ਡਾ. ਰੂਪ ਸਿੰਘ ਨੇ ਕਿਹਾ ਨੈਤਿਕ ਜ਼ਿੰਮੇਵਾਰੀ ਸਮਝਕੇ ਦਿੱਤਾ ਅਹੁਦੇ ਤੋਂ ਅਸਤੀਫ਼ਾ
ਅੰਮ੍ਰਿਤਸਰ 27 ਅਗਸਤ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪਾਂ ਦੇ ਚੋਰੀ ਹੋਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਛੁੱਟੀ ਤੋਂ ਪਰਤਣ ਉਪਰੰਤ ਅੱਜ ਨੈਤਿਕਤਾ ਦੇ ਆਧਾਰ ‘ਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਡਾ. ਰੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪ ਚੋਰੀ ਹੋਏ ਸਨ।
ਉਨ੍ਹਾਂ ਇਸ ਸਬੰਧੀ ਆਪਣੀ ਨੈਤਿਕ ਜ਼ਿੰਮੇਵਾਰੀ ਤੇ ਇਖ਼ਲਾਕੀ ਫ਼ਰਜ਼ ਸਮਝਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਦੱਸਣਯੋਗ ਹੈ ਕਿ ਬੀਤੇ ਕਾਫੀ ਸਮੇਂ ਤੋਂ ਡਾ. ਰੂਪ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਹਾਸ਼ੀਏ ਉੱਤੇ ਨਜ਼ਰ ਆ ਰਹੇ ਸਨ, ਜਿਸ ਕਰਕੇ ਉਨ੍ਹਾਂ ਵੱਲੋਂ ਲੰਬੀ ਛੁੱਟੀ ਲੈਣ ਦਾ ਮਾਮਲਾ ਵੀ ਸਾਹਮਣੇ ਆਇਆ ਸੀ ਪਰ ਬਾਅਦ ਵਿੱਚ ਉਨ੍ਹਾਂ ਸਾਰੀਆਂ ਕਿਆਸਰਾਈਆਂ ਨੂੰ ਖਾਰਜ ਕਰਦੇ ਹੋਏ ਆਪਣੇ ਨਿੱਜੀ ਕਾਰਨਾਂ ਕਰ ਕਰਕੇ ਵਿਦੇਸ਼ ਜਾਣ ਹਿੱਤ ਛੁੱਟੀ ਲਈ ਦੱਸਿਆ ਸੀ ਪਰ ਅੱਜ ਦੇ ਘਟਨਾਕ੍ਰਮ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਸ਼੍ਰੋਮਣੀ ਕਮੇਟੀ ਵਿੱਚ ਸਭ ਕੁਝ ਠੀਕ ਨਹੀਂ ਹੈ।

