ਸ੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗਵਾਲ ਵੱਲੋਂ ਸ਼ਾਨਦਾਰ ਸੇਵਾਵਾਂ ਲਈ ਅਵਤਾਰ ਸਿੰਘ ਸਨਮਾਨਤ
ਅਵਤਾਰ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਸ਼ਲਾਘਾਯੋਗ : ਭਾਈ ਲੌਂਗੋਵਾਲ
ਪਟਿਆਲਾ 24 ਜਨਵਰੀ (ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਸਕੱਤਰ ਸ. ਅਵਤਾਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਨਿਭਾਈਆਂ ਸ਼ਾਨਦਾਰ ਸੇਵਾਵਾਂ ਲਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਸਨਮਾਨਤ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਭਾਈ ਲੋਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਸ. ਅਵਤਾਰ ਸਿੰਘ ਨੇ ਧਾਰਮਕ ਅਤੇ ਅਕਾਦਮਿਕ ਖੇਤਰ ‘ਚ ਹਰ ਜ਼ਿੰਮੇਵਾਰੀ ਨੂੰ ਤਨਦੇਹੀ, ਇਮਾਨਦਾਰੀ ਅਤੇ ਬੇਹਤਰੀਨ ਢੰਗ ਨਾਲ ਸੇਵਾਵਾਂ ਨਿਭਾਈਆਂ, ਜਿਨਾਂ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਉਨੀਂ ਘੱਟ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਭਾਵੇਂ ਸਕੱਤਰ ਅਵਤਾਰ ਸਿੰਘ 31 ਜਨਵਰੀ ਨੂੰ ਆਪਣੀਆਂ ਸੇਵਾਵਾਂ ਤੋਂ ਸੇਵਾ ਮੁਕਤ ਹੋ ਰਹੇ ਹਨ, ਪਰ ਫਿਰ ਵੀ ਭਵਿੱਖ ‘ਚ ਉਨ੍ਹਾਂ ਤੋਂ ਚੰਗੇ ਸਹਿਯੋਗ ਲਈ ਆਸਵੰਦ ਰਹਾਂਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ. ਅਵਤਾਰ ਸਿੰਘ ਦੀ ਕਾਰਜਸ਼ੈਲੀ ਹੋਰਨਾਂ ਮੁਲਾਜ਼ਮਾਂ ਲਈ ਵੀ ਪ੍ਰੇਰਨਾ ਸਰੋਤ ਬਣੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸਾਹਿਬਾਨ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਵੱਲੋਂ ਵੀ ਸਕੱਤਰ ਸ. ਅਵਤਾਰ ਸਿੰਘ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਤ ਕਰਦਿਆਂ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਧਰਮ ਪ੍ਰਚਾਰ ਦੇ ਮੈਂਬਰ ਅਜੈਬ ਸਿੰਘ ਅਭਿਆਸੀ, ਮੈਂਬਰ ਮਨਜੀਤ ਸਿੰਘ ਬੱਪੀਆਣਾ, , ਮੈਂਬਰ ਪ੍ਰਿਤਪਾਲ ਸਿੰਘ, ਮੈਂਬਰ ਸੁਖਵਰਸ਼ ਸਿੰਘ, ਮੈਂਬਰ ਤੇਜਿੰਦਰਪਾਲ ਸਿੰਘ, ਅੰਤ੍ਰਿੰਗ ਕਮੇਟੀ ਜਸਮੇਰ ਸਿੰਘ ਲਾਛੜੂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਅਵਤਾਰ ਸਿੰਘ, ਸਕੱਤਰ ਮਹਿੰਦਰ ਸਿੰਘ ਆਹਲੀ, ਐਡੀਸ਼ਨਲ ਸਕੱਤਰ ਸੁਖਮਿੰਦਰ ਸਿੰਘ, ਮੀਤ ਸਕੱਤਰ ਸਿਮਰਜੀਤ ਸਿੰਘ, ਨਿੱਜੀ ਸਹਾਇਕ ਦਰਸ਼ਨ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਅਮਰਪਾਲ ਸਿੰਘ ਆਦਿ ਹਾਜ਼ਰ ਸਨ।

