ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਦੇ ਕੌਮੀ ਮਾਰਗ ‘ਤੇ ਕਿਸਾਨਾਂ ਨੇ ਕੀਤਾ ਚੱਕਾ ਜਾਮ
ਪਟਿਆਲਾ 15 ਸਤੰਬਰ (ਮਧੂਸਾਰ ਬਿਊਰੋ) 11 ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਆਰਡੀਨੈਂਸ ਖ਼ਿਲਾਫ਼ ਦਿੱਤੇ ਸੱਦੇ ‘ਤੇ ਅੱਜ ਇੱਥੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਕਿਸਾਨਾਂ ਅਤੇ ਆੜ੍ਹਤੀਆਂ ਨੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਦੋ ਘੰਟੇ ਚੱਕਾ ਜਾਮ ਕੀਤਾ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫ਼ਤਿਹਗੜ੍ਹ ਭਾਦਸੋਂ, ਜਨਰਲ ਸਕੱਤਰ ਰਣ ਸਿੰਘ ਚੱਠਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਅਵਤਾਰ ਸਿੰਘ ਗੁਰਬਖਸ਼ਪੁਰਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਸੂਬਾ ਸਕੱਤਰ ਮਲਕੀਤ ਸਿੰਘ ਲਖਮੀਰਵਾਲਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਬਨਭੌਰਾ ਅਤੇ ਇੰਡੀਅਨ ਫਾਰਮਰ ਐਸ਼ੋਸੀਏਸ਼ਨ ਦੇ ਸੂਬਾ ਜਨਰਲ ਹਰਦੇਵ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨ ਆਰਡੀਨੈਂਸਾਂ ਕਾਰਨ ਪੰਜਾਬ ਦੀ ਕਿਸਾਨੀ, ਜਵਾਨੀ, ਆੜਤੀਏ ਅਤੇ ਸਮੁੱਚੀ ਆਰਥਿਕਤਾ ਤਬਾਹ ਹੋ ਜਾਵੇਗੀ । ਇਸ ਮੌਕੇ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂ ਗੁਰਤੇਜ ਸਿੰਘ ਝਨੇੜੀ, ਪੱਲੇਦਾਰ ਯੂਨੀਅਨ ਦੇ ਰਾਮ ਸਿੰਘ ਮੱਟਰਾਂ ,ਆਪ ਦੇ ਦਿਨੇਸ਼ ਬਾਸ਼ਲ, ਆੜ੍ਹਤੀਆ ਐਸੋਸੀਏਸ਼ਨ ਦੇ ਸੂਬਾ ਸਕੱਤਰ ਸੁਨੀਲ ਕੁਮਾਰ ਦਿੜਬਾ, ਰਾਜ ਸਿੰਘ ਖਾਲਸਾ ਸਮੇਤ ਕਈ ਆਗੂਆਂ ਨੇ ਧਰਨੇ ਵਿੱਚ ਸ਼ਮੂਲੀਅਤ ਕੀਤੀ।

