ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਸਹਾਇਤਾ ਰਾਸ਼ੀ ਦੇ ਚੈਕ ਸੌਂਪੇ
ਪਟਿਆਲਾ 11 ਫਰਵਰੀ (ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੰਗਕਰਤਾਵਾਂ ਵੱਲੋਂ ਭੇਜੀਆਂ ਵੱਖ-ਵੱਖ ਅਰਜ਼ੀਆਂ ਦੇ ਆਧਾਰ ‘ਤੇ ਗੁਰਦੁਆਰਾ ਪਿੰਡ ਬਾਗੜੀਆ, ਨੀਲਾ ਦੇਵੀ ਪਿੰਡ ਪੰਡਤਾ ਅਤੇ ਮਨਜਿੰਦਰ ਸਿੰਘ ਪਿੰਡ ਟਹਿਲਪੁਰ ਨੂੰ ਸਹਾਇਤਾ ਰਾਸ਼ੀ ਦੇ ਚੈਕ ਸੌਂਪੇ ਗਏ ਹਨ।
ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਗਈ 50,000 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਸੌਂਪਦੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਚਾਰ ਤੇ ਪਸਾਰ ਦੇ ਨਾਲ-ਨਾਲ ਹੋਰਨਾਂ ਵੱਖ-ਵੱਖ ਕਾਰਜਾਂ ਲਈ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਯੋਗ ਅਗਵਾਈ ‘ਚ ਧਾਰਮਕ ਅਤੇ ਅਕਾਦਮਿਕ ਖੇਤਰ ‘ਚ ਵੱਖ-ਵੱਖ ਕਾਰਜ ਕੀਤੇ ਜਾ ਰਹੇ ਹਨ ਅਤੇ ਸਮਾਜ ਦੇ ਲੋੜਵੰਦ ਅਤੇ ਜ਼ਰੂਰਤਮੰਦ ਲੋਕਾਂ ਲਈ ਸ਼੍ਰੋਮਣੀ ਕਮੇਟੀ ਹਮੇਸ਼ਾ ਵਚਨਬੱਧ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਮ ਸਿੰਘ, ਕਰਨੈਲ ਸਿੰਘ ਆਦਿ ਹਾਜ਼ਰ ਸਨ।

