ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ ਦਾ ਅਚਨਚੇਤ ਨਿਰੀਖਣ
ਪਟਿਆਲਾ, 19 ਫਰਵਰੀ (ਰਮਨਦੀਪ ਕੌਰ/ਮਧੂਸਾਰ ਬਿਊਰੋ) ਜ਼ਿਲ੍ਹਾ ਤੇ ਸੈਸ਼ਨ ਜੱਜ –ਕਮ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਰਾਜਿੰਦਰ ਅਗਰਵਾਲ ਵੱਲੋਂ ਕੇਂਦਰੀ ਜੇਲ ਪਟਿਆਲਾ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਸੀ.ਜੇ.ਐਮ. -ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਪਰਮਿੰਦਰ ਕੌਰ ਵੀ ਹਾਜ਼ਰ ਸਨ।
ਇਸ ਮੌਕੇ ਸੈਸ਼ਨ ਜੱਜ ਵੱਲੋਂ ਜੇਲ ਵਿਚ ਰਹਿ ਰਹੇ ਕੈਦੀਆਂ ਤੋਂ ਉਨ੍ਹਾਂ ਤੇ ਚੱਲ ਰਹੇ ਮੁਕੱਦਮਿਆਂ ਦੀ ਕਾਰਵਾਈ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ ਅਤੇ ਉਨ੍ਹਾਂ ਦੇ ਰਹਿਣ-ਸਹਿਣ ਸਮੇਤ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਵੀ ਖੁੱਲ ਕੇ ਗੱਲਬਾਤ ਕਰਦਿਆ ਉਨ੍ਹਾਂ ਕਿਹਾ ਕਿ ਜੇਲ ਵਿਚ ਕੈਦੀਆਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਦੀ ਸਮੇਂ-ਸਮੇਂ ‘ਤੇ ਸਮੀਖਿਆ ਕੀਤੀ ਜਾਂਦੀ ਹੈ।
ਇਸ ਮੌਕੇ ਸੈਸ਼ਨ ਜੱਜ ਵੱਲੋਂ ਜੇਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਕੈਦੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵਿਚ ਕਿਸੇ ਪ੍ਰਕਾਰ ਦੀ ਢਿੱਲ ਨਾ ਕੀਤੀ ਜਾਵੇ। ਸ੍ਰੀ ਰਾਜਿੰਦਰ ਅਗਰਵਾਲ ਨੇ ਕਿਹਾ ਕਿ ਸਮੇਂ-ਸਮੇਂ ‘ਤੇ ਜੇਲਾਂ ਦਾ ਨਿਰੀਖਣ ਕੀਤਾ ਜਾਂਦਾ ਹੈ ਤਾਂ ਜੋ ਕੈਦੀਆਂ ਦੀਆਂ ਮੁਸ਼ਕਲਾਂ ਅਤੇ ਉਨ੍ਹਾਂ ਦੇ ਅਦਾਲਤਾਂ ਵਿਚ ਚਲਦੇ ਕੇਸਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ ਤਾਂ ਜੋ ਉਹ ਆਪਣੇ ਕਾਨੂੰਨੀ ਅਧਿਕਾਰਾਂ ਤੋਂ ਵਾਂਝੇ ਨਾ ਰਹਿਣ। ਇਸ ਮੌਕੇ ਜੇਲ ਸੁਪਰਡੈਂਟ ਸ੍ਰੀ ਐਸ.ਪੀ. ਖੰਨਾ ਸਮੇਤ ਜੇਲ ਸਟਾਫ ਵੀ ਮੌਜੂਦ ਸੀ।

