ਛੇਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਅਤੇ ਜੂਨ 1984 ਦੇ ਸ਼ਹੀਦਾਂ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਭਾਈ ਲੌਂਗੋਵਾਲ ਵੱਲੋਂ ਕੋਰੋਨਾ ਦੌਰਾਨ ਸੰਗਤਾਂ ਨੂੰ ਘਰਾਂ ’ਚ ਰਹਿ ਕੇ ਅਰਦਾਸ ਕਰਨ ਦੀ ਅਪੀਲ
ਅੰਮ੍ਰਿਤਸਰ 4 ਜੂਨ (ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਇਸ ਦੇ ਨਾਲ ਹੀ ਜੂਨ 1984 ਵਿਚ ਸਮੇਂ ਦੀ ਭਾਰਤ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਵਿਚ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ, ਜਿਸ ਦੇ ਭੋਗ 6 ਜੂਨ ਨੂੰ ਪੈਣਗੇ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ, ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਮੁਖਤਾਰ ਸਿੰਘ ਚੀਮਾ, ਮੁੱਖ ਗ੍ਰੰਥੀ ਭਾਈ ਗੁਰਮੁੱਖ ਸਿੰਘ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਬਘੇਲ ਸਿੰਘ, ਸ. ਜਗਤਾਰ ਸਿੰਘ, ਸਿੱਖ ਆਗੂ ਸ. ਜਸਬੀਰ ਸਿੰਘ ਘੁੰਮਣ, ਗਿਆਨੀ ਰਵੇਲ ਸਿੰਘ, ਸ. ਹਰਜਿੰਦਰ ਸਿੰਘ ਸਾਬਕਾ ਵਧੀਕ ਮੈਨੇਜਰ ਆਦਿ ਮੌਜੂਦ ਸਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ 6 ਜੂਨ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਘੱਲੂਘਾਰਾ ਦਿਵਸ ਦੀ ਸਾਲਾਨਾ ਯਾਦ ਮੌਕੇ ਕੋਰੋਨਾ ਵਾਇਰਸ ਮਹਾਮਾਰੀ ਦੇ ਚੱਲਦਿਆਂ ਸੰਗਤਾਂ ਘਰਾਂ ਵਿਚ ਹੀ ਅਰਦਾਸ ਕਰਨ। ਉਨ੍ਹਾਂ ਕਿਹਾ ਕਿ ਜੂਨ 1984 ਦਾ ਘੱਲੂਘਾਰਾ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤਾ ਗਿਆ ਮਨੁੱਖਤਾ ਵਿਰੋਧੀ ਕਰੂਰ ਕਾਰਾ ਹੈ, ਜਿਸ ਦੇ ਜ਼ਖ਼ਮ ਕਦੇ ਨਹੀਂ ਭਰ ਸਕਦੇ। ਇਸ ਘੱਲੂਘਾਰੇ ਦੀ ਯਾਦ ਹਰ ਸਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਈ ਜਾਂਦੀ ਹੈ, ਪਰੰਤੂ ਇਸ ਵਾਰ ਪੂਰੇ ਵਿਸ਼ਵ ਵਿਚ ਫੈਲੀ ਕੋਰੋਨਾ ਮਹਾਮਾਰੀ ਕਾਰਨ ਸ਼ਹੀਦੀ ਸਮਾਗਮ ਸੰਖੇਪ ਰੂਪ ਵਿਚ ਕੀਤੇ ਜਾਣਗੇ। ਇਸ ਤੋਂ ਇਲਾਵਾ ਛੇਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ। ਇਸ ਸੰਕਟਮਈ ਸਮੇਂ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਦਾ ਇਕੱਤਰ ਹੋਣਾ ਮੁਨਾਸਿਬ ਨਹੀਂ ਹੈ। ਇਸ ਲਈ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਅਤੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਸੰਗਤਾਂ ਆਪੋ-ਆਪਣੇ ਘਰਾਂ ਅੰਦਰ ਹੀ ਗੁਰਬਾਣੀ ਪਾਠ ਕਰਕੇ ਅਰਦਾਸ ਕਰਨ।

