ਜਥੇਦਾਰ ਅਵਤਾਰ ਸਿੰਘ ਮੱਕੜ ਨਹੀਂ ਰਹੇ
ਵੱਖ-ਵੱਖ ਆਗੂਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ
ਲੁਧਿਆਣਾ, 20 ਦਸੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦਾ ਅੱਜ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਉਹ 78 ਸਾਲਾਂ ਦੇ ਸਨ।ਜਾਣਕਾਰੀ ਮੁਤਾਬਕ ਉਹ ਪਿਛਲੇ ਇਕ ਹਫਤੇ ਤੋਂ ਹਸਪਤਾਲ ਚ ਜ਼ੇਰੇ ਇਲਾਜ ਸਨ। ਗੁੜਗਾਉਂ ਦੇ ਫੋਰਟਿਸ ਹਸਪਤਾਲ ਵਿਖੇ ਉਨ੍ਹਾਂ ਨੇ ਆਖਰੀ ਸਾਹ ਲਏ।
ਜ਼ਿਕਰਯੋਗ ਹੈ ਕਿ ਸਾਲ 2004 ‘ਚ ਉਹ ਪਹਿਲੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਚੁਣੇ ਗਏ ਸਨ ਤੇ ਅਗਲੇ ਸਾਲ ਹੀ ਪ੍ਰਧਾਨ ਚੁਣੇ ਗਏ ਸਨ। ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਗਾਤਾਰ 11 ਸਾਲ ਪ੍ਰਧਾਨ ਰਹੇ। ਇਸ ਤੋਂ ਇਲਾਵਾ ਉਹ ਲੁਧਿਆਣਾ ਸ਼ਹਿਰੀ ਅਕਾਲੀ ਜਥੇ ਦੇ ਕਾਰਜਕਾਰੀ ਪ੍ਰਧਾਨ ਰਹੇ ਤੇ ਲੁਧਿਆਣੇ ਦੇ ਪਰਮੁੱਖ ਧਾਰਮਿਕ ਸਥਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸ ਦੇ ਮੁੱਢਲੇ ਮੁੱਖ ਸੇਵਾਦਾਰ ਸਨ। ਉਨ੍ਹਾਂ ਦਾ ਅੰਤਿਮ ਸਸਕਾਰ 21 ਦਸੰਬਰ ਨੂੰ ਬਾਅਦ ਦੁਪਹਿਰ 2 ਵਜੇ ਲੁਧਿਆਣਾ ਦੇ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕੀਤਾ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਮੱਕੜ ਵਲੋਂ ਸਿੱਖ ਪੰਥ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਗਿਆਰਾਂ ਸਾਲ ਨਿਭਾਈਆਂ ਸੇਵਾਵਾਂ ਸਦਾ ਯਾਦ ਰੱਖੀਆਂ ਜਾਣਗੀਆਂ। ਭਾਈ ਲੌਂਗੋਵਾਲ ਨੇ ਜਥੇਦਾਰ ਮੱਕੜ ਨੂੰ ਇੱਕ ਦਰਵੇਸ਼ ਆਗੂ ਦੱਸਦਿਆਂ ਉਨ੍ਹਾਂ ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਵਿਚ ਪਾਏ ਯੋਗਦਾਨ ਨੂੰ ਵੀ ਯਾਦ ਕੀਤਾ। ਉਨ੍ਹਾਂ ਜਥੇਦਾਰ ਮੱਕੜ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸਕੱਤਰ ਸ. ਮਨਜੀਤ ਸਿੰਘ ਨੇ ਵੀ ਜਥੇਦਾਰ ਮੱਕੜ ਦੇ ਦਿਹਾਂਤ ‘ਤੇ ਅਫਸੋਸ ਪ੍ਰਗਟ ਕੀਤਾ ਹੈ। ਇਸੇ ਦੌਰਾਨ ਡਾ. ਰੂਪ ਸਿੰਘ ਨੇ ਦੱਸਿਆ ਕਿ ਜਥੇਦਾਰ ਮੱਕੜ ਦੇ ਅਕਾਲ ਚਲਾਣੇ ਦੇ ਸ਼ੋਕ ਵਿਚ ਭਲਕੇ 21 ਦਸੰਬਰ ਨੂੰ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਮੁਲਾਜਮਾਂ ਵੱਲੋਂ ਸ਼ੋਕ ਸਭਾ ਕੀਤੀ ਜਾਵੇਗੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਜਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਹੋਏ ਦਿਹਾਂਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ । ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਮੱਕੜ ਨੇ 11 ਸਾਲ ਦੇ ਲੰਮੇ ਸਮੇਂ ਦੇ ਕਾਰਜਕਾਲ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਤੌਰ ਪ੍ਰਧਾਨ ਸਿੱਖ ਕੌਮ ਤੇ ਖਾਲਸਾ ਪੰਥ ਦੀ ਸੇਵਾ ਕੀਤੀ । ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਮੱਕੜ ਦੇ ਦਿਹਾਂਤ ਹੋ ਜਾਣ ਨਾਲ ਸਿੱਖ ਪੰਥ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਇਸ ਮੌਕੇ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ ਅਤੇ ਸਕੱਤਰ ਸ੍ਰ. ਦਲਜੀਤ ਸਿੰਘ ਬੇਦੀ ਨੇ ਜਥੇਦਾਰ ਮੱਕੜ ਦੇ ਦੇਹਾਂਤ ਤੇ ਜਿਥੇ ਗਹਿਰਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਜਥੇਦਾਰ ਮੱਕੜ ਵੱਲੋਂ ਲੰਮਾ ਸਮਾਂ ਬਤੌਰ ਪ੍ਰਧਾਨ ਨਿਭਾਈਆਂ ਸੇਵਾਵਾਂ ਨੂੰ ਯਾਦ ਕੀਤਾ ਜਾਵੇਗਾ। ਉਥੇ ਹੀ ਧਾਰਮਿਕ ਅਤੇ ਅਕਾਦਮਿਕ ਖੇਤਰ ਵਿਚ ਉਨ੍ਹਾਂ ਵੱਲੋਂ ਕੀਤੇ ਗਏ ਇਤਿਹਾਸਕ ਕਾਰਜਾਂ ਨੂੰ ਇਤਿਹਾਸ ਦੇ ਪੰਨਿਆਂ ਤੋਂ ਕਦੇ ਵੀ ਅਖੋ ਪਰੋਖੇ ਨਹੀਂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਜਥੇਦਾਰ ਅਵਤਾਰ ਸਿੰਘ ਮੱਕੜ ਦੀ ਹਾਲਤ ਬਹੁਤ ਨਾਜ਼ੁਕ ਹੋ ਗਈ ਸੀ ਜਿਸ ਦੇ ਕਾਰਨ ਉਨ੍ਹਾਂ ਨੂੰ ਗੁੜਗਾਓਂ ਦੇ ਫੋਰਟਿਸ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਅਤੇ ਅਤੇ ਬਿਮਾਰੀ ਦੇ ਚੱਲਦਿਆਂ ਗੁੜਗਾਓ ਅੱਜ ਸ਼ਾਮ ਵੇਲੇ ਉਨ੍ਹਾਂ ਦਾ ਦਿਹਾਂਤ ਹੋ ਗਿਆ ਜਿਨ੍ਹਾਂ ਦੀ ਉਮਰ 78 ਸਾਲ ਸੀ ਉਨ੍ਹਾਂ ਦਾ ਅੰਤਿਮ ਸੰਸਕਾਰ 21 ਦਸੰਬਰ ਮਾਲ ਟਾਊਨ ਐਕਸਟੈਂਸ਼ਨ ਸ਼ਮਸ਼ਾਨ ਘਾਟ ਲੁਧਿਆਣਾ ਵਿਖੇ ਕੀਤਾ ਜਾਵੇਗਾ।
