ਪਟਿਆਲਾ

ਫਲੈਗ ਮਾਰਚ : ਲੋਕਾਂ ਨੂੰ ਘਰਾਂ ‘ਚੋਂ ਬਾਹਰ ਨਿਕਲਣ ਦੀ ਇਜ਼ਾਜਤ ਨਹੀਂ ਦਿੱਤੀ ਜਾ ਸਕਦੀ-ਕੁਮਾਰ ਅਮਿਤ

ਪਟਿਆਲਾ (ਮਧੂਸਾਰ ਅਪਡੇਟ) ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਪੁਲਿਸ ਵੱਲੋਂ ਅੱਜ ਸ਼ਾਮ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾਵਾਇਰਸ ਨੂੰ ਫੈਲਣ ਤੋਂ ਲਗਾਏ ਗਏ ਇਸ ਕਰਫਿਊ ਨੂੰ ਆਮ ਕਰਫਿਊ ਸਮਝਣ ਤੋਂ ਗੁਰੇਜ਼ ਕਰਦੇ ਹੋਏ ਆਪਣੇ ਘਰਾਂ ਵਿੱਚ ਹੀ ਰਹਿਣ ਕਿਉਂਕਿ ਇਸ ਵਾਇਰਸ ਦੀ ਮਹਾਂਮਾਰੀ ਨੇ ਕਿਸੇ ਨਾਲ ਲਿਹਾਜ ਨਹੀਂ ਕਰਨਾ।

