ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ
ਪਟਿਆਲਾ 7 ਸਤੰਬਰ (ਰਮਨਦੀਪ/ਮਧੂਸਾਰ ਬਿਊਰੋ) ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਕ ਵਿੱਚ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ ਦਿੱਤੇ ਜ਼ਿਲ੍ਹਾ ਪੱਧਰੀ ਸੰਘਰਸ਼ ਦੇ ਸੱਦੇ ਤਹਿਤ ਅੱਜ ਪਟਿਆਲਾ ਜ਼ਿਲ੍ਹੇ ਦੇ ਮੁਲਾਜ਼ਮਾਂ ਵੱਲੋਂ ਸਥਾਨਕ ਤ੍ਰਿਪੜੀ ਰੋਡ ‘ਤੇ ਸਥਿਤ ਪੁੱਡਾ ਪਾਰਕਿੰਗ ਵਿਖੇ ਰੈਲੀ ਕਰਨ ਉਪਰੰਤ ਰੇਲਵੇ ਸਟੇਸ਼ਨ ਤੱਕ ਰੋਸ ਮਾਰਚ ਕੀਤਾ ਗਿਆ।
ਇਸ ਮੌਕੇ ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਦੇਵ ਸਿੰਘ ਸੈਣੀ, ਦਵਿੰਦਰ ਸਿੰਘ ਪੂਨੀਆ, ਹਰਦੀਪ ਟੋਡਰਪੁਰ, ਪ੍ਰਵੀਨ ਸ਼ਰਮਾ, ਸੀਸ਼ਨ ਕੁਮਾਰ, ਭਗਤ ਸਿੰਘ, ਕ੍ਰਿਸ਼ਨ ਦੇਵ, ਰਾਮ ਚੰਦ, ਗੁਰਜੀਤ ਘੱਗਾ ਅਤੇ ਪਿੰਕੀ ਰਾਣੀ ਨੇ ਆਖਿਆ ਕਿ ਮਾਣ ਭੱਤਾ ਵਰਕਰਾਂ (ਆਸ਼ਾ/ਮਿਡ-ਡੇ-ਮੀਲ/ਪਾਰਟ ਟਾਈਮ/ਸਫਾਈ ਅਤੇ ਆਂਗਨਵਾੜੀ) ਆਦਿ ‘ਤੇ ਘੱਟੋ-ਘੱਟ ਉਜਰਤਾਂ ਲਾਗੂ ਕਰਵਾਉਣ, ਵੱਖ-ਵੱਖ ਵਿਭਾਗਾਂ ਅਤੇ ਸੁਸਾਇਟੀਆਂ ਵਿੱਚ ਕੰਮ ਕਰਦੇ ਹਜ਼ਾਰਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ, ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਜਾਰੀ ਕਰਵਾਉਣ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ, ਪਰਖ ਕਾਲ ਦੇ ਸਮੇਂ ਦੌਰਾਨ ਪੂਰੀ ਤਨਖਾਹ ਦਿੱਤੇ ਜਾਣ, ਸਹਿਕਾਰੀ ਅਦਾਰਿਆਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਕਰਮਚਾਰੀਆਂ ਨੂੰ ਸਰਕਾਰੀ ਵਿਭਾਗਾਂ ਦੇ ਪੈਟਰਨ ‘ਤੇ ਸਹੂਲਤਾਂ ਦਿੱਤੇ ਜਾਣ, ਸਮੇਂ-ਸਮੇਂ ‘ਤੇ ਸੰਘਰਸ਼ ਕਰਦੇ ਮੁਲਾਜ਼ਮਾਂ ਉੱਪਰ ਪੰਜਾਬ ਸਰਕਾਰ ਵੱਲੋਂ ਦਰਜ ਕੀਤੇ ਝੂਠੇ ਪੁਲਿਸ ਕੇਸ ਅਤੇ ਹੋਰ ਵਿਕਟੇਮਾਈਜ਼ੇਸ਼ਨਾਂ ਰੱਦ ਕਰਵਾਉਣ ਸਮੇਤ ਹੋਰ ਮੁਲਾਜ਼ਮ ਮੰਗਾਂ ਦੀ ਪੂਰਤੀ ਲਈ ਪੰਜਾਬ ਦੇ ਮੁਲਾਜ਼ਮ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਵੱਲੋਂ ਉਹਨਾਂ ਦੀ ਮੰਗਾਂ ਮੰਨਣ ਤੋਂ ਲਗਾਤਾਰ ਟਾਲਾ ਵੱਟਿਆ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਮੁਲਾਜ਼ਮ ਸੰਘਰਸ਼ ਕਰਨ ਲਈ ਮਜਬੂਰ ਹਨ। ਉਹਨਾਂ ਨੇ ਆਖਿਆ ਕਿ ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਮੁਲਾਜ਼ਮਾਂ ‘ਤੇ ਵੱਖ-ਵੱਖ ਤਰ੍ਹਾਂ ਦੀਆਂ ਕਟੌਤੀਆਂ ਕਰਕੇ ਅਤੇ ਨਿੱਜੀਕਰਨ ਦੀਆਂ ਨੀਤੀਆਂ ਨੂੰ ਲਾਗੂ ਕਰਕੇ ਆਪਣਾ ਮੁਲਾਜ਼ਮ ਵਿਰੋਧੀ ਕਿਰਦਾਰ ਸਪੱਸ਼ਟ ਕਰ ਚੁੱਕੀ ਹੈ। ਆਗੂਆਂ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਥੇਬੰਦੀਆਂ ਨੂੰ ਵਾਰ-ਵਾਰ ਮੀਟਿੰਗ ਦਾ ਸਮਾਂ ਦੇ ਕੇ ਮੁੱਕਰ ਰਹੇ ਹਨ, ਜਿਸ ਕਾਰਨ ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਦਾ 250 ਸਾਥੀਆਂ ਦਾ ਵਫ਼ਦ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਪਟਿਆਲਾ ਵਿਖੇ ਜਾ ਕੇ ਮੁਲਾਜ਼ਮ ਮੰਗਾਂ ਸਬੰਧੀ ਮੈਮੋਰੰਡਮ ਦੇ ਕੇ ਆਵੇਗਾ ਅਤੇ ਜੇਕਰ ਫਿਰ ਵੀ ਕੋਈ ਸੁਣਵਾਈ ਨਾ ਹੋਈ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਤਿੱਖਾ ਰੂਪ ਦਿੱਤਾ ਜਾਵੇਗਾ। ਇਸ ਮੌਕੇ ਵਿਕਰਮਦੇਵ ਸਿੰਘ, ਅਤਿੰਦਰ ਘੱਗਾ, ਰਾਜਵੀਰ ਸਿੰਘ, ਮੱਖਣ ਸਿੰਘ, ਭੁਪਿੰਦਰ ਕੌਰ, ਕਰਮਜੀਤ ਕੌਰ ਬੁਜਰਕ ਆਦਿ ਨੇ ਵੀ ਸੰਬੋਧਨ ਕੀਤਾ।

