ਪੰਜਾਬਪਟਿਆਲਾ

ਪਟਿਆਲਾ ਜ਼ਿਲ੍ਹੇ ਦੇ ਸਾਰੇ 376 ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਬਣਾਏ ਸਮਾਰਟ

ਪਟਿਆਲਾ 25 ਜਨਵਰੀ (ਮਧੂਸਾਰ ਬਿਊਰੋ) ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਅਤੇ ਪੰਜਾਬ ਦੇ ਸਿੱਖਿਆ ਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਕਟੋਰੀਆ (ਲੜਕੀਆਂ) ਵਿਖੇ ਬਣੀਆਂ ਅਲੱਗ-ਅਲੱਗ ਵਿਸ਼ਿਆਂ ਦੀਆਂ ਚਾਰ ਪ੍ਰਯੋਗਸ਼ਾਲਵਾਂ ਨੂੰ ਨਵੀਨੀਕਰਨ ਹੋਣ ਉਪਰੰਤ ਵਿਦਿਆਰਥੀਆਂ ਨੂੰ ਸਮਰਪਿਤ ਕੀਤੀਆਂ।
ਇਸ ਮੌਕੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਅਹਿਮ ਕਦਮ ਚੁੱਕੇ ਹਨ ਜਿਸ ਤਹਿਤ ਪਟਿਆਲਾ ਜ਼ਿਲ੍ਹੇ ਦੇ ਸਾਰੇ 376 ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਹੁਣ ਸਮਾਰਟ ਸਕੂਲ ਵਜੋਂ ਕੰਮ ਕਰਨ ਲੱਗੇ ਹਨ।

ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਸੂਬਾ ਤਾਂ ਹੀ ਤਰੱਕੀ ਕਰ ਸਕਦਾ ਹੈ ਜੇਕਰ ਉਥੋਂ ਦੇ ਵਿਦਿਆਰਥੀ ਸਮੇਂ ਦੇ ਹਾਣੀ ਹੋਣ ਇਸ ਲਈ ਮੁੱਖ ਮੰਤਰੀ ਨੇ ਸੂਬੇ ਦੇ ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਜਿਥੇ ਮਿਡਲ, ਹਾਈ ਤੇ ਸੈਕੰਡਰੀ ਸਕੂਲਾਂ ਨੂੰ ਸਮਾਰਟ ਬਣਾਉਣ ਲਈ ਸ਼ੁਰੂ ਕੀਤੇ ਮਿਸ਼ਨ ਤਹਿਤ ਪਟਿਆਲਾ ਜ਼ਿਲ੍ਹੇ ਦੇ ਸਾਰੇ ਸਕੂਲਾਂ ਨੂੰ ਸਮਾਰਟ ਬਣਾਇਆ ਹੈ ਉਥੇ ਹੀ ਪ੍ਰਾਈਮਰੀ ਸਕੂਲਾਂ ਵਿੱਚ ਵੀ ਸੋਲ ਲੈਬ ਸਥਾਪਤ ਕੀਤੇ ਜਾ ਰਹੇ ਹਨ ਤਾਂ ਜੋ ਵਿਦਿਆਰਥੀ ਛੋਟੀ ਉਮਰ ਤੋਂ ਹੀ ਕੰਪਿਊਟਰ ਨਾਲ ਸਾਂਝ ਪਾਕੇ ਦੁਨੀਆ ‘ਚ ਵਿਕਸਤ ਹੋ ਰਹੀ ਤਕਨਾਲੋਜੀ ਨਾਲ ਮੋਢੇ ਨਾਲ ਮੋਢਾ ਜੋੜਕੇ ਚੱਲ ਸਕਣ।
ਉਨ੍ਹਾਂ ਵਿਕਟੋਰੀਆ ਸਕੂਲ ਦੀਆਂ ਵਿਦਿਆਰਥਣਾਂ ਨੂੰ ਚਾਰ ਬਣੀਆਂ ਪ੍ਰਯੋਗਸ਼ਾਲਾਵਾਂ ਦੀ ਮੁਬਾਰਕਬਾਦ ਦਿੰਦਿਆ ਇਨ੍ਹਾਂ ਪ੍ਰਯੋਗਸ਼ਾਲਾ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਤ ਕੀਤਾ।
ਪੰਜਾਬ ਦੇ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬਧ ਹੈ ਅਤੇ ਇਸ ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਸਕੂਲਾਂ ਨੂੰ ਅਤਿ ਆਧੁਨਿਕ ਤਕਨੀਕਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਦੀ ਕਾਰਗੁਜ਼ਾਰੀ ਵਿਚ ਹੋਰ ਸੁਧਾਰ ਲਿਆਉਣ ਲਈ ਸਕੂਲਾਂ ‘ਚ ਪ੍ਰਿੰਸੀਪਲਾਂ, ਮੁੱਖ ਅਧਿਆਪਕਾਂ ਅਤੇ ਬੀ.ਪੀ.ਓ. ਦੀ ਭਰਤੀ ਵੀ ਕੀਤੀ ਗਈ ਹੈ ਅਤੇ ਹੁਣ ਸਕੂਲਾਂ ‘ਚ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਅਨੁਪਾਤ ਨੂੰ ਰੈਸ਼ਨੇਲਾਈਜੇਸ਼ਨ ਨੀਤੀ ਤਹਿਤ ਤਰਕ ਸੰਗਤ ਕਰਕੇ ਹਰ ਵਿਸ਼ੇ ਦੇ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਦੀ ਨਵੀਂ ਭਰਤੀ ਕੀਤੀ ਜਾਵੇਗੀ।
ਸ੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ‘ਚ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਦੇ ਲਈ ਜਿਥੇ ਵੱਡੇ ਕਦਮ ਚੁੱਕੇ ਹਨ ਉਥੇ ਹੀ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਨੇ ਵਿਕਟੋਰੀਆ ਸਕੂਲ ਵਿਖੇ ਬਣੀਆਂ ਅਲੱਗ-ਅਲੱਗ ਚਾਰ ਵਿਸ਼ਿਆ ਦੀਆਂ ਪ੍ਰੋਯਗਸ਼ਾਲਾਵਾ ‘ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਇਨ੍ਹਾਂ ਪ੍ਰੋਯਗਸ਼ਾਲਾਵਾ ਦੇ ਨਵੀਨੀਕਰਨ ‘ਤੇ 10 ਲੱਖ ਰੁਪਏ ਖਰਚੇ ਗਏ ਹਨ ਜਿਸ ਨਾਲ ਹੁਣ ਵਿਦਿਆਰਥੀਣਾਂ ਨੂੰ ਕਾਫ਼ੀ ਲਾਭ ਪਹੁੰਚੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਪ੍ਰੋਯਗਸ਼ਾਲਾਵਾ ਦੀ ਵਰਤੋਂ ਕਰਕੇ ਵਿਦਿਆਰਥਣਾਂ ਨੂੰ ਆਪਣੀ ਉਚੇਰੀ ਸਿੱਖਿਆ ਪ੍ਰਾਪਤ ਕਰਨ ਸਮੇਂ ਸਕੂਲੀ ਸਿੱਖਿਆ ਸਮੇਂ ਅਤਿ-ਆਧੁਨਿਕ ਪ੍ਰਯੋਗਸ਼ਾਲਾਵਾ ਵਿੱਚ ਸਿੱਖੇ ਕੰਮ ਦਾ ਲਾਭ ਹੋਵੇਗਾ। ਇਸ ਮੌਕੇ ਉਨ੍ਹਾਂ ਸਕੂਲ ਦੇ ਬੱਚਿਆ ਲਈ ਪੀਣ ਵਾਲੇ ਪਾਣੀ ਲਈ ਆਰ.ਓ. ਅਤੇ ਬਰਸਾਤੀ ਪਾਣੀ ਦੇ ਨਿਕਾਸ ਲਈ ਰੈਨਵਾਟਰ ਹਾਰਵੈਸਟਿੰਗ ਸਿਸਟਮ ਲਗਾਉਣ ਲਈ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਨੂੰ ਹਦਾਇਤ ਕੀਤੀ।
ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਅਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਪੀ.ਆਰ.ਟੀ.ਸੀ. ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ, ਪੰਜਾਬ ਯੂਥ ਕਾਂਗਰਸ ਦੇ ਸੈਕਟਰੀ ਸ੍ਰੀ ਸੰਦੀਪ ਮਲਹੋਤਰਾ, ਸ੍ਰੀ ਯੋਗਿੰਦਰ ਸਿੰਗ ਯੋਗੀ, ਕੇ.ਕੇ. ਮਲਹੋਤਰਾ, ਸ੍ਰੀ ਸੋਨੂੰ ਸੰਗਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਕੁਲਭੂਸ਼ਣ ਸਿੰਘ ਬਾਜਵਾ, ਕੌਸਲਰ ਸ੍ਰੀ ਆਰਤੀ ਵਰਮਾ, ਵਿਕਟੋਰੀਆ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਸਮੇਤ ਵੱਡੀ ਗਿਣਤੀ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ।

Leave a Reply

Your email address will not be published. Required fields are marked *