ਕਿਸਾਨ ਮੋਟਰ ਸਾਈਕਲ ਰੈਲੀ ਤੋਂ ਬਾਅਦ ਟਰੇਨਾਂ ਰੋਕਣਗੇ
ਪਟਿਆਲਾ, 22 ਸਤੰਬਰ (ਰਮਨਦੀਪ/ਮਧੂਸਾਰ ਬਿਊਰੋ) ਕਿਸਾਨ ਵਿਰੋਧੀ ਆਰਡੀਨੈਂਸਾਂ ਤੇ ਪੰਜਾਬ ਸਰਕਾਰ ਵੱਲੋਂ ਕਿਸਾਨੀ ਮੰਗਾਂ ਨੂੰ ਅਣਗੌਲੇ ਕੀਤੇ ਜਾਣ ਕਾਰਨ ਮੁੱਖ ਮੰਤਰੀ ਦੇ ਸ਼ਹਿਰ ’ਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਬੈਠੇ ਹਜ਼ਾਰਾਂ ਕਿਸਾਨਾਂ ਨੇ ਰੇਲ ਪਟੜੀਆਂ ’ਤੇ ਪੱਕੇ ਤੌਰ ’ਤੇ ਟੈਂਟ ਲਗਾ ਕੇ ਬੈਠਣ ਦਾ ਐਲਾਨ ਕੀਤਾ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਉਹ ਅੱਜ ਤੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਦਾ ਐਲਾਨ ਵੀ ਕੀਤਾ ਹੈ। ਉਧਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਸਮੇਤ ਹੋਰ ਕਈ ਧਿਰਾਂ ਨੇ 25 ਸਤੰਬਰ ਨੂੰ ਸੜਕੀ ਆਵਾਜਾਈ ਸਮੇਤ ਹਰ ਕਾਰਜ ਵੀ ਬੰਦ ਕਰਨ ਦਾ ਐਲਾਨ ਕੀਤਾ ਹੋਇਆ ਹੈ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਦਰਸ਼ਨ ਪਾਲ, ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਨੇ ਕਿਹਾ ਕਿ ਕੇਂਦਰ ਦੇ ਇਸ ਅੜੀਅਲ ਵਤੀਰੇ ਦੇ ਖਿਲਾਫ 10 ਕਿਸਾਨ ਜਥੇਬੰਦੀਆਂ ਦੇ ਸੱਦੇ ਨੂੰ ਲਾਗੂ ਕਰਦਿਆਂ ਥਾਂ-ਥਾਂ, ਪਿੰਡ-ਪਿੰਡ 24 ਸਤੰਬਰ ਤੱਕ ਮੋਦੀ ਸਰਕਾਰ ਦੀਆਂ ਅਰਥੀਆਂ ਸਾੜਦੇ ਹੋਏ 25 ਸਤੰਬਰ ਨੂੰ ਪੂਰੇ ਪੰਜਾਬ ਵਿੱਚ ਮੁਕੰਮਲ ਬੰਦ ਰੱਖਿਆ ਜਾਵੇਗਾ। ਆਗੂਆਂ ਦਾ ਕਹਿਣਾ ਹੈ ਕਿ 25 ਸਤੰਬਰ ਨੂੰ ਸਾਰਾ ਦਿਨ ਪੰਜਾਬ ਵਿੱਚ ਸੜਕੀ ਤੇ ਰੇਲ ਆਵਾਜਾਈ ਠੱਪ ਰਹੇਗੀ, ਸਾਰੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਮੁਕੰਮਲ ਬੰਦ ਲਾਗੂ ਕਰਦੇ ਹੋਏ ਸੇਵਾਵਾਂ, ਵਪਾਰ, ਦਫ਼ਤਰ, ਦੁਕਾਨਾਂ ਅਤੇ ਹਰ ਕਿਸਮ ਦਾ ਕਾਰੋਬਾਰ ਬੰਦ ਰਹਿਣਗੇ। ਜਦਕਿ ਪੱਕਾ ਮੋਰਚਾ ਲਗਾਈ ਬੈਠੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿਚ ਲੱਗੇ ਇਸ ਮੋਰਚੇ ਵਿਚ ਕਿਸਾਨਾਂ ਨੇ ਅੱਜ ਵੀ ਕੇਂਦਰ ਤੇ ਸੂਬਾ ਸਰਕਾਰ ਨੂੰ ਜੰਮ ਕੇ ਕੋਸਿਆ। ਨੇਤਾਵਾਂ ਨੇ ਕਿਹਾ ਕਿ ਮੋਦੀ ਤਾਂ ਕਿਸਾਨਾਂ ਨੂੰ ਖਤਮ ਕਰਨਾ ਚਾਹੁੰਦਾ ਹੈ ਪਰ ਸੂਬੇ ਦੀ ਕਾਂਗਰਸ ਸਰਕਾਰ ਨੇ ਵੀ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਯੂਨੀਅਨ ਦੇ ਸੂਬਾ ਕਾਰਜਕਾਰੀ ਪ੍ਰਧਾਨ ਜਸਵਿੰਦਰ ਸਿੰਘ ਸੋਮਾ ਲੌਂਗੋਵਾਲ, ਜ਼ਿਲ੍ਹਾ ਆਗੂ ਮਨਜੀਤ ਸਿੰਘ ਨਿਆਲ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਦੀ ਧੱਕੇਸ਼ਾਹੀ ਨੇ ਕਿਸਾਨਾਂ ਨੂੰ ਪਰਿਵਾਰਾਂ ਸਮੇਤ ਸੜਕਾਂ ’ਤੇ ਲਿਆ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਸਾਰੇ ਦੇਸ਼ ਦਾ ਢਿੱਡ ਭਰਦੇ ਹਨ ਪਰ ਇਹ ਸਰਕਾਰਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਭੁੱਖਾ ਮਾਰਨ ਲਈ ਤਿਆਰੀ ਕਰ ਰਹੀਆਂ ਹਨ। ਨੇਤਾਵਾਂ ਨੇ ਕਿਹਾ ਕਿ ਅੱਜ ਪੰਜਾਬ ਵਿਚ ਕਰਜ਼ੇ ਹੇਠਾਂ ਦੱਬਿਆ ਕਿਸਾਨ ਸਭ ਤੋਂ ਵੱਧ ਖੁਦਕੁਸ਼ੀਆਂ ਕਰ ਰਿਹਾ ਹੈ ਤੇ ਇਸ ਲਈ ਸੂਬਾ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ। ਕਿਸਾਨ ਨੇਤਾਵਾਂ ਨੇ ਕਿਹਾ ਕਿ ਕਿਸਾਨੀ ਦੇ ਖਿਲਾਫ ਆਰਡੀਨੈਂਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਬਿਜਲੀ ਐਕਟ-2020 ਪਾਸ ਕਰਕੇ ਕਿਰਤੀ ਲੋਕਾਂ ਦੀ ਲੁੱਟ ਕੀਤੀ ਜਾਣੀ ਹੈ।

