ਪੰਚਮੀ ਦੇ ਦਿਹਾੜੇ ਮੌਕੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ
ਸ਼ਹਾਦਤਾਂ ਨੇ ਧਰਮ ਅਤੇ ਸਿੱਖੀ ਦੇ ਨਿਆਰੇਪਣ ਨੂੰ ਕਾਇਮ ਰੱਖਣ ਦੀ ਦਿੱਤੀ ਜੁਗਤ : ਪ੍ਰੋ. ਬਡੂੰਗਰ
ਪਟਿਆਲਾ 29 ਫਰਵਰੀ (ਰਮਨਦੀਪ ਕੌਰ/ਮਧੂਸਾਰ ਬਿਊਰੋ) ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਇਤਿਹਾਸਕ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਦਿਹਾੜੇ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਨੇ ਗੁਰੂ ਦਰਬਾਰ ਸਾਹਿਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਸੀਸ ਨਿਵਾਕੇ ਸ਼ਰਧਾ ਤੇ ਆਸਥਾ ਪ੍ਰਗਟਾਈ। ਤੜਕਸਵੇਰੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਉਪਰੰਤ ਸੰਗਤਾਂ ਨੇ ਪਵਿੱਤਰ ਸਰੋਵਰ ‘ਚ ਇਸ਼ਨਾਨ ਅਤੇ ਪੰਗਤ-ਸੰਗਤ ਕਰਦਿਆਂ ਕੀਰਤਨੀ ਹਜ਼ੂਰੀ ਜਥਿਆਂ ਪਾਸੋਂ ਸ਼ਬਦ ਗੁਰੂ ਦਾ ਆਸਰਾ ਪ੍ਰਾਪਤ ਕੀਤਾ।
ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ‘ਚ ਨਨਕਾਣਾ ਸਾਹਿਬ ਅਤੇ ਜੈਤੋ ਮੋਰਚੇ ਦੇ ਸ਼ਹੀਦਾਂ ਨੂੰ ਯਾਦ ਨੂੰ ਕਰਵਾਏ ਸਮਾਗਮ ‘ਚ ਢਾਡੀ ਜਥਿਆਂ ਅਮਰੀਕ ਸਿੰਘ ਜਨੇਤਪੁਰ, ਅਮਰ ਸਿੰਘ ਨੂਰ, ਬੀਬੀ ਹਰਪ੍ਰੀਤ ਕੌਰ ਅਤੇ ਗੁਰਪਿਆਰ ਸਿੰਘ ਜੌਹਰ ਦੇ ਜਥਿਆਂ ਨੇ ਸ਼ਹੀਦਾਂ ਨੂੰ ਯਾਦ ਕਰਦਿਆਂ ਇਤਿਹਾਸ ਦੀ ਰੌਸ਼ਨੀ ‘ਚ ਸੰਗਤਾਂ ਨੂੰ ਜਾਣੂੰ ਕਰਵਾਇਆ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਿੱਖ ਇਤਿਹਾਸ ‘ਚ ਸ਼ਹੀਦੀ ਦੇ ਫਲਸਫੇ ਨੂੰ ਸਮਝਣ ਦੀ ਲੋੜ ਹੈ ਅਤੇ ਧਰਮ, ਕੌਮ, ਅਣਖ ਅਤੇ ਗੈਰਤ ਲਈ ਦਿੱਤੀਆਂ ਲਾਸਾਨੀ ਸ਼ਹਾਦਤਾਂ ਹਮੇਸ਼ਾ ਜ਼ਬਰ-ਜ਼ੁਲਮ ਖਿਲਾਫ਼ ਲੜਨ ਦਾ ਬਲ ਪ੍ਰਦਾਨ ਕਰਦੀਆਂ ਹਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਨਨਕਾਣਾ ਸਾਹਿਬ ਅਤੇ ਜੈਤੇ ਦੇ ਮੋਰਚੇ ਦੇ ਸ਼ਹੀਦਾਂ ਨੇ ਵੀ ਗੁਰੂ ਸਿਧਾਂਤ ‘ਤੇ ਪਹਿਰਾ ਦਿੰਦਿਆਂ ਆਪਣੀ ਸ਼ਹਾਦਤ ਦੇ ਕੇ ਗੁਰਦੁਆਰਿਆਂ ਨੂੰ ਮਹੰਤਾਂ ਤੋਂ ਅਜ਼ਾਦ ਹੀ ਨਹੀਂ ਕਰਵਾਇਆ ਬਲਕਿ ਧਰਮ ਅਤੇ ਸਿੱਖੀ ਦੇ ਨਿਆਰੇਪਣ ਨੂੰ ਕਾਇਮ ਰੱਖਣ ਦੀ ਜੁਗਤ ਵੀ ਦਿੱਤੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਸਕੱਤਰ ਸੁਲੱਖਣ ਸਿੰਘ ਭੰਗਾਲੀ, ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਮ ਸਿੰਘ, ਕਰਨੈਲ ਸਿੰਘ, ਅਮਰਪਾਲ ਸਿੰਘ, ਐਡੀਸ਼ਨਲ ਹੈਡ ਗ੍ਰੰਥੀ ਭਾਈ ਅਜਮੇਰ ਸਿੰਘ, ਪ੍ਰਚਾਰਕ ਬਲਦੇਵ ਸਿੰਘ ਓਗਰਾ, ਹਪਰ੍ਰੀਤ ਸਿੰਘ ਜੰਡਿਆਲਾ ਗੁਰੂ, ਅਵਤਾਰ ਸਿੰਘ ਬੱਲੁਪੁਰ, ਪਰਵਿੰਦਰ ਸਿੰਘ ਰਿਓਦ,ਮਨਜੀਤ ਸਿੰਘ, ਆਤਮ ਪ੍ਰਕਾਸ਼ ਸਿੰਘ ਬੇਦੀ, ਗੁਰਵਿੰਦਰ ਸਿੰਘ ਅਤੇ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।

