀ ਰਹਿੰਦ ਖੂੰਹਦ ਨੂੰ ਸਾੜਨ ਦੇ ਮੁੱਦੇ ‘ਕੇ ਕੋਈ ਅਣਗਹਿਲੀ ਬਰਦਾਸ਼ਤ ਨਹੀਂ-ਕੁਮਾਰ ਅਮਿਤ

ਪਰਾਲੀ ਸਾੜਨ ਵਾਲਿਆਂ ਵਿਰੁੱਧ 77 ਕੇਸ ਦਰਜ, 1889 ਨੂੰ 50.92 ਲੱਖ ਜ਼ੁਰਮਾਨਾ,
ਪਟਿਆਲਾ, 6 ਨਵੰਬਰ (ਮਧੂਸਾਰ ਬਿਊਰੋ) ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਤੇ ਫ਼ਸਲੀ ਰਹਿੰਦ ਖੂੰਹਦ ਨੂੰ ਸਾੜਨ ਦੇ ਮੁੱਦੇ ‘ਤੇ ਕਿਸੇ ਵੀ ਪੱਧਰ ‘ਤੇ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਜਿੱਥੇ ਪਰਾਲੀ ਸਾੜਨ ਵਾਲਿਆਂ ਵਿਰੁੱਧ ਪੁਲਿਸ ਕੇਸ ਦਰਜ ਕਰਨ, ਜ਼ੁਰਮਾਨੇ ਲਗਾਉਣ ਦੀ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹੀ ਪਰਾਲੀ ਸਾੜਨ ਲਈ ਉਕਸਾਉਣ ਵਾਲਿਆਂ ਵਿਰੁੱਧ ਵੀ ਪੁਲਿਸ ਕੇਸ ਦਰਜ ਕੀਤੇ ਜਾਣਗੇ।

ਡਿਪਟੀ ਕਮਿਸ਼ਨਰ ਅੱਜ ਸ਼ਾਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ, ਏ.ਡੀ.ਸੀ. ਵਿਕਾਸ ਡਾ. ਪ੍ਰੀਤੀ ਯਾਦਵ, ਸਮੂਹ ਐਸ.ਡੀ.ਐਮਜ, ਡੀ.ਡੀ.ਪੀ.ਓ., ਖੇਤੀਬਾੜੀ ਅਫ਼ਸਰ, ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀ, ਤਹਿਸਲੀਦਾਰ, ਬੀ.ਡੀ.ਪੀ.ਓਜ ਤੇ ਹੋਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰ ਰਹੇ ਸਨ।
ਸ੍ਰੀ ਕੁਮਾਰ ਅਮਿਤ ਨੇ ਸਹਿਕਾਰਤਾ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹੁਣ ਲਈ ਵਰਤੀ ਗਈ ਮਸ਼ੀਨਰੀ ਦੀ ਰਿਪੋਰਟ ਦੇਣ ਨੂੰ ਕਿਹਾ ਅਤੇ ਹਦਾਇਤ ਕੀਤੀ ਸਰਵ ਉਚ ਅਦਾਲਤ ਦੇ ਹੁਕਮਾਂ ਦੀ ਪਾਲਣਾ ਇੰਨ-ਬਿੰਨ ਯਕੀਨੀ ਬਣਾਈ ਜਾਵੇ। ਇਸ ਤੋਂ ਬਿਨ੍ਹਾਂ ਜਮੀਨ ਮਾਲਕ ਵੱਲੋਂ ਪਰਾਲੀ ਸਾੜਨ ‘ਤੇ ਗਿਰਦਾਵਰੀ ਰਜਿਸਟਰ ਵਿੱਚ ਲਾਲ ਸ਼ਿਆਹੀ ਨਾਲ ਇੰਦਰਾਜ ਪਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਅੱਜ ਤੱਕ ਬਿਨ੍ਹਾਂ ਸੁਪਰ ਐਸ.ਐਮ.ਐਸ. ਵਾਲੀਆਂ ਹਾਰਵੈਸਟਿੰਗ ਕੰਬਾਇਨਾਂ ਨੂੰ ਜ਼ਬਤ ਕਰਕੇ 20 ਲੱਖ ਰੁਪਏ ਜ਼ੁਰਮਾਨਾ ਲਗਾਇਆ ਗਿਆ ਹੈ ਅਤੇ 1889 ਪਰਾਲੀ ਸਾੜਨ ਵਾਲਿਆਂ ਨੂੰ 50 ਲੱਖ 92 ਹਜ਼ਾਰ 500 ਰੁਪਏ ਜੁਰਮਾਨਾ ਲਗਾਇਆ ਗਿਆ ਹੈ। ਜਦੋਂਕਿ ਪਰਾਲੀ ਸਾੜਨ ਵਾਲੀਆਂ 28 ਪੰਚਾਇਤੀ ਜਮੀਨਾਂ ਦੀ ਸ਼ਨਾਖ਼ਤ ਹੋਈ ਹੈ ਅਤੇ 1 ਨੰਬਰਦਾਰ ਵੀ ਪਰਾਲੀ ਸਾੜਨ ਦੇ ਮਾਮਲੇ ‘ਚ ਲਿਪਤ ਪਾਇਆ ਹੈ, ਇਨ੍ਹਾਂ ਵਿਰੁੱਧ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾ ਰਹੀ ਹੈ। ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਰਾਲੀ ਸਾੜਨ ਵਾਲਿਆਂ ਵਿਰੁੱਧ ਧਾਰਾ 188 ਤਹਿਤ 77 ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਏਅਰ ਐਕਟ 1981 ਦੀ ਸੈਕਸ਼ਨ 39 ਤਹਿਤ 10 ਵਿਰੁੱਧ ਕੇਸ ਚਲਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਕਿਹਾ ਕਿ ਫ਼ਸਲਾਂ ਦੀ ਰਹਿੰਦ ਖੂੰਹਦ ਸਾੜਨ ਕਰਕੇ ਜਿੱਥੇ ਜਮੀਨ ਵਿੱਚ ਜੈਵਿਕ ਪਦਾਰਥਾਂ ਦਾ ਵੱਡੀ ਪੱਧਰ ‘ਤੇ ਨੁਕਸਾਨ ਹੁੰਦਾ ਹੈ, ਉਥੇ ਵਾਤਾਵਰਣ ਵੀ ਵੱਡੇ ਪੱਧਰ ‘ਤੇ ਨੁਕਸਾਨਿਆ ਜਾਂਦਾ ਹੈ ਇਸ ਲਈ ਪਰਾਲੀ/ਫ਼ਸਲਾਂ ਦੀ ਰਹਿੰਦ ਖ਼ੂੰਹਦ ਨੂੰ ਸਾੜਨ ਦੇ ਮਾੜੇ ਪ੍ਰਭਾਵਾਂ ਅਤੇ ਨੁਕਸਾਨਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸੇ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਅਤੇ ਏ.ਡੀ.ਸੀ. ਵਿਕਾਸ ਡਾ. ਪ੍ਰੀਤੀ ਯਾਦਵ ਨੇ ਪਿੰਡ ਲੁਬਾਣਾ ਟੇਕੂ ਵਿਖੇ ਸਹਿਕਾਰੀ ਸਭਾ ਦਾ ਦੌਰਾ ਕਰਕੇ ਉਥੋਂ ਦੇ ਸਟਾਕ ਅਤੇ ਮਸ਼ੀਨਰੀ ਦੀ ਵਰਤੋਂ ਦਾ ਅਚਨਚੇਤ ਵੀ ਨਿਰੀਖਣ ਕੀਤਾ।

Leave a Reply

Your email address will not be published. Required fields are marked *