ਦੇਸ਼-ਵਿਦੇਸ਼ਪੰਜਾਬ

ਖੇਤੀ ਆਰਡੀਨੈਂਸਾਂ ਖ਼ਿਲਾਫ਼ ਬਾਜਵਾ ਅਤੇ ਦੂਲੋਂ ਵੱਲੋਂ ਸੰਸਦ ਦੇ ਬਾਹਰ ਰੋਸ ਪ੍ਰਦਰਸ਼ਨ

ਨਵੀਂ ਦਿੱਲੀ 14 ਸਤੰਬਰ (ਅਸ਼ੋਕ ਵਾਸ਼ਿਸ਼ਠ/ਮਧੂਸਾਰ ਬਿਊਰੋ) ਰਾਜ ਸਭਾ ਵਿਚ ਪੰਜਾਬ ਰਾਜ ਦੀ ਨੁਮਾਇੰਦਗੀ ਕਰ ਰਹੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਅੱਜ ਯਾਨੀ ਕਿ ਸੋਮਵਾਰ ਦੁਪਹਿਰ ਨੂੰ 2 ਵਜੇ ਸੰਸਦ ਕੰਪਲੈਕਸ ਦੇ ਸਾਹਮਣੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਹੱਥਾਂ ‘ਚ ਬੈਨਰ ਫੜੇ ਹੋਏ ਹਨ, ਜਿਨ੍ਹਾਂ ‘ਤੇ ‘ਭਾਰਤ ਦੇ ਕਿਸਾਨਾਂ ਨੂੰ ਬਚਾਓ, ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਰੱਦ ਕਰੋ’ ਲਿਖਿਆ ਹੋਇਆ ਸੀ। ਦੋਵੇਂ ਸੰਸਦ ਮੈਂਬਰ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੇ ਸਮਰਥਨ ‘ਚ ਖੜ੍ਹੇ ਹੋਏ। ਜੋ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਆਰਡੀਨੈਂਸਾਂ ਦਾ ਵਿਰੋਧ ਕਰ ਰਹੀਆਂ ਹਨ, ਜਿਨ੍ਹਾਂ ਰਾਹੀ ਖੇਤੀਬਾੜੀ ਉਤਪਾਦਾਂ ਲਈ ਖੁੱਲ੍ਹੀਆਂ ਮੰਡੀਆਂ ਕਾਇਮ ਕੀਤੀਆਂ ਜਾ ਰਹੀਆਂ ਹਨ।

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਦਾ ਇਰਾਦਾ ਕਿਸਾਨਾਂ ਦੇ ਅਧਿਕਾਰਾਂ ਨੂੰ ਮਜ਼ਬੂਤ ਕਰਨਾ ਨਹੀਂ, ਸਗੋਂ ਅਸਿੱਧੇ ਢੰਗ ਨਾਲ ਘੱਟੋ-ਘੱਟ ਸਮਰਥਨ ਮੁੱਲ ਸਿਸਟਮ ਨੂੰ ਖਤਮ ਕਰਨਾ ਹੈ। ਸੰਸਦ ਮੈਂਬਰਾਂ ਨੇ ਅੱਗੇ ਕਿਹਾ ਕਿ ਇਹ ਆਰਡੀਨੈਂਸ ਸ਼ਾਂਤਾ ਕੁਮਾਰ ਕਮੇਟੀ ਵਲੋਂ ਸੁਝਾਏ ਗਏ ਸੁਧਾਰਾਂ ਨੂੰ ਲਾਗੂ ਕਰਨ ਦੀ ਕੋਸ਼ਿਸ਼ ਹੈ, ਜਿਨ੍ਹਾਂ ਨੂੰ ਸਾਲ 2015 ਵਿਚ ਭਾਰਤ ਭਰ ਦੇ ਕਿਸਾਨਾਂ ਨੇ ਰੱਦ ਕਰ ਦਿੱਤਾ ਸੀ।
ਸ਼ਾਂਤਾ ਕੁਮਾਰ ਕਮੇਟੀ ਨੇ ਸੁਝਾਅ ਦਿੱਤਾ ਸੀ ਕਿ ਕੇਂਦਰ ਸਰਕਾਰ ਝੋਨੇ ਅਤੇ ਕਣਕ ਦੀਆਂ ਫ਼ਸਲਾਂ ਦੀ ਖਰੀਦ ਨੂੰ ਖਤਮ ਕਰੇ ਅਤੇ ਖਰੀਦ ਪ੍ਰਕਿਰਿਆ ਨੂੰ ਸੂਬਿਆਂ ਦੇ ਹਵਾਲੇ ਕਰੇ। ਇਸ ਤੋਂ ਇਲਾਵਾ ਕਮੇਟੀ ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਧੀਨ ਲਾਭਪਾਤਰਾਂ ਦੀ ਗਿਣਤੀ ਘਟਾਉਣ ਦਾ ਸੁਝਾਅ ਵੀ ਦਿੱਤਾ ਸੀ। ਦੋਵਾਂ ਸੰਸਦ ਮੈਂਬਰਾਂ ਨੇ ਸਪੱਸ਼ਟ ਕੀਤਾ ਕਿ ਅਜਿਹੀਆਂ ਹਰਕਤਾਂ ਵਿਸ਼ੇਸ਼ ਤੌਰ ‘ਤੇ ਪੰਜਾਬ ਸੂਬੇ ਵਿਚ ਮਨਜ਼ੂਰ ਨਹੀਂ ਕੀਤੀਆਂ ਜਾਣਗੀਆਂ। ਬਾਜਵਾ ਨੇ ਅੱਗੇ ਕਿਹਾ ਕਿ ਖੇਤੀਬਾੜੀ ਸੈਕਟਰ ਹੀ ਅਜਿਹਾ ਸੈਕਟਰ ਸੀ, ਜੋ ਤਾਲਾਬੰਦੀ ਦੌਰਾਨ ਵਧਿਆ ਜਦੋਂ ਕਿ ਦੇਸ਼ ਦਾ ਹਰ ਦੂਜਾ ਸੈਕਟਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਸਾਡੇ ਕਿਸਾਨਾਂ ਦਾ ਧੰਨਵਾਦ ਕਰਨ ਦੀ ਬਜਾਏ ਸਰਕਾਰ ਉਨ੍ਹਾਂ ਤੋਂ ਪੱਲਾ ਝਾੜ ਰਹੀ ਹੈ।

Leave a Reply

Your email address will not be published. Required fields are marked *