ਐਸ.ਐਸ.ਪੀ. ਸ. ਸਿੱਧੂ ਨੇ ਕਿਹਾ ਕਿ ਜੇਕਰ ਲੋਕਾਂ ਨੇ ਕਰਫਿਊ ਦੀ ਉਲੰਘਣਾ ਕੀਤੀ ਤਾਂ ਸਖ਼ਤੀ ਵਰਤਦਿਆਂ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ। ਸ. ਸਿੱਧੂ ਨੇ ਦੱਸਿਆ ਕਿ ਹੁਣ ਤੱਕ 221 ਪਰਚੇ ਦਰਜ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 7 ਪਰਚੇ ਅੱਜ ਦਰਜ ਕੀਤੇ ਗਏ ਹਨ। ਜਦੋਂਕਿ 277 ਜਣੇ ਗ੍ਰਿਫ਼ਤਾਰ ਕੀਤੇ ਗਏ ਹਨ ਤੇ ਜਿਨ੍ਹਾਂ ਵਿੱਚੋਂ 7 ਜਣੇ ਅੱਜ ਗ੍ਰਿਫ਼ਤਾਰ ਕੀਤੇ ਗਏ ਹਨ।
ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠਲੇ ਇਸ ਫਲੈਗ ਮਾਰਚ ਦੀ ਸ਼ੁਰੂਆਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹੋਈ। ਇਸ ਤੋਂ ਅੱਗੇ ਇਹ ਫਲੈਗ ਮਾਰਚ ਸਿਵਲ ਲਾਈਨਜ ਤੇ ਥਾਪਰ ਯੂਨੀਵਰਸਿਟੀ ਚੌਂਕ, 22 ਨੰਬਰ ਫਾਟਕ ਪੁਲ, ਲੀਲਾ ਭਵਨ, ਖੰਡਾ ਚੌਂਕ, ਫੁਹਾਰਾ ਚੌਂਕ, ਸ਼ੇਰਾਂ ਵਾਲਾ ਗੇਟ, ਧਰਮਪੁਰਾ ਬਾਜ਼ਾਰ, ਅਨਾਰਦਾਣਾ ਚੌਂਕ, ਅਦਾਲਤ ਬਾਜ਼ਾਰ, ਗੁੜ ਮੰਡੀ, ਭਾਂਡਿਆਂ ਵਾਲਾ ਬਾਜ਼ਾਰ, ਕਿਲਾ ਚੌਂਕ, ਆਰੀਆ ਸਮਾਜ, ਸਰਹਿੰਦੀ ਬਾਜ਼ਾਰ, ਸਰਾਫ਼ਾ ਬਾਜ਼ਾਰ, ਲਾਹੌਰੀ ਗੇਟ, ਬੱਸ ਅੱਡਾ, ਰਾਜਪੁਰਾ ਕਲੋਨੀ ਬਾਜ਼ਾਰ, ਗੁਰਬਖ਼ਸ਼ ਕਲੋਨੀ, ਜੁਝਾਰ ਨਗਰ, ਸਰਹਿੰਦ ਬਾਈਪਾਸ, ਅਲੀਪੁਰ, ਸਰਹਿੰਦ ਰੋਡ, ਤ੍ਰਿਪੜੀ, ਫੂਲਕੀਆਂ ਇਨਕਲੇਵ ਰੋਡ ਸਮੇਤ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿੱਚੋਂ ਦੀ ਹੁੰਦਾ ਹੋਇਆ ਲੋਕਾਂ ਨੂੰ ਕਰਫਿਊ ਦੀ ਉਲੰਘਣਾ ਕਰਨ ਤੋਂ ਵਰਜ਼ ਗਿਆ।
ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਕੋਰੋਨਾਵਾਇਰਸ ਦੀ ਇਸ ਹੰਗਾਮੀ ਸਥਿਤੀ ਨਾਲ ਨਜਿੱਠਣ ਦਾ ਇੱਕੋ-ਇੱਕ ਹੱਲ ਹੈ ਕਿ ਅਸੀਂ ਸਮਾਜਿਕ ਦੂਰੀ ਬਣਾ ਕੇ ਰੱਖਣ ਲਈ ਆਪਣੇ ਘਰਾਂ ਵਿੱਚ ਰਹੀਏ। ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਸਰਕਾਰ, ਸਿਹਤ ਵਿਭਾਗ ਤੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ ਵਰਨਾਂ ਪ੍ਰਸ਼ਾਸਨ ਸਖ਼ਤੀ ਵਰਤੇਗਾ।
ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਪੁਲਿਸ ਆਮ ਨਾਗਰਿਕਾਂ ਦੀ ਸੁਰੱਖਿਆ ਲਈ ਹਰ ਸਮੇਂ ਤਤਪਰ ਹੈ ਪਰੰਤੂ ਲੋਕਾਂ ਨੂੰ ਵੀ ਕਾਨੂੰਨ ਦੀ ਪਾਲਣਾਂ ਕਰਦੇ ਹੋਏ ਆਪਣੇ ਘਰਾਂ ਵਿੱਚ ਹੀ ਰਹਿਣਾ ਚਾਹੀਦਾ ਹੈ ਪਰੰਤੂ ਇਸਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਵਰਤਣ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ।
ਇਸ ਦੌਰਾਨ ਨਗਰ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ. ਪ੍ਰੀਤੀ ਯਾਦਵ, ਐਸ.ਪੀ. ਸਿਟੀ ਸ੍ਰੀ ਵਰੁਣ ਸ਼ਰਮਾ, ਐਸ.ਡੀ.ਐਮ. ਸ. ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮਿਸ ਇਨਾਇਤ, ਸਹਾਇਕ ਕਮਿਸ਼ਨਰ ਜਨਰਲ ਡਾ. ਇਸਮਤ ਵਿਜੇ ਸਿੰਘ, ਡੀ.ਐਸ.ਪੀ. ਯੋਗੇਸ਼ ਕੁਮਾਰ, ਡੀ.ਐਸ.ਪੀ. ਸੌਰਵ ਜਿੰਦਲ, ਪੀ.ਸੀ.ਐਸ. ਟ੍ਰੇਨੀ ਸ. ਜਗਨੂਰ ਸਿੰਘ ਗਰੇਵਾਲ ਸਮੇਤ ਹੋਰ ਸਿਵਲ ਤੇ ਪੁਲਿਸ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *