ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਵਾਤਾਵਰਨ ਸੰਭਾਲ ਲਈ ਯਤਨ ਤੇਜ

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਲਗਾਏ ਬੂਟਿਆਂ ‘ਚ ਕੀਤਾ ਵਾਧਾ
ਅੰਮ੍ਰਿਤਸਰ, 19 ਫ਼ਰਵਰੀ (ਮਧੂ ਰਾਜਪੂਤ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਾਤਾਵਰਨ ਸੰਭਾਲ ਲਈ ਨਿਰੰਤਰ ਯਤਨ ਕਰ ਰਹੀ ਹੈ। ਇਸ ਤਹਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਵੱਡੀ ਪੱਧਰ ‘ਤੇ ਰਵਾਇਤੀ ਅਤੇ ਹਰਿਆਵਲ ਭਰਪੂਰ ਬੂਟੇ ਲਗਾਉਣ ਦਾ ਕਾਰਜ ਲਗਾਤਾਰ ਜਾਰੀ ਹੈ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਨੁਸਾਰ ਵਿਸ਼ਵ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾ ਸਮੇਤ ਇਸ ਦੇ ਚੌਗਿਰਦੇ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬੀਤੇ ਸਮੇਂ ਅੰਦਰ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾ ਅਤੇ ਬਰਾਂਡਿਆਂ ਦੀਆਂ ਛੱਤਾਂ ਉੱਪਰ ਬੂਟੇ ਲਗਾਏ ਗਏ ਸਨ। ਇਸ ਦੀ ਸਾਂਭ-ਸੰਭਾਲ ਦਾ ਕਾਰਜ ਵਾਤਾਵਰਨ ਮਾਹਿਰਾਂ ਦੀ ਰਾਇ ਅਨੁਸਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਰਕਰਮਾ ਅੰਦਰ ਵੱਡ-ਅਕਾਰੀ ਗਮਲਿਆਂ ਵਿਚ ਲਗਾਏ ਗਏ ਬੂਟਿਆਂ ਵਿਚ ਵਾਧਾ ਕਰਦਿਆਂ ਅੱਜ ਖਾਸ ਕਿਸਮ ਦੇ ਅੰਬ ਅਤੇ ਕੁੰਦੀ ਦੇ ਹੋਰ ਬੂਟੇ ਲਗਾ ਦਿੱਤੇ ਗਏ ਹਨ। ਵਾਤਾਵਰਨ ਦੀ ਸ਼ੁੱਧਤਾ ਲਈ ਕਾਰਜ ਕਰ ਰਹੇ ਸਵਾਮੀ ਜੀ ਹੁਸ਼ਿਆਰਪੁਰ ਵਾਲਿਆਂ ਨੇ ਅੰਬਾਂ ਦੇ 21 ਬੂਟੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟ ਕੀਤੇ ਹਨ। ਇਨ੍ਹਾਂ ਵਿੱਚੋਂ ਕੁਝ ਬੂਟੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰੂ ਕਾ ਬਾਗ ਅੰਦਰ ਵੀ ਲਗਾਏ ਗਏ ਹਨ। ਮੁੱਖ ਸਕੱਤਰ ਅਨੁਸਾਰ ਸ਼੍ਰੋਮਣੀ ਕਮੇਟੀ ਕੁਦਰਤੀ ਵਾਤਾਵਰਨ ਦੀ ਸੁਰੱਖਿਆ ਲਈ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਇਸੇ ਤਹਿਤ ਬੀਤੇ ਕੱਲ੍ਹ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸਾਹਿਬ ਵਿਖੇ 125 ਬੂਟੇ ਲਗਾਏ ਜਾ ਚੁੱਕੇ ਹਨ। ਇਸੇ ਤਰ੍ਹਾਂ ਹੋਰਨਾਂ ਗੁਰਦੁਆਰਾ ਸਾਹਿਬਾਨ ਅੰਦਰ ਵੀ ਬੂਟੇ ਲਗਾਉਣ ਦੀ ਵਿਉਂਤਬੰਦੀ ਕੀਤੀ ਜਾਵੇਗੀ। ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਬੂਟੇ ਲਗਾਉਣ ਸਮੇਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਸ. ਮੁਖਤਾਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸੁਆਮੀ ਜੀ ਹੁਸ਼ਿਆਰਪੁਰ ਵਾਲੇ, ਐਸ.ਡੀ.ਓ. ਸ. ਸੁਖਜਿੰਦਰ ਸਿੰਘ ਸਮੇਤ ਹੋਰ ਮੌਜੂਦ ਸਨ।

Leave a Reply

Your email address will not be published. Required fields are marked *